ਤਾਜਾ ਖਬਰਾਂ
ਜਥੇਦਾਰ ਗੜਗੱਜ ਨੇ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਵੱਖ-ਵੱਖ ਸਮਿਆਂ ਦੌਰਾਨ ਹਕੂਮਤਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੇ ਕਈ ਯਤਨ ਕੀਤੇ, ਪਰ ਗੁਰੂ ਸਾਹਿਬ ਦੀ ਬਖ਼ਸ਼ੀ ਕਲਾ ਅਤੇ ਪੰਥ ਦੀ ਅਡੋਲ ਨਿਸ਼ਠਾ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਹਮੇਸ਼ਾ ਕੌਮ ਦੀ ਅਗਵਾਈ ਕਰਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅੱਜ ਸਿੱਖ ਸੰਸਾਰ ਦੇ ਵੱਖ-ਵੱਖ ਦੇਸ਼ਾਂ ਵਿੱਚ ਵੱਸਦੇ ਹਨ, ਪਰ ਹਰ ਸਿੱਖ ਦਾ ਆਤਮਿਕ ਅਤੇ ਪੰਥਕ ਕੇਂਦਰ ਸ੍ਰੀ ਅਕਾਲ ਤਖ਼ਤ ਸਾਹਿਬ ਹੀ ਹੈ। ਇਸ ਲਈ ਹਰ ਸਿੱਖ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਜਿੱਥੇ ਵੀ ਰਹਿੰਦਾ ਹੋਵੇ, ਆਪਣੇ ਕੇਂਦਰ ਨਾਲ ਜੁੜਿਆ ਰਹੇ ਅਤੇ ਕੌਮੀ ਏਕਤਾ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਯੋਗਦਾਨ ਪਾਏ।
ਉਨ੍ਹਾਂ ਮੀਰੀ-ਪੀਰੀ ਖਾਲਸਾ ਮਾਰਚ ਦੇ ਮਕਸਦ ਬਾਰੇ ਦੱਸਦਿਆਂ ਕਿਹਾ ਕਿ ਇਸ ਯਾਤਰਾ ਦਾ ਉਦੇਸ਼ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਪੰਥ ਨਾਲ ਜੋੜਨਾ, ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ, ਮੀਰੀ-ਪੀਰੀ ਦੇ ਸਿਧਾਂਤਾਂ ਅਤੇ ਗੁਰਮਤਿ ਜੀਵਨ ਨਾਲ ਜਾਣੂ ਕਰਵਾਉਣਾ ਹੈ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਕੁਝ ਲੋਕ ਸੰਗਤਾਂ ਨੂੰ ਮਾਰਚ ਵਿੱਚ ਸ਼ਾਮਲ ਹੋਣ ਤੋਂ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ, ਨਗਰ ਕੀਰਤਨ ਜਾਂ ਕਿਸੇ ਵੀ ਧਾਰਮਿਕ ਸਮਾਗਮ ਵਿੱਚ ਜਾਣ ਤੋਂ ਕਿਸੇ ਨੂੰ ਰੋਕਣਾ ਨਾ ਸਿਰਫ਼ ਗੁਰੂ ਘਰ ਦੀ ਪਰੰਪਰਾ ਦੇ ਖ਼ਿਲਾਫ਼ ਹੈ, ਸਗੋਂ ਮਨੁੱਖੀ ਅਧਿਕਾਰਾਂ ਦੀ ਭਾਵਨਾ ਦੇ ਵੀ ਉਲਟ ਹੈ। ਉਨ੍ਹਾਂ ਅਜਿਹੀਆਂ ਹਰਕਤਾਂ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪੰਥ ਅਜਿਹੀ ਸੋਚ ਨੂੰ ਕਦੇ ਵੀ ਸਵੀਕਾਰ ਨਹੀਂ ਕਰ ਸਕਦਾ।
ਜਥੇਦਾਰ ਸਾਹਿਬ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਆਪਸੀ ਭਾਈਚਾਰਾ, ਏਕਤਾ ਅਤੇ ਪੰਥਕ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ ਯਤਨ ਕਰਨ। ਉਨ੍ਹਾਂ ਕਿਹਾ ਕਿ ਇਹੀ ਮੀਰੀ-ਪੀਰੀ ਦੀ ਅਸਲ ਭਾਵਨਾ ਹੈ ਅਤੇ ਖਾਲਸਾ ਮਾਰਚ ਦਾ ਕੇਂਦਰੀ ਸੰਦੇਸ਼ ਵੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਦਾ ਮੁੱਖ ਮਕਸਦ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਬਰਾਬਰੀ, ਨਿਆਂ, ਸੇਵਾ, ਨਸ਼ਾ-ਮੁਕਤੀ ਅਤੇ ਗੁਰਮਤਿ ਅਨੁਸਾਰ ਜੀਵਨ ਜਿਊਣ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਭਾਈ ਗੁਰਦਾਸ ਜੀ ਅਤੇ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸਿੱਖ ਇਤਿਹਾਸ ਵਿੱਚ ਪਾਏ ਅਮੁੱਲੇ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਯਾਦ ਵਿੱਚ ਵਿਸ਼ੇਸ਼ ਪ੍ਰੇਰਣਾ ਕੇਂਦਰ ਸਥਾਪਿਤ ਕਰਨ ਦੀ ਵਚਨਬੱਧਤਾ ਵੀ ਦੁਹਰਾਈ।
ਮਾਰਚ ਦੀ ਰਵਾਨਗੀ ਤੋਂ ਪਹਿਲਾਂ ਗੁਰਮਤਿ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ ਗਿਆ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਚੌਰ ਸਾਹਿਬ ਦੀ ਸੇਵਾ ਨਿਭਾਈ। ਮਾਰਚ ਦੇ ਵੱਖ-ਵੱਖ ਪੜਾਵਾਂ ਦੌਰਾਨ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ, ਸਿਰੋਪਾਓ ਅਤੇ ਰੁਮਾਲਾ ਸਾਹਿਬ ਭੇਟ ਕਰਕੇ ਸਤਿਕਾਰ ਪ੍ਰਗਟਾਇਆ। ਮਾਰਚ ਨਾਲ ਚੱਲ ਰਹੀ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਸ਼ਸਤਰਾਂ ਵਾਲੀ ਵਿਸ਼ੇਸ਼ ਬੱਸ ਅਤੇ ਸ਼ਹੀਦਾਂ ਦੇ ਸਚਿੱਤਰ ਵੀ ਸੰਗਤਾਂ ਲਈ ਖਾਸ ਆਕਰਸ਼ਣ ਦਾ ਕੇਂਦਰ ਰਹੇ।
Get all latest content delivered to your email a few times a month.