ਤਾਜਾ ਖਬਰਾਂ
ਅੰਤਰਰਾਸ਼ਟਰੀ ਪੱਧਰ 'ਤੇ ਫਰਾਰ ਚੱਲ ਰਹੇ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਜੋਬਨ ਬਿੱਲਾ ਨੂੰ ਐਤਵਾਰ ਨੂੰ ਇੰਡੋਨੇਸ਼ੀਆ ਤੋਂ ਭਾਰਤ ਡਿਪੋਰਟ ਕਰ ਦਿੱਤਾ ਗਿਆ। ਮੁਲਜ਼ਮ ਨੂੰ ਜਕਾਰਤਾ ਤੋਂ ਹਵਾਈ ਰਾਹੀਂ ਮੋਹਾਲੀ ਸਥਿਤ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਲਿਆਂਦਾ ਗਿਆ, ਜਿੱਥੇ ਪਹਿਲਾਂ ਤੋਂ ਤਾਇਨਾਤ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਅਤੇ ਅੰਮ੍ਰਿਤਸਰ ਪੁਲਿਸ ਦੀਆਂ ਟੀਮਾਂ ਨੇ ਕਾਨੂੰਨੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਉਸ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ। ਇਸ ਤੋਂ ਬਾਅਦ ਸਖ਼ਤ ਸੁਰੱਖਿਆ ਹੇਠ ਉਸ ਨੂੰ ਅੰਮ੍ਰਿਤਸਰ ਲਿਜਾਇਆ ਗਿਆ, ਜਿੱਥੇ ਉਸ ਤੋਂ ਵੱਖ-ਵੱਖ ਅਪਰਾਧਿਕ ਮਾਮਲਿਆਂ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ, ਐਤਵਾਰ ਸ਼ਾਮ ਕਰੀਬ 5:15 ਵਜੇ ਪੁਲਿਸ ਸੁਪਰਡੈਂਟ ਵਿਕਰਮ ਬਰਾੜ ਦੀ ਅਗਵਾਈ ਹੇਠ AGTF ਦੀ ਟੀਮ ਗੈਂਗਸਟਰ ਨੂੰ ਲੈ ਕੇ ਮੋਹਾਲੀ ਹਵਾਈ ਅੱਡੇ 'ਤੇ ਪਹੁੰਚੀ। ਉਸ ਸਮੇਂ ਹਵਾਈ ਅੱਡੇ ਦੇ ਆਲੇ-ਦੁਆਲੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ ਅਤੇ ਪੂਰੇ ਇਲਾਕੇ ਨੂੰ ਸੁਰੱਖਿਆ ਘੇਰੇ ਵਿੱਚ ਲਿਆ ਗਿਆ। ਜਿਵੇਂ ਹੀ ਜੋਬਨ ਬਿੱਲਾ ਟਰਮੀਨਲ ਤੋਂ ਬਾਹਰ ਨਿਕਲਿਆ, ਅੰਮ੍ਰਿਤਸਰ ਪੁਲਿਸ ਨੇ ਉਸ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ। ਸੁਰੱਖਿਆ ਕਾਰਨਾਂ ਕਰਕੇ ਪੁਲਿਸ ਨੇ ਉਸ ਦੇ ਚਿਹਰੇ ਨੂੰ ਕਾਲੇ ਕੱਪੜੇ ਨਾਲ ਢੱਕ ਦਿੱਤਾ ਅਤੇ ਭਾਰੀ ਸੁਰੱਖਿਆ ਪ੍ਰਬੰਧਾਂ ਵਿਚਕਾਰ ਉਸ ਨੂੰ ਅੰਮ੍ਰਿਤਸਰ ਲਈ ਰਵਾਨਾ ਕਰ ਦਿੱਤਾ।
ਪੰਜਾਬ ਪੁਲਿਸ ਮੁਤਾਬਕ ਜੋਬਨਜੀਤ ਸਿੰਘ ਉਰਫ਼ ਜੋਬਨ ਬਿੱਲਾ ਲੰਬੇ ਸਮੇਂ ਤੋਂ ਵਿਦੇਸ਼ ਵਿੱਚ ਲੁਕ ਕੇ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ। ਉਸ ਖ਼ਿਲਾਫ਼ ਪੰਜਾਬ ਵਿੱਚ ਕਤਲ, ਕਤਲ ਦੀ ਕੋਸ਼ਿਸ਼, ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਸਮੇਤ ਕਈ ਗੰਭੀਰ ਮਾਮਲੇ ਦਰਜ ਹਨ। ਪੁਲਿਸ ਰਿਕਾਰਡ ਅਨੁਸਾਰ ਉਸ 'ਤੇ ਚਾਰ ਕਤਲ ਦੇ ਮਾਮਲੇ ਦਰਜ ਹਨ ਅਤੇ ਉਸ ਦੇ ਅੰਤਰਰਾਸ਼ਟਰੀ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਣ ਦੀ ਵੀ ਜਾਂਚ ਚੱਲ ਰਹੀ ਹੈ।
ਪੁਲਿਸ ਨੇ ਦੱਸਿਆ ਕਿ ਜੋਬਨ ਬਿੱਲਾ ਨੂੰ ਭਾਰਤ ਵਾਪਸ ਲਿਆਉਣ ਦੀ ਕਾਰਵਾਈ 'ਆਪ੍ਰੇਸ਼ਨ ਨੋਮੈਡ ਹੰਟ' ਤਹਿਤ ਕੀਤੀ ਗਈ। ਲਗਭਗ ਛੇ ਮਹੀਨੇ ਤੱਕ ਚੱਲੇ ਇਸ ਆਪ੍ਰੇਸ਼ਨ ਦੌਰਾਨ AGTF, OFTEC ਪੰਜਾਬ ਅਤੇ ਕਈ ਕੇਂਦਰੀ ਏਜੰਸੀਆਂ ਨੇ ਤਕਨੀਕੀ ਨਿਗਰਾਨੀ, ਖੁਫੀਆ ਜਾਣਕਾਰੀ ਇਕੱਠੀ ਕਰਨ ਅਤੇ ਅੰਤਰਰਾਸ਼ਟਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਮੁਲਜ਼ਮ ਦੀ ਲੋਕੇਸ਼ਨ ਟ੍ਰੇਸ ਕੀਤੀ। ਇਸ ਤੋਂ ਬਾਅਦ ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਤੋਂ ਉਸ ਨੂੰ ਸਫਲਤਾਪੂਰਵਕ ਭਾਰਤ ਡਿਪੋਰਟ ਕਰਵਾਇਆ ਗਿਆ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੋਬਨ ਬਿੱਲਾ ਤੋਂ ਵਿਸਥਾਰ ਨਾਲ ਪੁੱਛਗਿੱਛ ਕੀਤੀ ਜਾਵੇਗੀ। ਜਾਂਚ ਦੌਰਾਨ ਉਸ ਦੇ ਵਿਦੇਸ਼ਾਂ ਵਿੱਚ ਸਰਗਰਮ ਸਾਥੀਆਂ, ਅੰਤਰਰਾਸ਼ਟਰੀ ਗੈਂਗ ਨੈੱਟਵਰਕ, ਪੰਜਾਬ ਵਿੱਚ ਚੱਲ ਰਹੀਆਂ ਅਪਰਾਧਿਕ ਗਤੀਵਿਧੀਆਂ ਅਤੇ ਵਿਦੇਸ਼ ਬੈਠ ਕੇ ਗੈਂਗ ਨੂੰ ਚਲਾਉਣ ਲਈ ਵਰਤੇ ਗਏ ਸਾਧਨਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾਵੇਗੀ। ਪੁਲਿਸ ਨੂੰ ਉਮੀਦ ਹੈ ਕਿ ਇਸ ਪੁੱਛਗਿੱਛ ਨਾਲ ਗੈਂਗਸਟਰ ਨੈੱਟਵਰਕ ਦੇ ਕਈ ਅਹਿਮ ਖੁਲਾਸੇ ਹੋ ਸਕਦੇ ਹਨ।
Get all latest content delivered to your email a few times a month.