ਤਾਜਾ ਖਬਰਾਂ
ਚੰਡੀਗੜ੍ਹ; 26 ਜੁਲਾਈ 2026:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਜਿਹੀ ਵਿਵਸਥਾ ਕਾਇਮ ਕੀਤੀ ਗਈ ਹੈ ਜਿੱਥੇ ਪੈਸੇ ਅਤੇ ਸਿਫ਼ਾਰਸ਼ਾਂ ਦੀ ਥਾਂ ਸਿਰਫ਼ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਰਿਕਾਰਡ 882 ਵਿਦਿਆਰਥੀਆਂ ਨੇ ਸਾਲ 2026 ਦੀ ਨੀਟ (ਨੈਸ਼ਨਲ ਐਲੀਜਿਬਿਲੀਟੀ-ਕਮ-ਐਂਟਰੈਂਸ ਟੈਸਟ) ਪ੍ਰੀਖਿਆ ਪਾਸ ਕੀਤੀ ਹੈ ਅਤੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਸਿਰਫ਼ ਯੋਗਤਾ ਦੇ ਆਧਾਰ 'ਤੇ 68,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜੋ ਕਿ ਸੂਬਾ ਸਰਕਾਰ ਦੀ ਇਮਾਨਦਾਰੀ, ਪਾਰਦਰਸ਼ਤਾ ਅਤੇ ਬਰਾਬਰ ਮੌਕੇ ਪ੍ਰਦਾਨ ਕਰਨ ਪ੍ਰਤੀ ਦ੍ਰਿੜ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹਨ।
ਜ਼ੀਰਕਪੁਰ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਨੀਟ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਸਨਮਾਨਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਪ੍ਰਾਪਤੀ ਸੂਬਾ ਸਰਕਾਰ ਵੱਲੋਂ ਮਿਆਰੀ ਸਿੱਖਿਆ, ਮੁਫ਼ਤ ਕੋਚਿੰਗ, ਮੈਂਟੋਰਸ਼ਿਪ ਅਤੇ ਕਰੀਅਰ ਕੌਂਸਲਿੰਗ ਨੂੰ ਦਿੱਤੀ ਜਾ ਰਹੀ ਤਰਜੀਹ ਸਦਕਾ ਹੀ ਸੰਭਵ ਹੋਈ ਹੈ, ਜਿਸ ਨਾਲ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਦੇਸ਼ ਦੇ ਬਿਹਤਰ ਵਿਦਿਆਰਥੀਆਂ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਇਆ ਗਿਆ ਹੈ ਅਤੇ ਰੰਗਲਾ ਪੰਜਾਬ ਦੀ ਮਜ਼ਬੂਤ ਨੀਂਹ ਰੱਖੀ ਗਈ ਹੈ।
ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਟ-2026 ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਯਾਦਗਾਰ ਪਲ ਵਜੋਂ ਕਈ ਵਿਦਿਆਰਥੀਆਂ ਨੇ ਮੁੱਖ ਮੰਤਰੀ ਦਾ ਆਟੋਗ੍ਰਾਫ ਮੰਗਿਆ ਅਤੇ ਮੁੱਖ ਮੰਤਰੀ ਨੇ ਬੜੇ ਪਿਆਰ ਨਾਲ ਵਿਦਿਆਰਥੀਆਂ ਨੂੰ ਆਪਣਾ ਆਟੋਗ੍ਰਾਫ ਦਿੱਤਾ। ਵਿਦਿਆਰਥੀਆਂ ਨੇ ਬੜੇ ਪਿਆਰ ਨਾਲ ਧੰਨਵਾਦ ਕਰਦਿਆਂ ਹੱਥ ਨਾਲ ਬਣਾਏ ਮੁੱਖ ਮੰਤਰੀ ਦੇ ਚਿੱਤਰ ਵੀ ਉਨ੍ਹਾਂ ਨੂੰ ਭੇਟ ਕੀਤੇ, ਜਿਸ ਨਾਲ ਇਹ ਪਲ ਹੋਰ ਵੀ ਖਾਸ ਬਣ ਗਿਆ।
ਸਨਮਾਨ ਸਮਾਰੋਹ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ’ ਅਕਾਊਂਟ 'ਤੇ ਕਿਹਾ: "ਪੰਜਾਬ ਦੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਜਦੋਂ ਬੱਚਿਆਂ ਨੂੰ ਬਿਹਤਰ ਮੌਕੇ ਤੇ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਦਿੱਤੀ ਜਾਂਦੀ ਹੈ ਤਾਂ ਕੋਈ ਵੀ ਸੁਪਨਾ ਉਨ੍ਹਾਂ ਦੀ ਪਹੁੰਚ ਤੋਂ ਦੂਰ ਨਹੀਂ ਰਹਿੰਦਾ। ਇਸ ਸਾਲ ਪਹਿਲੀ ਵਾਰ ਸਾਡੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਕੇ ਇਤਿਹਾਸ ਰਚਿਆ ਹੈ। ਨੀਟ ਪ੍ਰੀਖਿਆ ਵਿੱਚ ਆਲ ਇੰਡੀਆ ਰੈਂਕ-1 ਪ੍ਰਾਪਤ ਕਰਨ ਵਾਲਾ ਆਰੀਅਨ ਗੁਪਤਾ ਵੀ ਪੰਜਾਬ ਦਾ ਪੁੱਤਰ ਹੈ ਜਿਸ ਨਾਲ ਸੂਬਾ ਦਾ ਮਾਣ ਹੋ ਵੱਧ ਗਿਆ ਹੈ।"
ਉਨ੍ਹਾਂ ਅਖੀਰ ਵਿੱਚ ਕਿਹਾ, "ਇਹ ਸ਼ਾਨਦਾਰ ਪ੍ਰਾਪਤੀ ਸਾਡੇ ਵਿਦਿਆਰਥੀਆਂ ਦੀ ਤਨਦੇਹੀ, ਉਨ੍ਹਾਂ ਦੇ ਮਾਪਿਆਂ ਦੇ ਅਟੁੱਟ ਸਹਿਯੋਗ ਅਤੇ ਸਾਡੇ ਅਧਿਆਪਕਾਂ ਦੇ ਅਣਥੱਕ ਯਤਨਾਂ ਦਾ ਨਤੀਜਾ ਹੈ। ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰ ਬੱਚੇ ਨੂੰ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਲਈ ਲੋੜੀਂਦੇ ਮੌਕੇ, ਸਰੋਤ ਅਤੇ ਸਹਾਇਤਾ ਮਿਲੇ। ਸਿੱਖਿਆ ਵਿੱਚ ਇਹ ਤਬਦੀਲੀ ਰੰਗਲਾ ਪੰਜਾਬ ਦੀ ਅਸਲ ਨੀਂਹ ਹੈ।"
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਸਾਡੇ ਸਾਰਿਆਂ ਲਈ ਬੇਹੱਦ ਮਾਣ ਵਾਲੇ ਪਲ ਹਨ। ਮੈਂ ਇਸ ਸ਼ਾਨਦਾਰ ਪ੍ਰਾਪਤੀ ਲਈ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਹਰੇਕ ਵਿਦਿਆਰਥੀ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਾ ਹਾਂ। ਮੈਨੂੰ ਉਮੀਦ ਹੈ ਕਿ ਇਹ ਨੌਜਵਾਨ ਸਮਰਪਿਤ ਡਾਕਟਰ ਬਣਨਗੇ ਅਤੇ ਪੂਰੀ ਤਨਦੇਹੀ ਨਾਲ ਸਮਾਜ ਦੀ ਸੇਵਾ ਕਰਨਗੇ।”
ਮੁੱਖ ਮੰਤਰੀ ਨੇ ਕਿਹਾ, “ਸਾਲ 2022 ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਿਰਫ਼ 82 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ। ਇਸ ਸਾਲ ਇਹ ਗਿਣਤੀ 882 ਹੋ ਗਈ ਹੈ। ਇਹ ਪੰਜਾਬ ਲਈ ਇਤਿਹਾਸਕ ਪ੍ਰਾਪਤੀ ਹੈ ਜੋ ਸਾਡੀ ਸਿੱਖਿਆ ਪ੍ਰਣਾਲੀ ਵਿੱਚ ਕੀਤੇ ਗਏ ਕ੍ਰਾਂਤੀਕਾਰੀ ਬਦਲਾਅ ਨੂੰ ਦਰਸਾਉਂਦੀ ਹੈ।”
ਮੁੱਖ ਮੰਤਰੀ ਨੇ ਕਿਹਾ, “ਇਸ ਸਾਲ ਦੇਸ਼ ਭਰ ਤੋਂ ਲਗਭਗ 20 ਲੱਖ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਦਿੱਤੀ ਸੀ। ਸਾਡੇ ਵਿਦਿਆਰਥੀਆਂ ਨੇ ਦੇਸ਼ ਦੀਆਂ ਸਭ ਤੋਂ ਔਖੀਆਂ ਪ੍ਰੀਖਿਆਵਾਂ ਵਿੱਚੋਂ ਇੱਕ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਦਾ ਮਾਣ ਵਧਾਇਆ ਹੈ। ਸਫਲ ਵਿਦਿਆਰਥੀਆਂ ਦੀ ਗਿਣਤੀ ਹੋਰ ਵੀ ਵੱਧ ਹੋ ਸਕਦੀ ਸੀ, ਪਰ ਪ੍ਰੀਖਿਆ ਪੇਪਰ ਲੀਕ ਹੋਣ ਕਾਰਨ ਬਹੁਤ ਸਾਰੇ ਯੋਗ ਵਿਦਿਆਰਥੀਆਂ ਨੂੰ ਹਰਜਾਨਾ ਭੁਗਤਣਾ ਪਿਆ।”
ਉਨ੍ਹਾਂ ਕਿਹਾ, “ਇਹ ਦੁੱਖ ਦੀ ਗੱਲ ਹੈ ਕਿ ਪੇਪਰ ਲੀਕ ਹੋਣ ਕਾਰਨ ਬਹੁਤ ਸਾਰੇ ਵਿਦਿਆਰਥੀ ਹਤਾਸ਼ ਹੋ ਗਏ ਅਤੇ ਕੁਝ ਨੇ ਤਾਂ ਪ੍ਰੀਖਿਆ ਨਾ ਦੇਣ ਦਾ ਵੀ ਫੈਸਲਾ ਕੀਤਾ। ਬਦਕਿਸਮਤੀ ਨਾਲ ਇਹ ਪਹਿਲੀ ਅਜਿਹੀ ਘਟਨਾ ਨਹੀਂ ਹੈ। ਦੇਸ਼ ਵਿੱਚ 2017, 2024 ਅਤੇ ਹੁਣ ਫਿਰ 2026 ਵਿੱਚ ਪੇਪਰ ਲੀਕ ਦੀਆਂ ਘਟਨਾਵਾਂ ਦੇਖਣ ਨੂੰ ਮਿਲੀਆਂ। ਇਹ ਕੇਂਦਰ ਸਰਕਾਰ ਦੀ ਅਸਫਲਤਾ ਹੈ ਅਤੇ ਇਹ ਬੇਹੱਦ ਨਿੰਦਣਯੋਗ ਹੈ ਅਤੇ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।”
ਕੌਮੀ ਪੱਧਰ ਦੀ ਤੁਲਨਾ ਪੰਜਾਬ ਦੇ ਰਿਕਾਰਡ ਨਾਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਨੂੰ ਸੱਤਾ ਸੰਭਾਲੇ ਚਾਰ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ ਪੰਜਾਬ ਵਿੱਚ ਇੱਕ ਵੀ ਪ੍ਰੀਖਿਆ ਪੇਪਰ ਲੀਕ ਨਹੀਂ ਹੋਇਆ ਹੈ। ਹਾਲ ਹੀ ਵਿੱਚ, ਜਦੋਂ ਫਾਰਮੇਸੀ ਅਫਸਰ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਸਾਡੇ ਧਿਆਨ ਵਿੱਚ ਆਈ, ਤਾਂ ਅਸੀਂ ਤੁਰੰਤ ਕਾਰਵਾਈ ਕੀਤੀ।”
ਮੁੱਖ ਮੰਤਰੀ ਨੇ ਕਿਹਾ, “ਨਕਲ ਕਰਵਾਉਣ ਵਾਲੇ ਰੈਕੇਟ ਵਿੱਚ ਸ਼ਾਮਲ ਸਾਰੇ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ 21 ਵਿਅਕਤੀਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਮੈਂ ਪੰਜਾਬ ਦੇ ਹਰ ਨੌਜਵਾਨ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਇਹ ਸਰਕਾਰ ਕਦੇ ਵੀ ਪੇਪਰ ਲੀਕ ਜਾਂ ਨਕਲ ਦੀ ਇਕ ਵੀ ਘਟਨਾ ਨਾਲ ਉਨ੍ਹਾਂ ਦੇ ਭਵਿੱਖ ਨੂੰ ਕਦੇ ਵੀ ਦਾਅ 'ਤੇ ਨਹੀਂ ਲਾਉਣ ਦੇਵੇਗੀ।”
ਸੂਬੇ ਦੀ ਪਾਰਦਰਸ਼ੀ ਭਰਤੀ ਨੀਤੀ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਵਿੱਚ ਸਿਰਫ਼ ਯੋਗਤਾ ਦੇ ਅਧਾਰ 'ਤੇ ਹੀ ਸਰਕਾਰੀ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ। ਪੂਰੀ ਤਰ੍ਹਾਂ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਨੌਜਵਾਨਾਂ ਨੂੰ ਪਹਿਲਾਂ ਹੀ 68,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ ਅਤੇ ਇਸ ਵਿੱਚ ਕਿਸੇ ਸਿਫਾਰਸ਼, ਕਿਸੇ ਰਿਸ਼ਵਤ ਅਤੇ ਕਿਸੇ ਵੀ ਪੱਖਪਾਤ ਲਈ ਕੋਈ ਥਾਂ ਨਹੀਂ ਹੈ। ਸਰਕਾਰੀ ਨੌਕਰੀਆਂ ਸਿਰਫ਼ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਜਾਂਦੀਆਂ ਹਨ। ਕੁਝ ਉਮੀਦਵਾਰਾਂ ਨੇ ਆਪਣੀ ਯੋਗਤਾ ਨਾਲ ਕਈ ਵਾਰ ਸਰਕਾਰੀ ਨੌਕਰੀਆਂ ਪ੍ਰਾਪਤ ਕੀਤੀਆਂ ਹਨ ਅਤੇ ਬਹੁਤ ਸਾਰੇ ਪੰਜਾਬੀ ਨੌਜਵਾਨ ਹੁਣ ਵਿਦੇਸ਼ਾਂ ਤੋਂ ਪੰਜਾਬ ਵਿੱਚ ਕੰਮ ਕਰਨ ਲਈ ਵਾਪਸ ਆ ਰਹੇ ਹਨ।”
ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਵਿਦਿਆਰਥੀਆਂ ਨੂੰ ਸਖ਼ਤ ਮੁਕਾਬਲੇ ਲਈ ਤਿਆਰ ਕਰ ਰਹੀ ਹੈ। ਅੱਜ, ਵਿਦਿਆਰਥੀ ਵਧੇਰੇ ਚੁਣੌਤੀਪੂਰਨ ਪ੍ਰੀਖਿਆਵਾਂ ਦੀ ਮੰਗ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਆਪਣੀ ਯੋਗਤਾ 'ਤੇ ਭਰੋਸਾ ਹੈ। ਵਿਦਿਆਰਥੀ ਪਹਿਲਾਂ ਆਸਾਨ ਪੇਪਰ ਚਾਹੁੰਦੇ ਸਨ ਪਰ ਹੁਣ ਸਥਿਤੀ ਪੂਰੀ ਤਰ੍ਹਾਂ ਬਦਲ ਚੁੱਕੀ ਹੈ।”
ਮੁੱਖ ਮੰਤਰੀ ਨੇ ਕਿਹਾ, “ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ, ਅਸੀਂ ਅਧਿਆਪਕਾਂ ਨੂੰ ਆਧੁਨਿਕ ਸਿਖਲਾਈ ਲਈ ਫਿਨਲੈਂਡ ਅਤੇ ਆਈ.ਆਈ.ਐਮ. (ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ) ਵਰਗੀਆਂ ਪ੍ਰਮੁੱਖ ਸੰਸਥਾਵਾਂ ਵਿੱਚ ਭੇਜ ਰਹੇ ਹਾਂ ਤਾਂ ਜੋ ਉਹ ਆਪਣੇ ਹੁਨਰ ਨੂੰ ਹੋਰ ਨਿਖਾਰ ਸਕਣ ਅਤੇ ਸਾਡੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰ ਸਕਣ।”
ਉਨ੍ਹਾਂ ਅੱਗੇ ਕਿਹਾ,“ਇਨ੍ਹਾਂ ਯਤਨਾਂ ਦੇ ਸਪੱਸ਼ਟ ਨਤੀਜੇ ਸਾਹਮਣੇ ਆ ਰਹੇ ਹਨ ਕਿਉਂਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨੀਟ ਵਰਗੀਆਂ ਵੱਕਾਰੀ ਪ੍ਰੀਖਿਆਵਾਂ ਪਾਸ ਕਰ ਰਹੇ ਹਨ। ਸਫ਼ਲਤਾ ਹਾਸਲ ਕਰਕੇ ਕਿਸੇ ਵਿੱਚ ਹੰਕਾਰ ਨਹੀਂ ਆਉਣਾ ਚਾਹੀਦਾ। ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਨਜ਼ਰੀਆ ਬਹੁਤ ਜ਼ਰੂਰੀ ਹਨ, ਪਰ ਨਿਮਰਤਾ ਅਤੇ ਸਖ਼ਤ ਮਿਹਨਤ ਹੀ ਵੱਡੀ ਸਫ਼ਲਤਾ ਹਾਸਲ ਕਰਨ ਦੀਆਂ ਅਸਲ ਕੁੰਜੀਆਂ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਦੋਂ ਸਾਲ 2022 ਵਿੱਚ ਸਾਡੀ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਸਕੂਲੀ ਸਿੱਖਿਆ ਵਿੱਚ ਪੰਜਾਬ 27ਵੇਂ ਸਥਾਨ ’ਤੇ ਸੀ। ਅੱਜ ਪੰਜਾਬ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ। ਇਹ ਤਬਦੀਲੀ ਸਿੱਖਿਆ ਖੇਤਰ ਵਿੱਚ ਕੀਤੇ ਲਗਾਤਾਰ ਸੁਧਾਰਾਂ ਅਤੇ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਲਈ ਸਾਡੀ ਅਟੁੱਟ ਵਚਨਬੱਧਤਾ ਦਾ ਨਤੀਜਾ ਹੈ।”
ਉਨ੍ਹਾਂ ਕਿਹਾ, “ਇੱਕ ਸਮਾਂ ਅਜਿਹਾ ਵੀ ਸੀ ਜਦੋਂ ਸਰਕਾਰੀ ਸਕੂਲਾਂ ਨੂੰ ਸਿਰਫ਼ ਗਰੀਬ ਬੱਚਿਆਂ ਦੀ ਸੰਸਥਾ ਵਜੋਂ ਦੇਖਿਆ ਜਾਂਦਾ ਸੀ ਅਤੇ ਲੋਕ ਇਨ੍ਹਾਂ ਦਾ ਮਜ਼ਾਕ ਉਡਾਉਂਦੇ ਸਨ। ਅੱਜ 'ਸਕੂਲਜ਼ ਆਫ਼ ਐਮੀਨੈਂਸ' ਦੀ ਸਥਾਪਨਾ ਅਤੇ ਵੱਡੇ ਪੱਧਰ 'ਤੇ ਸੁਧਾਰ ਕਰਨ ਤੋਂ ਬਾਅਦ, ਪੰਜਾਬ ਕੇਰਲ ਨੂੰ ਪਛਾੜ ਕੇ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਇਹ ਹੀ ਅਸਲ ਲੋਕ ਸੇਵਾ ਹੈ ਅਤੇ ਅਸੀਂ ਇਸ ਨੇਕ ਕਾਰਜ ਲਈ ਅਣਥੱਕ ਮਿਹਨਤ ਕਰਦੇ ਰਹਾਂਗੇ।”
ਇੱਕ ਉਦਾਹਰਣ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਜਿਸ ਤਰ੍ਹਾਂ ਹਵਾਈ ਅੱਡੇ ਦਾ ਰਨਵੇਅ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੇ ਯੋਗ ਬਣਾਉਂਦਾ ਹੈ, ਉਸੇ ਤਰ੍ਹਾਂ ਪੰਜਾਬ ਸਰਕਾਰ ਉਹ ਨੀਂਹ ਤਿਆਰ ਕਰ ਰਹੀ ਹੈ ਜੋ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਅਤੇ ਇੱਛਾਵਾਂ ਨੂੰ ਸਾਕਾਰ ਕਰਨ ਦੇ ਯੋਗ ਬਣਾਉਂਦੀ ਹੈ। ਮੈਂ ਹਰ ਵਿਦਿਆਰਥੀ ਨੂੰ ਅਪੀਲ ਕਰਦਾ ਹਾਂ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਅਤੇ ਅਮਿੱਟ ਛਾਪ ਛੱਡਣ।”
ਮੁੱਖ ਮੰਤਰੀ ਨੇ ਕਿਹਾ, “ਸਫ਼ਲਤਾ ਹਾਸਲ ਕਰਨ ਤੋਂ ਬਾਅਦ ਵੀ ਹਮੇਸ਼ਾ ਜ਼ਮੀਨ ਨਾਲ ਜੁੜੇ ਰਹੋ। ਸਖ਼ਤ ਮਿਹਨਤ ਕਰਨ 'ਤੇ ਭਰੋਸਾ ਰੱਖੋ ਕਿਉਂਕਿ ਮਿਹਨਤ ਹੀ ਸਫ਼ਲਤਾ ਦਾ ਇੱਕੋ-ਇੱਕ ਰਸਤਾ ਹੈ। ਮੈਂ ਖਾਸ ਤੌਰ 'ਤੇ ਸਾਡੀਆਂ ਧੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਸਿੱਖਿਆ ਨੂੰ ਸਮਾਜ ਵਿੱਚ ਸਾਰਥਕ ਬਦਲਾਅ ਲਿਆਉਣ ਲਈ ਇੱਕ ਸ਼ਕਤੀਸ਼ਾਲੀ ਹਥਿਆਰ ਵਜੋਂ ਵਰਤਣ। ਅੱਜ ਲੜਕੀਆਂ ਲਗਭਗ ਹਰ ਖੇਤਰ ਵਿੱਚ ਲੜਕਿਆਂ ਨਾਲੋਂ ਬਿਹਤਰ ਪ੍ਰਦਰਸ਼ਨ ਕਰ ਰਹੀਆਂ ਹਨ ਅਤੇ ਉਨ੍ਹਾਂ ਖੇਤਰਾਂ ਵਿੱਚ ਵੀ ਬੇਮਿਸਾਲ ਕਾਰਗੁਜ਼ਰੀ ਦਿਖਾ ਰਹੀਆਂ ਹਨ, ਜਿਨ੍ਹਾਂ ਨੂੰ ਕਦੇ ਲੜਕਿਆਂ ਦਾ ਖੇਤਰ ਹੀ ਮੰਨਿਆ ਜਾਂਦਾ ਸੀ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਮਹਿਲਾ ਸਸ਼ਕਤੀਕਰਨ ਬਹੁਤ ਜ਼ਰੂਰੀ ਹੈ। ਇਹ ਵੱਡੀ ਮਾਣ ਵਾਲੀ ਗੱਲ ਹੈ ਕਿ ਲੜਕੀਆਂ ਹਰ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ ਅਤੇ ਮੈਨੂੰ ਪੂਰਾ ਭਰੋਸਾ ਹੈ ਕਿ ਉਹ ਸਿੱਖਿਆ ਰਾਹੀਂ ਨਵੇਂ ਮੀਲ ਪੱਥਰ ਸਥਾਪਿਤ ਕਰਨਾ ਜਾਰੀ ਰੱਖਣਗੀਆਂ।”
ਵਿਦਿਆਰਥੀਆਂ ਨਾਲ ਭਾਵਨਾਤਮਕ ਸਾਂਝ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਦੇਸ਼ ਦੇ ਨੌਜਵਾਨਾਂ ਦੁਆਰਾ ਦਿਖਾਏ ਦ੍ਰਿੜ ਇਰਾਦੇ ਨੇ ਕੇਂਦਰ ਸਰਕਾਰ ਨੂੰ ਜੰਤਰ-ਮੰਤਰ ਵਿਖੇ ਉਨ੍ਹਾਂ ਅੱਗੇ ਝੁਕਣ ਲਈ ਮਜਬੂਰ ਕਰ ਦਿੱਤਾ। ਸਾਡੇ ਨੌਜਵਾਨਾਂ ਵਿੱਚ ਜ਼ਿੰਦਗੀ ਵਿੱਚ ਕੁਝ ਵੀ ਹਾਸਲ ਕਰਨ ਦੀ ਬੁੱਧੀ, ਊਰਜਾ ਅਤੇ ਦ੍ਰਿੜਤਾ ਹੈ। ਮੈਨੂੰ ਭਰੋਸਾ ਹੈ ਕਿ ਤੁਸੀਂ ਸਾਰੇ ਸ਼ਾਨਦਾਰ ਡਾਕਟਰ ਬਣੋਗੇ ਅਤੇ ਮਨੁੱਖਤਾ ਦੀ ਨਿਸ਼ਕਾਮ ਸੇਵਾ ਕਰੋਗੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦ੍ਰਿੜਤਾ ਨਾਲ ਕਿਹਾ, “ਭਾਰਤ, ਵਿਸ਼ਵ ਦਾ ਮੋਹਰੀ ਦੇਸ਼ ਉਦੋਂ ਹੀ ਬਣ ਸਕਦਾ ਹੈ ਜੇਕਰ ਪੰਜਾਬ ਕੌਮੀ ਤਰੱਕੀ ਵਿੱਚ ਸਭ ਤੋਂ ਅੱਗੇ ਰਹੇ। ਪੰਜਾਬ ਨੇ ਦੇਸ਼ ਦੀ ਅੰਨ ਸੁਰੱਖਿਆ ਨੂੰ ਯਕੀਨੀ ਬਣਾਉਣ, ਆਜ਼ਾਦੀ ਸੰਗਰਾਮ ਵਿੱਚ ਯੋਗਦਾਨ ਪਾਉਣ, ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਅਤੇ ਖੇਡਾਂ ਵਿੱਚ ਨਾਮ ਰੌਸ਼ਨ ਕਰਨ ਵਿੱਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਅਸੀਂ ਸਾਰੇ ਮਿਲ ਕੇ 'ਰੰਗਲਾ ਪੰਜਾਬ' ਬਣਾਉਣ ਲਈ ਕੰਮ ਕਰਦੇ ਰਹਾਂਗੇ।”
ਵਿਦਿਆਰਥੀਆਂ ਨੂੰ ਇਕ ਵਾਰ ਫਿਰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਆਉਣ ਵਾਲੇ ਸ਼ਾਨਦਾਰ ਸਫ਼ਰ ਦੀ ਮਹਿਜ਼ ਇੱਕ ਸ਼ੁਰੂਆਤ ਹੈ।
ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ ਪਤਵੰਤਿਆਂ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨੇ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਬੇਮਿਸਾਲ ਤਬਦੀਲੀ ਲਿਆਉਣ ਅਤੇ 'ਰੰਗਲੇ ਪੰਜਾਬ' ਦੀ ਮਜ਼ਬੂਤ ਨੀਂਹ ਰੱਖਣ ਲਈ ਮੁੱਖ ਮੰਤਰੀ ਦੇ ਲਗਾਤਾਰ ਯਤਨਾਂ ਦੀ ਸ਼ਲਾਘਾ ਕੀਤੀ।
*ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਨੀਟ ਵਿੱਚ ਸਫ਼ਲਤਾ ਕਰਕੇ ਨਵੀਂ ਕਹਾਣੀ ਲਿਖੀ*
ਪੰਜਾਬ ਦੇ ਸਿੱਖਿਆ ਸੁਧਾਰਾਂ ਦੇ ਬੇਮਿਸਾਲ ਨਤੀਜੇ ਸਾਹਮਣੇ ਆਏ ਹਨ, ਜਿਸ ਤਹਿਤ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-2026 ਦੀ ਪ੍ਰੀਖਿਆ ਪਾਸ ਕੀਤੀ ਹੈ, ਜੋ ਕਿ 2024 ਵਿੱਚ ਸਫ਼ਲ ਹੋਏ 437 ਵਿਦਿਆਰਥੀਆਂ ਦੀ ਗਿਣਤੀ ਨਾਲੋਂ ਦੁੱਗਣੀ ਤੋਂ ਵੀ ਵੱਧ ਹੈ। ਪਿਛਲੇ ਤਿੰਨ ਸਾਲਾਂ ਵਿੱਚ, ਸਰਕਾਰੀ ਸਕੂਲਾਂ ਦੇ 2,166 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ, ਜਦੋਂ ਕਿ 786 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ ਪਾਸ ਕੀਤੀ ਹੈ, ਜੋ ਕਿ ਸਰਕਾਰੀ ਸਕੂਲਾਂ ਵਿੱਚ ਵਧ ਰਹੀ ਅਕਾਦਮਿਕ ਉੱਤਮਤਾ ਨੂੰ ਦਰਸਾਉਂਦੀ ਹੈ। ਇਸ ਸਾਲ ਨੀਟ ਪਾਸ ਕਰਨ ਵਾਲੇ 882 ਵਿਦਿਆਰਥੀਆਂ ਵਿੱਚੋਂ 686 ਲੜਕੀਆਂ ਹਨ ਅਤੇ 340 ਵਿਦਿਆਰਥੀ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਹਨ, ਜੋ ਮਿਆਰੀ ਸਿੱਖਿਆ ਤੱਕ ਸਮੂਹਿਕ ਅਤੇ ਬਰਾਬਰ ਪਹੁੰਚ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ।
ਇਸ ਤਬਦੀਲੀ ਨੂੰ 'ਪੇਸ' (ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ) ਪ੍ਰੋਗਰਾਮ ਦੁਆਰਾ ਹੁਲਾਰਾ ਦਿੱਤਾ ਗਿਆ ਹੈ, ਜੋ ‘ਅਵੰਤੀ’ ਅਤੇ ‘ਮੰਤਰਾ ਫਾਰ ਚੇਂਜ’ ਵਰਗੇ ਪ੍ਰਮੁੱਖ ਸੰਸਥਾਵਾਂ ਦੇ ਸਹਿਯੋਗ ਨਾਲ ਮੁਫ਼ਤ ਕੋਚਿੰਗ, ਮੈਂਨਟੋਰਸ਼ਿਪ, ਮੌਕ ਟੈਸਟ ਅਤੇ ਕਰੀਅਰ ਗਾਈਡੈਂਸ ਪ੍ਰਦਾਨ ਕਰਦਾ ਹੈ। ਸੂਬੇ ਨੇ 28,000 ਤੋਂ ਵੱਧ ਪੱਕੇ ਅਧਿਆਪਕਾਂ ਦੀ ਭਰਤੀ ਕਰਕੇ, 5,012 ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ ਸਥਾਪਿਤ ਕਰਕੇ, 8,268 ਇੰਟਰਐਕਟਿਵ ਪੈਨਲ ਲਗਾ ਕੇ ਅਤੇ ਆਧੁਨਿਕ ਬੁਨਿਆਦੀ ਢਾਂਚੇ ਦੇ ਨਾਲ-ਨਾਲ ਕੌਮਾਂਤਰੀ ਅਧਿਆਪਕ ਸਿਖਲਾਈ ਯਕੀਨੀ ਬਣਾ ਕੇ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕੀਤਾ ਹੈ।
Get all latest content delivered to your email a few times a month.