IMG-LOGO
ਹੋਮ ਪੰਜਾਬ: ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ...

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ; ਵਿੱਤ ਮੰਤਰੀ ਹਰਪਾਲ ਚੀਮਾ ਨੇ ਕੀਤਾ ਵੱਡਾ ਐਲਾਨ

Admin User - Jul 28, 2026 05:07 PM
IMG

ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਹੜਤਾਲਾਂ ਹੁਣ ਖ਼ਤਮ ਹੋ ਗਈਆਂ ਹਨ। ਇਸ ਗੱਲ ਦਾ ਐਲਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰ ਅਤੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦਰਮਿਆਨ ਹੋਈਆਂ ਲਗਾਤਾਰ ਬੈਠਕਾਂ ਤੋਂ ਬਾਅਦ ਸਹਿਮਤੀ ਬਣ ਗਈ ਹੈ, ਜਿਸ ਕਾਰਨ ਹੜਤਾਲਾਂ ਵਾਪਸ ਲੈ ਲਈਆਂ ਗਈਆਂ ਹਨ।

ਵਿੱਤ ਮੰਤਰੀ ਨੇ ਕਿਹਾ ਕਿ PSPCL, PSTCL ਅਤੇ ਪਾਵਰਕੌਮ ਸਮੇਤ ਕਈ ਸਰਕਾਰੀ ਅਦਾਰਿਆਂ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ‘ਤੇ ਸਨ, ਜਿਸ ਕਾਰਨ ਬਿਜਲੀ ਸੇਵਾਵਾਂ ਦੇ ਨਾਲ-ਨਾਲ ਆਮ ਲੋਕਾਂ ਅਤੇ ਕਿਸਾਨਾਂ ਨੂੰ ਵੀ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ ਮੁਲਾਜ਼ਮਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।

ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਅਤੇ ਪਾਵਰਕੌਮ ਦੇ CMD ਬਸੰਤ ਗਰਗ ਨੇ ਪਾਵਰਕੌਮ ਦੀਆਂ 16 ਯੂਨੀਅਨਾਂ ਨਾਲ ਲਗਭਗ 7 ਤੋਂ 8 ਘੰਟਿਆਂ ਤੱਕ ਮੀਟਿੰਗ ਕੀਤੀ। ਇਸ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿੱਚ ਕਰੀਬ 5 ਘੰਟੇ ਤੱਕ ਯੂਨੀਅਨਾਂ ਨਾਲ ਚਰਚਾ ਕਰਕੇ ਸਹਿਮਤੀ ਬਣਾਈ, ਜਿਸ ਮਗਰੋਂ ਹੜਤਾਲ ਖ਼ਤਮ ਕਰਨ ਦਾ ਫ਼ੈਸਲਾ ਲਿਆ ਗਿਆ।

ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਦੇ ਹੱਲ ਲਈ ਵਿੱਤ ਵਿਭਾਗ ਵੱਲੋਂ ਇੱਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਸਾਰੀਆਂ ਮੰਗਾਂ ਦੀ ਜਾਂਚ ਕਰਕੇ 15 ਅਗਸਤ ਤੱਕ ਆਪਣੀ ਅੰਤਿਮ ਰਿਪੋਰਟ ਸਰਕਾਰ ਨੂੰ ਸੌਂਪੇਗੀ, ਜਿਸ ਦੇ ਆਧਾਰ ‘ਤੇ ਅਗਲਾ ਫ਼ੈਸਲਾ ਲਿਆ ਜਾਵੇਗਾ।

ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਅਤੇ ਨਰਸਿੰਗ ਸਟਾਫ਼ ਨਾਲ ਵੀ ਸਰਕਾਰ ਦੀ ਸਕਾਰਾਤਮਕ ਗੱਲਬਾਤ ਹੋਈ ਹੈ। ਇਸ ਮੀਟਿੰਗ ਤੋਂ ਬਾਅਦ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਵੀ ਆਪਣੀ ਹੜਤਾਲ ਦੀ ਕਾਲ ਵਾਪਸ ਲੈ ਲਈ ਹੈ, ਜਿਸ ਨਾਲ ਸਿਹਤ ਸੇਵਾਵਾਂ ਮੁੜ ਆਮ ਵਾਂਗ ਚੱਲਣ ਲੱਗਣਗੀਆਂ।

ਵਿੱਤ ਮੰਤਰੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸਰਕਾਰ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ਅਧੀਨ ਲਿਆਉਣ ਲਈ ਆਰਡੀਨੈਂਸ ਤਿਆਰ ਕਰਕੇ ਰਾਜਪਾਲ ਕੋਲ ਮਨਜ਼ੂਰੀ ਲਈ ਭੇਜ ਚੁੱਕੀ ਹੈ। ਆਰਡੀਨੈਂਸ ਨੂੰ ਪ੍ਰਵਾਨਗੀ ਮਿਲਣ ਤੋਂ ਬਾਅਦ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ‘ਤੇ ਲਿਆ ਕੇ ਉਨ੍ਹਾਂ ਦੀ ਨੌਕਰੀ ਨੂੰ ਹੋਰ ਸੁਰੱਖਿਅਤ ਬਣਾਇਆ ਜਾਵੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਸੀਵਰੇਜ ਬੋਰਡ ਦੇ ਕਰਮਚਾਰੀਆਂ ਅਤੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਲੈ ਕੇ ਵੀ ਸਰਕਾਰ ਗੰਭੀਰ ਹੈ। ਇਸ ਸਬੰਧੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਲਗਾਤਾਰ ਮੀਟਿੰਗਾਂ ਹੋ ਰਹੀਆਂ ਹਨ ਤਾਂ ਜੋ ਉਨ੍ਹਾਂ ਦੇ ਮਸਲਿਆਂ ਦਾ ਵੀ ਜਲਦ ਹੱਲ ਕੱਢਿਆ ਜਾ ਸਕੇ। ਸਰਕਾਰ ਦਾ ਕਹਿਣਾ ਹੈ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਹੀਂ ਹੋਣ ਦਿੱਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.