ਤਾਜਾ ਖਬਰਾਂ
ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ, 28 ਜੁਲਾਈ:
ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਬੱਸੀ ਪਠਾਣਾਂ ਦੇ ਪਿੰਡ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਸਿੰਚਾਈ ਪ੍ਰਾਜੈਕਟਾਂ ਨਾਲ 173 ਪਿੰਡਾਂ ਦੇ ਕਿਸਾਨਾਂ ਨੂੰ ਲਾਭ ਪਹੁੰਚੇਗਾ। ਇਸ ਮੌਕੇ ਕੈਬਨਿਟ ਮੰਤਰੀ ਨਾਲ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਵੀ ਮੌਜੂਦ ਸਨ।
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਕਿਸਾਨਾਂ ਦੇ ਖੇਤਾਂ ਤੱਕ ਸਿੰਚਾਈ ਲਈ ਨਹਿਰੀ ਪਾਣੀ ਪਹੁੰਚਾਉਣ ਵਿੱਚ ਇਹ ਪ੍ਰਾਜੈਕਟ ਲਾਹੇਵੰਦ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਉਤਸ਼ਾਹਿਤ ਕਰਨਾ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਕਿ ਮਾਈਨਰ ਪੱਕੇ ਹੋਣ ਤੋਂ ਪਹਿਲਾ 24 ਹਜ਼ਾਰ ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲ ਰਿਹਾ ਸੀ, ਜੋ ਹੁਣ ਵਧ ਕੇ 37 ਹਜ਼ਾਰ ਏਕੜ ਤੋਂ ਵਧੇਰੇ ਰਕਬੇ ਨੂੰ ਸਿੱਧਾ ਖੇਤਾਂ ਤੱਕ ਪਾਣੀ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਦਿਨੋਂ-ਦਿਨ ਘੱਟ ਰਹੇ ਪੱਧਰ ਨੂੰ ਰੋਕਣ ਲਈ ਰਾਜ ਸਰਕਾਰ ਨੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਯੋਜਨਾ ਉਲੀਕੀ ਜਿਸ ਵਿੱਚ ਵੱਡੀ ਕਾਮਯਾਬੀ ਮਿਲੀ ਹੈ।
ਉਨ੍ਹਾਂ ਕਿਹਾ ਕਿ ਬੱਸੀ, ਸਰਹਿੰਦ, ਖੇੜੀ, ਭਾਮੀਆਂ, ਕੋਟਲਾ, ਗੋਬਿੰਦਗੜ੍ਹ ਡਿਸਟ੍ਰੀਬਿਊਟਰ ਮਾਈਨਰ ਦੇ 82.76 ਕਿਲੋਮੀਟਰ ਅਤੇ 58.85 ਕਿਲੋਮੀਟਰ ਪਾਈਪਲਾਈਨ ਅਤੇ ਖਾਲਿਆਂ ਦੇ ਕੰਮ ਮੁੰਕਮਲ ਹੋਣ ਨਾਲ ਜਿੱਥੇ ਪਾਣੀ, ਬਿਜਲੀ ਦੀ ਬੱਚਤ ਹੋਵੇਗੀ ਉਥੇ ਹੀ ਟਿਊਬਵੈੱਲਾਂ 'ਤੇ ਕਿਸਾਨਾਂ ਦੀ ਨਿਰਭਰਤਾ ਘਟੇਗੀ ਅਤੇ ਸਿੰਚਾਈ 'ਤੇ ਆਉਣ ਵਾਲਾ ਖ਼ਰਚੇ ਦਾ ਬੋਝ ਘਟੇਗਾ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਾਣੀਆਂ ਦੇ ਮੁੱਦੇ 'ਤੇ ਸਿਰਫ਼ ਰਾਜਨੀਤੀ ਕੀਤੀ ਅਤੇ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਰਾਖੀ ਕਰਨ ਵਿੱਚ ਅਸਫ਼ਲ ਰਹੀਆਂ ਜਦਕਿ ਸਾਡੀ ਸਰਕਾਰ ਨੇ ਸੂਬੇ ਦੇ ਪਾਣੀਆਂ ਦੀ ਰਾਖੀ ਕਰਨ ਦੇ ਨਾਲ-ਨਾਲ ਨਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ ਹਨ ਤਾਂ ਜੋ ਕਿਸਾਨਾਂ ਨੂੰ ਲੰਬੇ ਸਮੇਂ ਲਈ ਭਰੋਸੇਯੋਗ ਸਿੰਚਾਈ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।
ਇਸ ਤੋਂ ਪਹਿਲਾ ਹਲਕਾ ਵਿਧਾਇਕ ਬੱਸੀ ਪਠਾਣਾਂ ਸ. ਰੁਪਿੰਦਰ ਸਿੰਘ ਹੈਪੀ ਨੇ ਆਪਣੇ ਸੰਬਧੋਨ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਵਿਕਾਸ ਅਤੇ ਲੋਕ ਭਲਾਈ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਹਿਰੀ ਢਾਂਚੇ ਦੇ ਆਧੁਨਿਕੀਕਰਨ ਰਾਹੀਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਖੇਤੀ ਉਤਪਾਦਨ ਅਤੇ ਆਮਦਨ ਵਿੱਚ ਵਾਧਾ ਕਰਨਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ ਨੂੰ ਸਿਖਰਾਂ 'ਤੇ ਲਿਜਾਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਬੱਸੀ ਪਠਾਣਾਂ ਅਧੀਨ ਆਉਂਦੇ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼' ਤੇ ਸਾਰੀਆਂ ਸੁਵਿਧਾਵਾਂ ਮਿਲ ਸਕਣ।
Get all latest content delivered to your email a few times a month.