IMG-LOGO
ਹੋਮ ਪੰਜਾਬ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ...

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

Admin User - Jul 28, 2026 10:26 PM
IMG

ਚੰਡੀਗੜ੍ਹ/ਖੰਨਾ (ਲੁਧਿਆਣਾ), 28 ਜੁਲਾਈ:

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ, ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਅਤੇ ਕਿਸਾਨਾਂ ਨੂੰ ਸਮੇਂ ਸਿਰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਜਲ ਸਰੋਤ ਵਿਭਾਗ ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਖੰਨਾ ਅਧੀਨ ਪਿੰਡ ਭੱਟੀਆਂ ਵਿਖੇ 70.52 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਅਹਿਮ ਸਿੰਚਾਈ ਪ੍ਰੋਜੈਕਟਾਂ ਦਾ ਉਦਘਾਟਨ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਾਂਝੇ ਤੌਰ 'ਤੇ ਕੀਤਾ।

ਇਸ ਮੌਕੇ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਖੰਨਾ ਰਜਵਾਹਾ, ਬੀੜ ਕਿਸ਼ਨ, ਲਲਹੇੜੀ, ਬਰਧਲ, ਕੋਟਲਾ ਅਤੇ ਨਰਾਇਣਗੜ੍ਹ ਮਾਈਨਰ ਸਮੇਤ 68.32 ਕਿਲੋਮੀਟਰ ਨਹਿਰਾਂ ਦੀ ਕੰਕਰੀਟ ਲਾਈਨਿੰਗ 50.02 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੀ ਗਈ ਹੈ। ਇਸ ਤੋਂ ਇਲਾਵਾ 23.40 ਕਿਲੋਮੀਟਰ ਅੰਡਰਗਰਾਊਂਡ ਪਾਈਪ ਲਾਈਨਾਂ 'ਤੇ 20.50 ਕਰੋੜ ਰੁਪਏ ਖਰਚ ਕਰਕੇ ਕਰੀਬ 30 ਪਿੰਡਾਂ ਦੇ 37 ਹਜ਼ਾਰ ਏਕੜ ਤੋਂ ਵੱਧ ਰਕਬੇ ਨੂੰ ਨਹਿਰੀ ਸਿੰਚਾਈ ਹੇਠ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਬਾਕੀ ਰਹਿੰਦੇ ਖੇਤੀ ਰਕਬੇ ਨੂੰ ਵੀ ਨਹਿਰੀ ਢਾਂਚੇ ਨਾਲ ਜੋੜਿਆ ਜਾਵੇਗਾ।


ਜਲ ਸਰੋਤ ਮੰਤਰੀ ਨੇ ਕਿਹਾ ਕਿ ਸਾਲ 2022 ਵਿੱਚ 21,506 ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲਦਾ ਸੀ, ਜੋ ਹੁਣ ਵਧ ਕੇ 42,079 ਏਕੜ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟਾ ਕੇ ਨਹਿਰੀ ਸਿੰਚਾਈ ਨੂੰ ਪ੍ਰੋਤਸਾਹਿਤ ਕਰਨਾ ਹੈ, ਜਿਸ ਨਾਲ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਹੋ ਰਹੀ ਹੈ ਅਤੇ ਕਿਸਾਨਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ।


ਸ੍ਰੀ ਗੋਇਲ ਨੇ ਕਿਹਾ ਕਿ ਸੂਬਾ ਸਰਕਾਰ ਨੇ 7,572 ਕਰੋੜ ਰੁਪਏ ਖਰਚ ਕਰਕੇ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਬਣਾਇਆ ਹੈ ਅਤੇ ਹੁਣ ਪੰਜਾਬ ਦੇ 86 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਸੂਬੇ ਦੇ ਖੇਤਾਂ ਵਿੱਚ ਹੋ ਰਹੀ ਹੈ, ਜਦਕਿ 2022 ਵਿੱਚ ਇਹ ਅੰਕੜਾ ਕੇਵਲ 26 ਫੀਸਦੀ ਸੀ। ਉਨ੍ਹਾਂ ਦੱਸਿਆ ਕਿ ਲੰਬੇ ਸਮੇਂ ਬਾਅਦ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਸੁਧਰਿਆ ਹੈ, ਜਿਸ ਦਾ ਜ਼ਿਕਰ ਕੇਂਦਰੀ ਜਲ ਸੰਸਾਧਨ ਮੰਤਰੀ ਵੱਲੋਂ ਦੇਸ਼ ਦੀ ਸੰਸਦ ਵਿੱਚ ਵੀ ਕੀਤਾ ਗਿਆ ਹੈ।


ਉਨ੍ਹਾਂ ਦੱਸਿਆ ਕਿ ਜਲ ਸਰੋਤ ਵਿਭਾਗ ਨੇ ਬਿਨਾਂ ਕੋਈ ਵਾਧੂ ਜ਼ਮੀਨ ਅਕਵਾਇਰ ਕੀਤੇ ਅਤੇ ਬਿਨਾਂ ਵਾਧੂ ਖਰਚ ਦੇ ਪੰਜਾਬ ਦੀਆਂ ਨਹਿਰਾਂ ਦੀ ਸਮਰੱਥਾ 12,000 ਕਿਊਸਕ ਵਧਾ ਦਿੱਤੀ ਹੈ। ਇਸ ਵੇਲੇ ਸੂਬੇ ਦੀਆਂ 1,511 ਨਹਿਰਾਂ ਵਿੱਚ ਲਗਭਗ 39,000 ਕਿਊਸਕ ਪਾਣੀ ਚੱਲ ਰਿਹਾ ਹੈ, ਜਿਸ ਨਾਲ ਕਿਸਾਨਾਂ ਨੂੰ ਨਿਰਵਿਘਨ ਸਿੰਚਾਈ ਸਹੂਲਤ ਮਿਲ ਰਹੀ ਹੈ ਅਤੇ ਪੰਜਾਬ ਦੇ ਜਲ ਸਰੋਤਾਂ ਦੀ ਸੰਭਾਲ ਨੂੰ ਨਵੀਂ ਦਿਸ਼ਾ ਮਿਲੀ ਹੈ।


ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਹਲਕਾ ਖੰਨਾ ਵਿੱਚ ਨਹਿਰੀ ਸਿੰਚਾਈ ਨਾਲ ਸਬੰਧਤ 70.52 ਕਰੋੜ ਰੁਪਏ ਦੇ ਮੁਕੰਮਲ ਹੋਏ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਨਹਿਰੀ ਸਿੰਚਾਈ ਨੂੰ ਇੰਨੀ ਵੱਡੀ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਸੂਬੇ ਦੇ ਕਈ ਖੇਤਰ ਡਾਰਕ ਜ਼ੋਨ ਬਣ ਗਏ ਸਨ ਅਤੇ ਧਰਤੀ ਹੇਠਲਾ ਪਾਣੀ ਲਗਾਤਾਰ ਘਟ ਰਿਹਾ ਸੀ। 


ਉਹਨਾਂ ਕਿਹਾ ਕਿ ਮੁੱਖ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਸਦਕਾ ਜਲ ਸਰੋਤ ਵਿਭਾਗ ਪੰਜਾਬ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ  ਵੱਲੋਂ ਕੀਤੇ ਗਏ ਯਤਨਾਂ ਸਦਕਾ ਨਹਿਰੀ ਪਾਣੀ ਦੀ ਖੇਤੀਬਾੜੀ ਲਈ ਵਰਤੋਂ ਵਿੱਚ ਵੱਡਾ ਵਾਧਾ ਹੋਇਆ ਹੈ, ਜਿਸ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਵੀ ਸੁਧਾਰ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਹਿਰੀ ਸਿੰਚਾਈ ਨਾਲ ਬਿਜਲੀ ਦੀ ਵੱਡੀ ਬੱਚਤ ਹੋਈ ਹੈ।


ਬਿਜਲੀ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਟਿਊਬਵੈਲਾਂ ਲਈ ਦਿਨ ਵੇਲੇ 8 ਘੰਟੇ ਬਿਜਲੀ ਮਿਲ ਰਹੀ ਹੈ, ਜਿਸ ਕਾਰਨ ਹੁਣ ਉਨ੍ਹਾਂ ਨੂੰ ਰਾਤਾਂ ਖੇਤਾਂ ਵਿੱਚ ਨਹੀਂ ਗੁਜ਼ਾਰਣੀਆਂ ਪੈਂਦੀਆਂ। ਸ੍ਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਭਲਾਈ ਲਈ ਇਤਿਹਾਸਕ ਕਦਮ ਚੁੱਕੇ ਹਨ, ਜਿਸ ਕਾਰਨ ਅੱਜ ਕਿਸਾਨ ਨਹਿਰੀ ਪਾਣੀ ਦੀ ਸਹੂਲਤ ਅਤੇ ਬਿਹਤਰ ਸਿੰਚਾਈ ਪ੍ਰਬੰਧ ਤੋਂ ਸੰਤੁਸ਼ਟ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.