ਤਾਜਾ ਖਬਰਾਂ
‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ ਆਪਣੇ ਅਧਿਕਾਰਤ ਜਵਾਬ ਦੇ ਦਸਤਾਵੇਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਜਮ੍ਹਾਂ ਕਰਵਾ ਦਿੱਤੇ ਹਨ। ਸਰਕਾਰ ਦੀ ਤਰਫੋਂ ਅੰਮ੍ਰਿਤਸਰ ਦੱਖਣ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਐਸ.ਡੀ.ਐਮ. ਗੁਰਮੰਦਰ ਸਿੰਘ ਨੇ ਇਹ ਦਸਤਾਵੇਜ਼ ਸੌਂਪੇ, ਜਿਨ੍ਹਾਂ ਨੂੰ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਅਤੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਨੇ ਪ੍ਰਾਪਤ ਕੀਤਾ।
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਿਹਾ ਗਿਆ ਕਿ ਸਰਕਾਰ ਦਾ ਜਵਾਬ ਇੱਕ ਮਹੀਨੇ ਦੀ ਨਿਰਧਾਰਿਤ ਮਿਆਦ ਪੂਰੀ ਹੋਣ ਤੋਂ ਬਾਅਦ ਆਇਆ ਹੈ, ਜੋ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਰਗੇ ਗੰਭੀਰ ਮਸਲੇ ਪ੍ਰਤੀ ਸਰਕਾਰ ਦੀ ਗੈਰ-ਸੰਜੀਦਾ ਪਹੁੰਚ ਨੂੰ ਦਰਸਾਉਂਦਾ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ਾਂ ਅਨੁਸਾਰ ਸਰਕਾਰ ਵੱਲੋਂ ਸੌਂਪੇ ਗਏ ਦਸਤਾਵੇਜ਼ਾਂ ਦੀ ਪੂਰੀ ਘੋਖ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਹੀ ਅਗਲਾ ਫ਼ੈਸਲਾ ਲਿਆ ਜਾਵੇਗਾ।
ਮੀਡੀਆ ਸਲਾਹਕਾਰ ਜਸਕਰਨ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨੇ ਇੱਕ ਮਹੀਨੇ ਦੇ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਹੁੰਦਾ ਤਾਂ ਇਸ ਸੰਵੇਦਨਸ਼ੀਲ ਮਾਮਲੇ 'ਤੇ ਸਹਿਮਤੀ ਬਣਾਉਣ ਦੀ ਪ੍ਰਕਿਰਿਆ ਅੱਗੇ ਵਧ ਸਕਦੀ ਸੀ। ਉਨ੍ਹਾਂ ਸੁਝਾਅ ਦਿੱਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਦੀ ਸਾਂਝੀ ਕਮੇਟੀ ਬਣਾਕੇ ਇਸ ਮਾਮਲੇ 'ਤੇ ਵਿਸਥਾਰ ਨਾਲ ਵਿਚਾਰ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ 4 ਜੁਲਾਈ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਰਕਾਰ ਨੂੰ ਭੇਜੇ ਗਏ ਇਤਰਾਜ਼ਾਂ ਅਤੇ ਸਿੱਖ ਭਾਵਨਾਵਾਂ ਤੋਂ ਘੱਟ ਕੋਈ ਵੀ ਸੋਧ ਸਵੀਕਾਰ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਦੀ ਸਹਿਮਤੀ ਨਹੀਂ ਬਣਦੀ, ਉਦੋਂ ਤੱਕ ਸਰਕਾਰ ਵੱਲੋਂ ਕੀਤੀ ਜਾਣ ਵਾਲੀ ਕਿਸੇ ਵੀ ਕਾਨੂੰਨੀ ਸੋਧ ਨੂੰ ਪ੍ਰਵਾਨਗੀ ਨਹੀਂ ਮਿਲ ਸਕਦੀ।
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਅੱਜ ਸੌਂਪੇ ਗਏ ਜਵਾਬ ਬਾਰੇ ਵੀ ਸਿੱਖ ਸੰਸਥਾਵਾਂ ਨਾਲ ਪਹਿਲਾਂ ਕੋਈ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਸਰਕਾਰ ਨੂੰ ਅਪੀਲ ਕੀਤੀ ਗਈ ਕਿ 3 ਅਗਸਤ ਤੋਂ ਸ਼ੁਰੂ ਹੋਣ ਵਾਲੇ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਇਸ ਕਾਨੂੰਨ ਵਿੱਚ ਹੋਰ ਸੋਧਾਂ ਕਰਨ ਦੀ ਜਲਦਬਾਜ਼ੀ ਨਾ ਕੀਤੀ ਜਾਵੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਨਾਲ ਸਹਿਮਤੀ ਬਣਨ ਤੋਂ ਬਾਅਦ ਹੀ ਕੋਈ ਕਾਨੂੰਨੀ ਕਦਮ ਚੁੱਕਿਆ ਜਾਵੇ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦੁਹਰਾਇਆ ਕਿ ਸਿੱਖ ਪੰਥ ਦੀਆਂ ਭਾਵਨਾਵਾਂ ਅਤੇ ਧਾਰਮਿਕ ਸੰਸਥਾਵਾਂ ਦੀ ਰਾਏ ਨੂੰ ਪੂਰਾ ਸਨਮਾਨ ਦਿੱਤੇ ਬਿਨਾਂ ਇਸ ਐਕਟ ਵਿੱਚ ਕੋਈ ਵੀ ਸੋਧ ਮਨਜ਼ੂਰ ਨਹੀਂ ਹੋਵੇਗੀ।
Get all latest content delivered to your email a few times a month.