ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੌਜੂਦਾ ਸਿਆਸੀ ਅਤੇ ਪ੍ਰਸ਼ਾਸਨਿਕ ਮੁੱਦਿਆਂ 'ਤੇ ਆਪਣਾ ਰੁਖ ਹੋਰ ਤੇਜ਼ ਕਰਦਿਆਂ ਭਲਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨ ਦਾ ਫੈਸਲਾ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਦੁਪਹਿਰ 12 ਵਜੇ ਰਾਜਭਵਨ ਵਿੱਚ ਇੱਕ ਵਫ਼ਦ ਰਾਜਪਾਲ ਨਾਲ ਮਿਲੇਗਾ ਅਤੇ ਵੱਖ-ਵੱਖ ਮਸਲਿਆਂ ਸਬੰਧੀ ਮੰਗ ਪੱਤਰ ਸੌਂਪੇਗਾ।
ਇਸ ਫੈਸਲੇ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪਾਰਟੀ ਦੀ ਇੱਕ ਅਹਿਮ ਬੈਠਕ ਹੋਈ, ਜਿਸ ਵਿੱਚ ਸੀਨੀਅਰ ਆਗੂਆਂ ਨੇ ਮੌਜੂਦਾ ਹਾਲਾਤ ਅਤੇ ਅਗਲੀ ਰਣਨੀਤੀ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।
ਅਕਾਲੀ ਦਲ ਵੱਲੋਂ ਰਾਜਪਾਲ ਨੂੰ ਦਿੱਤੇ ਜਾਣ ਵਾਲੇ ਮੰਗ ਪੱਤਰ ਵਿੱਚ ਫਰੀਦਕੋਟ ਪੇਪਰ ਲੀਕ ਮਾਮਲੇ ਦੀ ਉੱਚ ਪੱਧਰੀ ਜਾਂਚ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫ਼ੇ ਦੀ ਮੰਗ, ਮਨਰੇਗਾ ਕਰਮਚਾਰੀਆਂ ਅਤੇ ਸਫ਼ਾਈ ਕਰਮਚਾਰੀਆਂ ਨਾਲ ਹੋਈ ਕੁੱਟਮਾਰ ਦੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਦੀ ਮੰਗ ਸ਼ਾਮਲ ਹੋਵੇਗੀ। ਪਾਰਟੀ ਦਾ ਕਹਿਣਾ ਹੈ ਕਿ ਇਨ੍ਹਾਂ ਮਾਮਲਿਆਂ ਵਿੱਚ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
ਇਸ ਤੋਂ ਇਲਾਵਾ ਅੱਜ ਦੀ ਬੈਠਕ ਵਿੱਚ ਪਾਰਟੀ ਨੇ ਆਉਣ ਵਾਲੇ ਸਮੇਂ ਦੌਰਾਨ ਜ਼ਿਲ੍ਹਾ ਪੱਧਰੀ ਰੈਲੀਆਂ ਕਰਨ ਦੀ ਯੋਜਨਾ 'ਤੇ ਵੀ ਚਰਚਾ ਕੀਤੀ। ਉੱਧਰ, ਬੇਅਦਬੀ ਰੋਕੂ ਬਿੱਲ ਅਤੇ ਪੰਜ ਮੈਂਬਰੀ ਕਮੇਟੀ ਦੇ ਗਠਨ ਬਾਰੇ ਬੋਲਦਿਆਂ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਅਧਿਕਾਰ ਖੇਤਰ ਹੈ ਅਤੇ ਉਹ ਜੋ ਵੀ ਫੈਸਲਾ ਕਰਨਗੇ, ਉਹ ਸਭ ਨੂੰ ਮਨਜ਼ੂਰ ਹੋਵੇਗਾ।
Get all latest content delivered to your email a few times a month.