ਤਾਜਾ ਖਬਰਾਂ
ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਸ਼ੁੱਕਰਵਾਰ ਨੂੰ ਐਨ.ਐਸ.ਕਿਊ.ਐਫ. (NSQF) ਵੋਕੇਸ਼ਨਲ ਟੀਚਰਜ਼ ਫਰੰਟ ਪੰਜਾਬ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਸੈਂਕੜੇ ਅਧਿਆਪਕਾਂ, ਜਿਨ੍ਹਾਂ ਵਿੱਚ ਵੱਡੀ ਗਿਣਤੀ ਮਹਿਲਾ ਅਧਿਆਪਕਾਂ ਦੀ ਵੀ ਸੀ, ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਅਪੀਲ ਕੀਤੀ।
ਪ੍ਰਦਰਸ਼ਨ ਦੌਰਾਨ ਉਸ ਵੇਲੇ ਸਥਿਤੀ ਤਣਾਅਪੂਰਨ ਬਣ ਗਈ ਜਦੋਂ ਅਧਿਆਪਕ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡ ਪਾਰ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧਣ ਲੱਗੇ। ਪੁਲਿਸ ਨੇ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਦੋਵਾਂ ਧਿਰਾਂ ਵਿਚਾਲੇ ਧੱਕਾ-ਮੁੱਕੀ ਹੋਈ। ਹਾਲਾਤ ਵਿਗੜਦੇ ਦੇਖ ਪੁਲਿਸ ਨੇ ਕਾਰਵਾਈ ਕਰਦਿਆਂ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ, ਜਿਸ ਤੋਂ ਬਾਅਦ ਮੌਕੇ 'ਤੇ ਹੰਗਾਮੇ ਵਾਲਾ ਮਾਹੌਲ ਬਣ ਗਿਆ।
ਪ੍ਰਦਰਸ਼ਨ ਵਿੱਚ ਸ਼ਾਮਲ ਮਹਿਲਾ ਅਧਿਆਪਕਾਂ ਨੇ ਪੁਲਿਸ 'ਤੇ ਬਦਸਲੂਕੀ ਅਤੇ ਧੱਕੇਸ਼ਾਹੀ ਦੇ ਦੋਸ਼ ਲਗਾਏ। ਉਨ੍ਹਾਂ ਦਾ ਕਹਿਣਾ ਸੀ ਕਿ ਉਹ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣ ਲਈ ਆਏ ਸਨ, ਪਰ ਉਨ੍ਹਾਂ ਨਾਲ ਜ਼ਬਰਦਸਤੀ ਕੀਤੀ ਗਈ।
ਅਧਿਆਪਕਾਂ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕਰੀਬ 3,670 ਐਨ.ਐਸ.ਕਿਊ.ਐਫ. ਵੋਕੇਸ਼ਨਲ ਅਧਿਆਪਕ ਪਿਛਲੇ 12 ਸਾਲਾਂ ਤੋਂ ਆਊਟਸੋਰਸ ਕੰਪਨੀਆਂ ਰਾਹੀਂ ਸੇਵਾਵਾਂ ਨਿਭਾ ਰਹੇ ਹਨ। ਇਸ ਦੇ ਬਾਵਜੂਦ ਉਨ੍ਹਾਂ ਲਈ ਅਜੇ ਤੱਕ ਕੋਈ ਪੱਕੀ ਨੀਤੀ ਨਹੀਂ ਬਣਾਈ ਗਈ। ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਨੌਕਰੀ ਪੱਕੀ ਕਰਨਾ, ਤਨਖ਼ਾਹਾਂ ਵਿੱਚ ਵਾਧਾ ਅਤੇ ਆਊਟਸੋਰਸ ਪ੍ਰਣਾਲੀ ਖਤਮ ਕਰਕੇ ਸਿੱਧੇ ਸਿੱਖਿਆ ਵਿਭਾਗ ਵਿੱਚ ਮਰਜ ਕਰਨਾ ਸ਼ਾਮਲ ਹੈ।
ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਸੂਬਾ ਪੱਧਰ 'ਤੇ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
Get all latest content delivered to your email a few times a month.