ਤਾਜਾ ਖਬਰਾਂ
ਫ਼ਿਰੋਜ਼ਪੁਰ ਪੁਲਿਸ ਨੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਨ ਦਾ ਦਾਅਵਾ ਕੀਤਾ ਹੈ। ਜ਼ਿਲ੍ਹਾ ਪੁਲਿਸ ਨੇ ਇੱਕ ਕਥਿਤ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 3 ਕਿਲੋ 540 ਗ੍ਰਾਮ ਹੈਰੋਇਨ, ਦੋ .30-ਬੋਰ ਦੀਆਂ ਪਿਸਤੌਲਾਂ, ਚਾਰ ਜ਼ਿੰਦਾ ਕਾਰਤੂਸ ਅਤੇ ਦੋ ਮੋਬਾਈਲ ਫ਼ੋਨ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਗੁਰਜੀਤ ਸਿੰਘ ਉਰਫ਼ ਜੀਤਾ, ਵਾਸੀ ਪਿੰਡ ਖਾਈ ਫ਼ੇਮੇ ਕੇ (ਜ਼ਿਲ੍ਹਾ ਫ਼ਿਰੋਜ਼ਪੁਰ), ਵਜੋਂ ਹੋਈ ਹੈ।
ਜ਼ਿਲ੍ਹਾ ਪੁਲਿਸ ਮੁਖੀ ਐਸ.ਐਸ.ਪੀ. ਭੂਪਿੰਦਰ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਾਰਵਾਈ ਨਸ਼ਿਆਂ ਅਤੇ ਗੈਰ-ਕਾਨੂੰਨੀ ਅਸਲੇ ਦੀ ਸਮਗਲਿੰਗ 'ਤੇ ਨਕੇਲ ਕੱਸਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਦਾ ਹਿੱਸਾ ਹੈ। ਉਨ੍ਹਾਂ ਦੱਸਿਆ ਕਿ ਸੀ.ਆਈ.ਏ. ਸਟਾਫ਼ ਜ਼ੀਰਾ ਦੀ ਟੀਮ ਨੇ ਇੰਸਪੈਕਟਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਕਾਬੂ ਕੀਤਾ।
ਪੁਲਿਸ ਅਨੁਸਾਰ ਮੁੱਢਲੀ ਜਾਂਚ ਦੌਰਾਨ ਮੁਲਜ਼ਮ ਦੇ ਕਬਜ਼ੇ ਵਿੱਚੋਂ 3.540 ਕਿਲੋ ਹੈਰੋਇਨ ਬਰਾਮਦ ਹੋਈ, ਜਿਸ ਬਾਰੇ ਸ਼ੱਕ ਹੈ ਕਿ ਇਹ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭਾਰਤੀ ਸਰਹੱਦ ਅੰਦਰ ਸੁੱਟੀ ਗਈ ਸੀ। ਇਸ ਬਰਾਮਦਗੀ ਤੋਂ ਬਾਅਦ ਥਾਣਾ ਸਦਰ ਫ਼ਿਰੋਜ਼ਪੁਰ ਵਿੱਚ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 61 ਅਤੇ 85 ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ।
ਪੁਲਿਸ ਰਿਮਾਂਡ ਦੌਰਾਨ ਕੀਤੀ ਗਈ ਪੁੱਛਗਿੱਛ ਵਿੱਚ ਮੁਲਜ਼ਮ ਤੋਂ ਹੋਰ ਅਹਿਮ ਜਾਣਕਾਰੀਆਂ ਮਿਲਣ ਦਾ ਦਾਅਵਾ ਕੀਤਾ ਗਿਆ। ਉਸ ਦੀ ਨਿਸ਼ਾਨਦੇਹੀ 'ਤੇ ਪੁਲਿਸ ਨੇ ਦੋ .30-ਬੋਰ ਦੀਆਂ ਪਿਸਤੌਲਾਂ, ਚਾਰ ਜ਼ਿੰਦਾ ਕਾਰਤੂਸ ਅਤੇ ਦੋ ਮੋਬਾਈਲ ਫ਼ੋਨ ਵੀ ਬਰਾਮਦ ਕੀਤੇ। ਜਾਂਚ ਏਜੰਸੀਆਂ ਹੁਣ ਇਹ ਪਤਾ ਲਗਾ ਰਹੀਆਂ ਹਨ ਕਿ ਇਹ ਹਥਿਆਰ ਅਤੇ ਨਸ਼ੇ ਦੀ ਖੇਪ ਕਿੱਥੋਂ ਆਈ ਅਤੇ ਇਸ ਤਸਕਰੀ ਨੈੱਟਵਰਕ ਨਾਲ ਹੋਰ ਕੌਣ-ਕੌਣ ਜੁੜਿਆ ਹੋਇਆ ਹੈ।
ਐਸ.ਐਸ.ਪੀ. ਨੇ ਦੱਸਿਆ ਕਿ ਮੁਲਜ਼ਮ ਦਾ ਅਪਰਾਧਿਕ ਰਿਕਾਰਡ ਵੀ ਸਾਹਮਣੇ ਆਇਆ ਹੈ। ਉਸ ਖ਼ਿਲਾਫ਼ ਪਹਿਲਾਂ ਹੀ ਐਨ.ਡੀ.ਪੀ.ਐਸ. ਐਕਟ ਤਹਿਤ ਚਾਰ ਕੇਸ ਦਰਜ ਹਨ। ਇਨ੍ਹਾਂ ਮਾਮਲਿਆਂ ਵਿੱਚ ਪਹਿਲਾਂ 19 ਗ੍ਰਾਮ ਅਤੇ 4.254 ਕਿਲੋ ਹੈਰੋਇਨ ਬਰਾਮਦ ਹੋਣ ਦਾ ਰਿਕਾਰਡ ਹੈ। ਇਹ ਕੇਸ ਥਾਣਾ ਫ਼ਿਰੋਜ਼ਪੁਰ ਕੈਂਟ, ਥਾਣਾ ਸਦਰ ਫ਼ਿਰੋਜ਼ਪੁਰ, ਥਾਣਾ ਫ਼ਿਰੋਜ਼ਪੁਰ ਸਿਟੀ ਅਤੇ ਰਾਜਸਥਾਨ ਦੇ ਸੂਰਤਗੜ੍ਹ ਥਾਣੇ ਵਿੱਚ ਦਰਜ ਹਨ।
ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਦੇ ਬੈਕਵਰਡ ਅਤੇ ਫਾਰਵਰਡ ਲਿੰਕਸ ਦੀ ਪੜਤਾਲ ਜਾਰੀ ਹੈ, ਤਾਂ ਜੋ ਇਸ ਤਸਕਰੀ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਨੂੰ ਵੀ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾ ਸਕੇ।
Get all latest content delivered to your email a few times a month.