ਤਾਜਾ ਖਬਰਾਂ
ਪੰਜਾਬ ਵਿੱਚ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਵਾਉਣ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (PSMSU) ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ ਦੋ ਦਿਨਾਂ ਦੀ ਸੂਬਾ ਪੱਧਰੀ ਪੈੱਨ-ਡਾਊਨ ਅਤੇ ਕੰਪਿਊਟਰ ਬੰਦ ਹੜਤਾਲ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਤੀਜੇ ਦਿਨ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਚੰਡੀਗੜ੍ਹ ਵੱਲ ਮਾਰਚ ਕਰਨਗੇ। ਇਸ ਹੜਤਾਲ ਕਾਰਨ ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਦੇ ਕਈ ਅਹਿਮ ਕੰਮ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।
ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਨਾਲ ਕਈ ਦੌਰ ਦੀ ਗੱਲਬਾਤ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ 'ਤੇ ਕੋਈ ਢੁੱਕਵਾਂ ਫ਼ੈਸਲਾ ਨਹੀਂ ਲਿਆ ਗਿਆ। ਇਸੇ ਕਾਰਨ ਮੁਲਾਜ਼ਮਾਂ ਨੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ। ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਨਹੀਂ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਹੜਤਾਲ ਹੋਰ ਵੀ ਲੰਬੀ ਕੀਤੀ ਜਾ ਸਕਦੀ ਹੈ।
ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ (OPS) ਦੀ ਬਹਾਲੀ, ਬਕਾਇਆ ਮਹਿੰਗਾਈ ਭੱਤਾ (DA) ਜਾਰੀ ਕਰਨਾ, ਤਨਖ਼ਾਹ ਕਮਿਸ਼ਨ ਨਾਲ ਸਬੰਧਤ ਮਸਲਿਆਂ ਦਾ ਹੱਲ ਅਤੇ ਆਊਟਸੋਰਸ ਕਰਮਚਾਰੀਆਂ ਨੂੰ ਰੈਗੂਲਰ ਕਰਨਾ ਸ਼ਾਮਲ ਹੈ। ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਹੜਤਾਲ ਦੌਰਾਨ ਕਿਸੇ ਵੀ ਸਰਕਾਰੀ ਕੰਮ ਵਿੱਚ ਹਿੱਸਾ ਨਾ ਲਿਆ ਜਾਵੇ ਅਤੇ ਜੇਕਰ ਕੋਈ ਕਰਮਚਾਰੀ ਹੜਤਾਲ ਦੇ ਬਾਵਜੂਦ ਕੰਮ ਕਰਦਾ ਮਿਲਿਆ ਤਾਂ ਉਸ ਦਾ ਯੂਨੀਅਨ ਵੱਲੋਂ ਬਾਈਕਾਟ ਕੀਤਾ ਜਾਵੇਗਾ।
ਹੜਤਾਲ ਦਾ ਸਭ ਤੋਂ ਵੱਧ ਅਸਰ ਕਲੈਰੀਕਲ ਅਤੇ ਮਨਿਸਟੀਰੀਅਲ ਸਟਾਫ਼ ਦੇ ਕੰਮਕਾਜ 'ਤੇ ਪਵੇਗਾ, ਕਿਉਂਕਿ ਸਰਕਾਰੀ ਫਾਈਲਾਂ ਦੀ ਪ੍ਰਕਿਰਿਆ, ਰਿਕਾਰਡ ਸੰਭਾਲਣਾ ਅਤੇ ਦਫ਼ਤਰੀ ਕਾਰਵਾਈ ਦਾ ਵੱਡਾ ਹਿੱਸਾ ਇਨ੍ਹਾਂ ਕਰਮਚਾਰੀਆਂ ਰਾਹੀਂ ਹੀ ਹੁੰਦਾ ਹੈ। ਇਸ ਕਾਰਨ ਸਰਕਾਰੀ ਦਫ਼ਤਰਾਂ ਵਿੱਚ ਫਾਈਲਾਂ ਦੀ ਆਵਾਜਾਈ ਅਤੇ ਲੋਕਾਂ ਦੇ ਰੋਜ਼ਾਨਾ ਕੰਮ ਲਗਭਗ ਠੱਪ ਰਹਿਣਗੇ।
ਹੜਤਾਲ ਕਾਰਨ ਤਹਿਸੀਲਾਂ ਅਤੇ ਮਾਲ ਵਿਭਾਗ ਦੇ ਕੰਮ ਵੀ ਪ੍ਰਭਾਵਿਤ ਹੋਣਗੇ। ਜ਼ਮੀਨ ਦੀ ਰਜਿਸਟ੍ਰੇਸ਼ਨ, ਇੰਤਕਾਲ, ਐਨਓਸੀ, ਜਾਤੀ, ਰਿਹਾਇਸ਼ ਅਤੇ ਆਮਦਨ ਸਰਟੀਫਿਕੇਟ ਵਰਗੀਆਂ ਸੇਵਾਵਾਂ ਵਿੱਚ ਦੇਰੀ ਹੋ ਸਕਦੀ ਹੈ। ਇਨ੍ਹਾਂ ਨਾਲ ਜੁੜੀਆਂ ਅਰਜ਼ੀਆਂ ਦੀ ਜਾਂਚ ਅਤੇ ਤਸਦੀਕ ਦਾ ਕੰਮ ਵੀ ਰੁਕਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਵਿੱਚ ਵੀ ਹੜਤਾਲ ਦਾ ਅਸਰ ਵੇਖਣ ਨੂੰ ਮਿਲੇਗਾ। ਡਰਾਈਵਿੰਗ ਲਾਇਸੈਂਸ ਬਣਵਾਉਣ, ਵਾਹਨਾਂ ਦੀ ਰਜਿਸਟ੍ਰੇਸ਼ਨ (RC), ਫਿਟਨੈੱਸ ਸਰਟੀਫਿਕੇਟ ਅਤੇ ਹੋਰ ਟਰਾਂਸਪੋਰਟ ਨਾਲ ਸਬੰਧਤ ਕੰਮ ਪ੍ਰਭਾਵਿਤ ਰਹਿਣਗੇ।
ਸਿਹਤ ਵਿਭਾਗ ਵਿੱਚ ਵੀ ਕਲੈਰੀਕਲ ਸਟਾਫ਼ ਹੜਤਾਲ ਵਿੱਚ ਸ਼ਾਮਲ ਹੋਣ ਕਾਰਨ ਮੈਡੀਕਲ ਬਿੱਲਾਂ ਦੀ ਪ੍ਰਕਿਰਿਆ, ਅਪੰਗਤਾ ਸਰਟੀਫਿਕੇਟ, ਫੂਡ ਸੇਫ਼ਟੀ ਅਤੇ ਹੋਰ ਦਫ਼ਤਰੀ ਕੰਮਾਂ ਵਿੱਚ ਰੁਕਾਵਟ ਆ ਸਕਦੀ ਹੈ।
ਯੂਨੀਅਨ ਦੇ ਅਨੁਸਾਰ ਪੰਜਾਬ ਭਰ ਵਿੱਚ ਇੱਕ ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਇਸ ਸੰਘਰਸ਼ ਵਿੱਚ ਸ਼ਾਮਲ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਸਰਕਾਰ ਵੱਲੋਂ ਲਗਾਤਾਰ ਭਰੋਸੇ ਤਾਂ ਦਿੱਤੇ ਗਏ ਪਰ ਮੰਗਾਂ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ਨੂੰ ਹੜਤਾਲ ਦਾ ਰਾਹ ਅਪਣਾਉਣਾ ਪਿਆ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਦੌਰਾਨ ਪੰਜਾਬ ਵਿੱਚ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਲਗਾਤਾਰ ਹੜਤਾਲਾਂ ਕੀਤੀਆਂ ਗਈਆਂ ਹਨ। ਹਾਲ ਹੀ ਵਿੱਚ ਸਫ਼ਾਈ ਕਰਮਚਾਰੀਆਂ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੇ ਆਪਣੀਆਂ ਹੜਤਾਲਾਂ ਖ਼ਤਮ ਕੀਤੀਆਂ ਸਨ, ਜਦਕਿ ਹੁਣ ਮਨਿਸਟੀਰੀਅਲ ਸਟਾਫ਼ ਦੇ ਸੰਘਰਸ਼ ਕਾਰਨ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮ ਕਰਵਾਉਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
Get all latest content delivered to your email a few times a month.