ਤਾਜਾ ਖਬਰਾਂ
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਆਪਣੀ ਮੁਹਿੰਮ ਤਹਿਤ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਐਸ.ਏ.ਐਸ. ਨਗਰ (ਮੋਹਾਲੀ) ਦੇ ਡੀ.ਸੀ. ਦਫ਼ਤਰ ਦੀ ਆਰ.ਆਈ.ਏ. ਸ਼ਾਖਾ ਵਿੱਚ ਤਾਇਨਾਤ ਸੀਨੀਅਰ ਸਹਾਇਕ ਭੁਪਿੰਦਰ ਕੌਰ ਨੂੰ 1,00,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਤਹਿਸੀਲ ਅਧੀਨ ਪੈਂਦੇ ਪਿੰਡ ਚਿਤ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਭੁਪਿੰਦਰ ਕੌਰ ਨੇ ਮੋਹਾਲੀ ਦੇ ਸੈਕਟਰ 111/112 ਸਥਿਤ ਸਕਾਈ ਰੌਕ ਵੈਲਫੇਅਰ ਸੁਸਾਇਟੀ ਵਿੱਚ ਨਿਲਾਮੀ ਰਾਹੀਂ ਪਲਾਟ ਅਲਾਟ ਕਰਵਾਉਣ ਦੇ ਬਦਲੇ ਉਸ ਤੋਂ ਕੁੱਲ 8 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।
ਸ਼ਿਕਾਇਤਕਰਤਾ ਨੇ ਰਿਸ਼ਵਤ ਦੇਣ ਦੀ ਬਜਾਏ ਮਾਮਲੇ ਦੀ ਜਾਣਕਾਰੀ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ-1, ਐਸ.ਏ.ਐਸ. ਨਗਰ ਨੂੰ ਦਿੱਤੀ। ਸ਼ਿਕਾਇਤ ਦੀ ਪੁਸ਼ਟੀ ਤੋਂ ਬਾਅਦ ਵਿਜੀਲੈਂਸ ਟੀਮ ਨੇ ਯੋਜਨਾਬੱਧ ਢੰਗ ਨਾਲ ਟਰੈਪ ਲਗਾਇਆ। ਕਾਰਵਾਈ ਦੌਰਾਨ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਦੋਸ਼ੀ ਸੀਨੀਅਰ ਸਹਾਇਕ ਨੂੰ ਸ਼ਿਕਾਇਤਕਰਤਾ ਤੋਂ 1 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।
ਵਿਜੀਲੈਂਸ ਬਿਊਰੋ ਨੇ ਦੋਸ਼ੀ ਭੁਪਿੰਦਰ ਕੌਰ ਖ਼ਿਲਾਫ਼ ਪੁਲਿਸ ਥਾਣਾ ਵਿਜੀਲੈਂਸ ਬਿਊਰੋ, ਐਸ.ਏ.ਐਸ. ਨਗਰ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਵੀ ਪਤਾ ਲਗਾਇਆ ਜਾ ਸਕੇ ਕਿ ਇਸ ਰਿਸ਼ਵਤਖੋਰੀ ਮਾਮਲੇ ਵਿੱਚ ਹੋਰ ਕੋਈ ਵਿਅਕਤੀ ਜਾਂ ਅਧਿਕਾਰੀ ਸ਼ਾਮਲ ਤਾਂ ਨਹੀਂ।
Get all latest content delivered to your email a few times a month.