ਤਾਜਾ ਖਬਰਾਂ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਤਰੱਕੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹੇ ਦੇ 10 ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਦੀ ਸੇਵਾ ਅਤੇ ਕਾਰਗੁਜ਼ਾਰੀ ਦੇ ਆਧਾਰ 'ਤੇ ਉੱਚੇ ਅਹੁਦਿਆਂ 'ਤੇ ਤਰੱਕੀ ਦਿੱਤੀ ਗਈ ਹੈ। ਤਰੱਕੀ ਪ੍ਰਾਪਤ ਕਰਨ ਵਾਲਿਆਂ ਨੂੰ ਐਸਐਸਪੀ ਡਾ. ਅੰਕੁਰ ਗੁਪਤਾ ਨੇ ਵਧਾਈ ਦਿੰਦਿਆਂ ਨਵੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਅਤੇ ਪੇਸ਼ੇਵਰਤਾ ਨਾਲ ਨਿਭਾਉਣ ਦੀ ਅਪੀਲ ਕੀਤੀ।
ਇਸ ਤਰੱਕੀ ਸੂਚੀ ਵਿੱਚ ਰਾਜਵੀਰ ਸਿੰਘ, ਰਣਧੀਰ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਸਬ-ਇੰਸਪੈਕਟਰ (ਐਸਆਈ) ਬਣਾਇਆ ਗਿਆ ਹੈ। ਇਸਦੇ ਨਾਲ ਹੀ ਹੈੱਡ ਕਾਂਸਟੇਬਲ ਉਪਕਾਰ ਸਿੰਘ, ਪਵਨਦੀਪ ਸਿੰਘ, ਸੁਖਦੇਵ ਸਿੰਘ, ਜਸਪ੍ਰੀਤ ਸਿੰਘ, ਸੁਖਦੇਵ ਸਿੰਘ, ਜਸਵਿੰਦਰ ਸਿੰਘ ਅਤੇ ਕਮਲਜੀਤ ਸਿੰਘ ਨੂੰ ਸਹਾਇਕ ਸਬ-ਇੰਸਪੈਕਟਰ (ਏਐਸਆਈ) ਦੇ ਅਹੁਦੇ 'ਤੇ ਤਰੱਕੀ ਦਿੱਤੀ ਗਈ ਹੈ।
ਤਰੱਕੀ ਪ੍ਰਾਪਤ ਕਰਨ ਵਾਲਿਆਂ ਵਿੱਚ ਏਐਸਆਈ ਉਪਕਾਰ ਸਿੰਘ ਵਿਸ਼ੇਸ਼ ਚਰਚਾ ਦਾ ਕੇਂਦਰ ਰਹੇ। ਉਹ ਐਸਐਸਪੀ ਡਾ. ਅੰਕੁਰ ਗੁਪਤਾ ਦੇ ਸਾਬਕਾ ਰੀਡਰ ਰਹਿ ਚੁੱਕੇ ਹਨ ਅਤੇ ਹਾਲ ਹੀ ਵਿੱਚ ਪੀਏਪੀ ਅਕੈਡਮੀ, ਫਿਲੌਰ ਤੋਂ ਤਿੰਨ ਮਹੀਨਿਆਂ ਦੀ ਪੇਸ਼ੇਵਰ ਸਿਖਲਾਈ ਸਫਲਤਾਪੂਰਵਕ ਪੂਰੀ ਕਰਕੇ ਵਾਪਸ ਆਏ ਹਨ। ਸਿਖਲਾਈ ਪੂਰੀ ਹੋਣ ਮਗਰੋਂ ਉਨ੍ਹਾਂ ਨੂੰ ਤਰੱਕੀ ਮਿਲੀ ਅਤੇ ਐਸਐਸਪੀ ਨੇ ਖੁਦ ਉਨ੍ਹਾਂ ਦੇ ਮੋਢੇ 'ਤੇ ਸਟਾਰ ਲਗਾ ਕੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਏਐਸਆਈ ਉਪਕਾਰ ਸਿੰਘ ਨੇ ਕਿਹਾ ਕਿ ਵਿਭਾਗ ਵੱਲੋਂ ਉਨ੍ਹਾਂ 'ਤੇ ਜਤਾਏ ਗਏ ਭਰੋਸੇ ਨੂੰ ਉਹ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਨਾਲ ਕਾਇਮ ਰੱਖਣਗੇ। ਉਨ੍ਹਾਂ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਹਰ ਵਿਅਕਤੀ ਦੀ ਨਿਰਪੱਖ ਸੁਣਵਾਈ ਯਕੀਨੀ ਬਣਾਉਣ ਅਤੇ ਇਨਸਾਫ਼ ਪ੍ਰਦਾਨ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਐਸਐਸਪੀ ਡਾ. ਅੰਕੁਰ ਗੁਪਤਾ ਨੇ ਕਿਹਾ ਕਿ ਤਰੱਕੀ ਸਿਰਫ਼ ਇੱਕ ਸਨਮਾਨ ਨਹੀਂ, ਸਗੋਂ ਵਧੀਆਂ ਜ਼ਿੰਮੇਵਾਰੀਆਂ ਦਾ ਪ੍ਰਤੀਕ ਵੀ ਹੈ। ਉਨ੍ਹਾਂ ਉਮੀਦ ਜਤਾਈ ਕਿ ਸਾਰੇ ਤਰੱਕੀ ਪ੍ਰਾਪਤ ਅਧਿਕਾਰੀ ਲੋਕਾਂ ਦੀ ਸੇਵਾ, ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਅਤੇ ਪੁਲਿਸ ਵਿਭਾਗ ਦੀ ਸਾਖ ਨੂੰ ਹੋਰ ਉੱਚਾ ਚੁੱਕਣ ਲਈ ਪੂਰੀ ਲਗਨ ਅਤੇ ਪੇਸ਼ੇਵਰ ਸੋਚ ਨਾਲ ਆਪਣਾ ਫਰਜ਼ ਨਿਭਾਉਣਗੇ।
Get all latest content delivered to your email a few times a month.