ਤਾਜਾ ਖਬਰਾਂ
ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਸਥਿਤ ਇੱਕ ਨਿੱਜੀ ਮਿਲਕ ਪਲਾਂਟ ਵਿੱਚ ਵੀਰਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਪਲਾਂਟ ਦੇ ਵੇਸਟ ਵਾਟਰ ਟ੍ਰੀਟਮੈਂਟ ਯੂਨਿਟ ਵਿੱਚ ਡਿਊਟੀ ਦੌਰਾਨ ਸੈਂਪਲ ਲੈਂਦੇ ਸਮੇਂ 25 ਸਾਲਾ ਕਰਮਚਾਰੀ ਸਿਮਰਨਜੀਤ ਸਿੰਘ ਦੀ ਕਰੀਬ 20 ਫੁੱਟ ਡੂੰਘੇ ਟੈਂਕ ਵਿੱਚ ਡਿੱਗਣ ਕਾਰਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ, ਜਦਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪਲਾਂਟ ਪ੍ਰਬੰਧਨ 'ਤੇ ਲਾਪਰਵਾਹੀ ਦੇ ਦੋਸ਼ ਲਗਾ ਕੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।
ਮ੍ਰਿਤਕ ਦੀ ਪਛਾਣ ਸਿਮਰਨਜੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਪ੍ਰੀਤ ਨਗਰ, ਸਰਹਿੰਦ ਵਜੋਂ ਹੋਈ ਹੈ। ਪਰਿਵਾਰ ਮੁਤਾਬਕ ਸਿਮਰਨਜੀਤ ਪਿਛਲੇ ਕਰੀਬ ਢਾਈ ਸਾਲ ਤੋਂ ਸੁਪਰ ਮਿਲਕ ਪਲਾਂਟ ਵਿੱਚ ਕੰਮ ਕਰ ਰਿਹਾ ਸੀ। ਉਹ ਰੋਜ਼ਾਨਾ ਦੀ ਤਰ੍ਹਾਂ ਵੇਸਟ ਵਾਟਰ ਟ੍ਰੀਟਮੈਂਟ ਯੂਨਿਟ ਵਿੱਚ ਪਾਣੀ ਦੇ ਸੈਂਪਲ ਲੈਣ ਗਿਆ ਹੋਇਆ ਸੀ, ਜਿੱਥੇ ਅਚਾਨਕ ਉਸ ਦਾ ਪੈਰ ਫਿਸਲ ਗਿਆ ਅਤੇ ਉਹ ਡੂੰਘੇ ਟੈਂਕ ਵਿੱਚ ਜਾ ਡਿੱਗਿਆ।
ਘਟਨਾ ਤੋਂ ਤੁਰੰਤ ਬਾਅਦ ਪਲਾਂਟ ਦੇ ਕਰਮਚਾਰੀਆਂ ਨੇ ਉਸ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਵੀ ਸੂਚਿਤ ਕੀਤਾ ਗਿਆ, ਪਰ ਉਸ ਨੂੰ ਸੁਰੱਖਿਅਤ ਬਾਹਰ ਨਹੀਂ ਕੱਢਿਆ ਜਾ ਸਕਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮ੍ਰਿਤਕ ਦੇ ਪਿਤਾ ਦਲਜੀਤ ਸਿੰਘ ਨੇ ਦੋਸ਼ ਲਗਾਇਆ ਕਿ ਘਟਨਾ ਦੀ ਜਾਣਕਾਰੀ ਮਿਲਣ 'ਤੇ ਜਦੋਂ ਉਹ ਪਲਾਂਟ ਪਹੁੰਚੇ ਤਾਂ ਮੈਨੇਜਮੈਂਟ ਵੱਲੋਂ ਉਨ੍ਹਾਂ ਨੂੰ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਸੁਰੱਖਿਆ ਪ੍ਰਬੰਧਾਂ ਵਿੱਚ ਕੋਈ ਕਮੀ ਤਾਂ ਨਹੀਂ ਸੀ। ਉਨ੍ਹਾਂ ਨੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਅਤੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਹੈ।
ਦੂਜੇ ਪਾਸੇ ਸੁਪਰ ਮਿਲਕ ਪਲਾਂਟ ਦੇ ਜੀ.ਐੱਮ. ਆਪ੍ਰੇਸ਼ਨ ਐੱਸ.ਡੀ. ਬਾਤਿਸ਼ ਨੇ ਦੱਸਿਆ ਕਿ ਸਿਮਰਨਜੀਤ ਆਪਣੇ ਨਿਯਮਤ ਕੰਮ ਦੌਰਾਨ ਸੈਂਪਲ ਇਕੱਠੇ ਕਰ ਰਿਹਾ ਸੀ। ਇਸੇ ਦੌਰਾਨ ਅਚਾਨਕ ਉਸ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਕਰੀਬ 20 ਫੁੱਟ ਡੂੰਘੇ ਟੈਂਕ ਵਿੱਚ ਡਿੱਗ ਪਿਆ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨੇ ਤੁਰੰਤ ਬਚਾਅ ਕਾਰਵਾਈ ਸ਼ੁਰੂ ਕੀਤੀ, ਪਰ ਉਸ ਦੀ ਜਾਨ ਨਹੀਂ ਬਚ ਸਕੀ। ਕੰਪਨੀ ਵੱਲੋਂ ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।
ਉਧਰ, ਪੁਲਿਸ ਨੇ ਵੀ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮਿਲਕ ਪਲਾਂਟ ਵਿੱਚ ਕਰਮਚਾਰੀ ਦੀ ਮੌਤ ਦੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਸਾਰੇ ਤੱਥਾਂ ਅਤੇ ਹਾਲਾਤਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਰਿਪੋਰਟ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ ਅਤੇ ਉਦਯੋਗਿਕ ਇਕਾਈਆਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੋ ਰਹੇ ਹਨ।
Get all latest content delivered to your email a few times a month.