ਤਾਜਾ ਖਬਰਾਂ
ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰੀਤੀ ਸਪਰੂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪੰਜਾਬ ਨਾਲ ਫਿਲਮਾਂ ਦੇ ਜ਼ਰੀਏ ਜੁੜੀ ਹੋਈ ਹੈ ਅਤੇ ਹੁਣ ਉਨ੍ਹਾਂ ਦੇ ਬੱਚੇ ਵੀ ਜਵਾਨ ਹੋ ਚੁੱਕੇ ਹਨ। ਇਸ ਕਾਰਨ ਉਹ ਆਪਣਾ ਵਧੇਰੇ ਸਮਾਂ ਸਮਾਜ ਸੇਵਾ ਲਈ ਦੇਣਾ ਚਾਹੁੰਦੀ ਹੈ। ਉਨ੍ਹਾਂ ਦੱਸਿਆ ਕਿ ਆਪਣੀ ਮਾਂ ਦੀ ਯਾਦ ਵਿੱਚ ਬਣਾਈ ਸੰਸਥਾ ਰਾਹੀਂ ਉਹ ਪੰਜਾਬ ਦੀਆਂ ਔਰਤਾਂ ਨਾਲ ਸਿੱਧੇ ਤੌਰ ’ਤੇ ਜੁੜ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਲੋੜ ਮੁਤਾਬਕ ਸਹਾਇਤਾ ਕਰਨ ਦਾ ਯਤਨ ਕਰਨਗੇ।
ਪ੍ਰੀਤੀ ਸਪਰੂ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ’ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਨਸ਼ਿਆਂ ਨਾਲ ਸਿਰਫ਼ ਨੌਜਵਾਨ ਹੀ ਪ੍ਰਭਾਵਿਤ ਨਹੀਂ ਹੁੰਦੇ, ਸਗੋਂ ਉਨ੍ਹਾਂ ਦੇ ਪਰਿਵਾਰਾਂ, ਖਾਸ ਕਰਕੇ ਮਾਵਾਂ ਨੂੰ ਵੀ ਭਾਰੀ ਮਾਨਸਿਕ ਅਤੇ ਸਮਾਜਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਨ੍ਹਾਂ ਮਾਵਾਂ ਦੇ ਦੁੱਖ ਨੂੰ ਸਮਝਣਾ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਪੂਰੀਆਂ ਕਰਨਾ ਵੀ ਸਮਾਜ ਦੀ ਵੱਡੀ ਜ਼ਿੰਮੇਵਾਰੀ ਹੈ।
ਅਦਾਕਾਰਾ ਨੇ ਦੱਸਿਆ ਕਿ ਉਹ ਬਠਿੰਡਾ ਸਥਿਤ ਏਮਜ਼ ਹਸਪਤਾਲ ਦਾ ਦੌਰਾ ਵੀ ਕਰ ਚੁੱਕੀ ਹੈ, ਜਿੱਥੇ ਉਨ੍ਹਾਂ ਨੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਨਾਲ ਜੂਝਦੇ ਦੇਖਿਆ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਵਿੱਚ ਕੈਂਸਰ ਦੀ ਵਧ ਰਹੀ ਸਮੱਸਿਆ ਵੱਲ ਵੀ ਧਿਆਨ ਦੇਣ ਦੀ ਲੋੜ ਦੱਸੀ। ਉਨ੍ਹਾਂ ਕਿਹਾ ਕਿ ਨਸ਼ਾ ਅਤੇ ਕੈਂਸਰ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਨਜਿੱਠਣ ਲਈ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਕੰਮ ਕਰਨਾ ਪਵੇਗਾ।
ਪ੍ਰੀਤੀ ਸਪਰੂ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਹ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਸੈਮੀਨਾਰ ਕਰਵਾਉਣ ਅਤੇ ਨੌਜਵਾਨਾਂ ਨਾਲ ਸਿੱਧੀ ਗੱਲਬਾਤ ਕਰਨ ਦੀ ਯੋਜਨਾ ਬਣਾ ਰਹੀ ਹੈ। ਇਸ ਮੁਹਿੰਮ ਵਿੱਚ ਪੰਜਾਬ ਦੇ ਨਾਲ-ਨਾਲ ਦੇਸ਼-ਵਿਦੇਸ਼ ਦੇ ਕਲਾਕਾਰਾਂ ਨੂੰ ਵੀ ਜੋੜਿਆ ਜਾਵੇਗਾ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਸਮਾਜਿਕ ਮੁਹਿੰਮ ਦਾ ਹਿੱਸਾ ਬਣ ਸਕਣ।
ਉਨ੍ਹਾਂ ਕਿਹਾ ਕਿ ਹਰ ਕੋਈ ਚਾਹੁੰਦਾ ਹੈ ਕਿ ਪੰਜਾਬ ਮੁੜ ਹੱਸਦਾ-ਵੱਸਦਾ ਅਤੇ ਨਸ਼ਾ ਮੁਕਤ ਸੂਬਾ ਬਣੇ। ਇਸ ਮਕਸਦ ਲਈ ਜੇਕਰ ਲੋੜ ਪਈ ਤਾਂ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰ ਸਰਕਾਰ ਨਾਲ ਵੀ ਗੱਲਬਾਤ ਕਰਨਗੇ। ਪ੍ਰੀਤੀ ਸਪਰੂ ਦਾ ਕਹਿਣਾ ਹੈ ਕਿ ਪੰਜਾਬ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਸਮੱਸਿਆਵਾਂ ਤੋਂ ਬਾਹਰ ਕੱਢਣ ਲਈ ਸਰਕਾਰ, ਸਮਾਜ ਅਤੇ ਕਲਾਕਾਰਾਂ ਨੂੰ ਮਿਲ ਕੇ ਅੱਗੇ ਆਉਣਾ ਹੋਵੇਗਾ।
Get all latest content delivered to your email a few times a month.