ਤਾਜਾ ਖਬਰਾਂ
ਐੱਸ ਏ ਐੱਸ ਨਗਰ/ਚੰਡੀਗੜ੍ਹ, 9 ਅਗਸਤ:
ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਮਿਸ਼ਨ ਦੀ ਲਗਾਤਾਰਤਾ ਵਿੱਚ ਸ਼ਨੀਵਾਰ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸੈਨਿਕ ਸਦਨ, ਮੋਹਾਲੀ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ ਨਵ-ਨਿਯੁਕਤ 8 ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰਾਂ, 42 ਸੈਨਿਕ ਭਲਾਈ ਪ੍ਰਬੰਧਕਾਂ ਅਤੇ 1 ਕਲਰਕ ਸਮੇਤ ਕੁੱਲ 51 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਰਸਮੀ ਤੌਰ 'ਤੇ ਨਿਯੁਕਤੀ ਪੱਤਰ ਸੌਂਪੇ।
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਹੋਰ ਮਜ਼ਬੂਤ ਹੋਵੇਗੀ ਅਤੇ ਸਾਬਕਾ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਸਰਕਾਰੀ ਸੇਵਾਵਾਂ ਹੋਰ ਬਿਹਤਰ ਅਤੇ ਸਮੇਂ ਸਿਰ ਮੁਹੱਈਆ ਕਰਵਾਈਆਂ ਜਾ ਸਕਣਗੀਆਂ।
ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਵਿਭਾਗ ਲੰਬੇ ਸਮੇਂ ਤੋਂ ਸਟਾਫ਼ ਦੀ ਘਾਟ ਦਾ ਸਾਹਮਣਾ ਕਰ ਰਿਹਾ ਸੀ, ਜਿਸ ਕਾਰਨ ਸਾਬਕਾ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਹੋਰ ਲਾਭਪਾਤਰੀਆਂ ਨਾਲ ਸਬੰਧਤ ਭਲਾਈ ਕਾਰਜ ਪ੍ਰਭਾਵਿਤ ਹੋ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲਗਾਤਾਰ ਉਪਰਾਲਿਆਂ ਸਦਕਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਕੁੱਲ ਨਫ਼ਰੀ ਵਿੱਚ ਲਗਭਗ 20 ਫ਼ੀਸਦੀ ਸਟਾਫ਼ ਦੀ ਘਾਟ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਨਵੀਆਂ ਨਿਯੁਕਤੀਆਂ ਨਾਲ ਵਿਭਾਗ ਦੀਆਂ ਸੇਵਾਵਾਂ ਨੂੰ ਜ਼ਿਲ੍ਹਾ ਪੱਧਰ 'ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਵਿੱਚ ਮਦਦ ਮਿਲੇਗੀ।
ਸ੍ਰੀ ਭਗਤ ਨੇ ਨਵ-ਨਿਯੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰੀ ਨੌਕਰੀ ਕੇਵਲ ਰੁਜ਼ਗਾਰ ਦਾ ਸਾਧਨ ਨਹੀਂ, ਸਗੋਂ ਲੋਕ ਸੇਵਾ ਦਾ ਇੱਕ ਵੱਡਾ ਮੌਕਾ ਹੈ। ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ, ਸਮਰਪਣ ਅਤੇ ਲੋਕ-ਪੱਖੀ ਸੋਚ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਕਿਹਾ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਮੁੱਢਲੀ ਜ਼ਿੰਮੇਵਾਰੀ ਸਾਬਕਾ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨਾਲ ਸਬੰਧਤ ਭਲਾਈ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨਾ ਹੈ। ਇਸ ਲਈ ਨਵ-ਨਿਯੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਨ੍ਹਾਂ ਦੇਸ਼-ਭਗਤ ਪਰਿਵਾਰਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸ਼ਹੀਦਾਂ ਅਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਅਤੇ ਹੋਰ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Get all latest content delivered to your email a few times a month.