ਤਾਜਾ ਖਬਰਾਂ
ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ 1947 ਦੀ ਵੰਡ ਪੰਜਾਬ ਲਈ ਵੱਡਾ ਉਜਾੜਾ ਸੀ ਅਤੇ ਇਸ ਦੌਰਾਨ 10 ਲੱਖ ਤੋਂ ਵੱਧ ਪੰਜਾਬੀਆਂ ਦੀ ਜਾਨ ਗਈ। ਉਨ੍ਹਾਂ ਕਿਹਾ ਕਿ ਉਸ ਸਮੇਂ ਦੀਆਂ ਘਟਨਾਵਾਂ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਯਾਦਾਂ ਵਿੱਚ ਵੱਸੀਆਂ ਹੋਈਆਂ ਹਨ। ਉਨ੍ਹਾਂ ਅਰਦਾਸ ਕੀਤੀ ਕਿ ਅਜਿਹਾ ਦੁਖਾਂਤ ਮੁੜ ਕਦੇ ਨਾ ਵਾਪਰੇ।
ਜਥੇਦਾਰ ਗੜਗੱਜ ਨੇ ਕਿਹਾ ਕਿ ਵੰਡ ਕਾਰਨ ਕਈ ਇਤਿਹਾਸਕ ਗੁਰਧਾਮ ਸਿੱਖ ਸੰਗਤ ਤੋਂ ਵਿਛੜ ਗਏ ਅਤੇ ਲੋਕਾਂ ਨੂੰ ਆਪਣੇ ਘਰ-ਬਾਰ ਤੇ ਜ਼ਮੀਨਾਂ ਛੱਡਣੀਆਂ ਪਈਆਂ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਦੀ ਅਰਦਾਸ ਹੈ ਕਿ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦੀਦਾਰ ਦਾ ਮੌਕਾ ਮਿਲਦਾ ਰਹੇ।
ਉਨ੍ਹਾਂ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਨੂੰ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਲਈ ਗੱਲਬਾਤ ਕਰਨ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਸ੍ਰੀ ਨਨਕਾਣਾ ਸਾਹਿਬ ਸਮੇਤ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਸਿੱਖ ਜਥਿਆਂ ਵਿੱਚ ਸ਼ਰਧਾਲੂਆਂ ਦਾ ਕੋਟਾ ਵਧਾਉਣ ਦੀ ਮੰਗ ਵੀ ਰੱਖੀ।
ਇਸ ਮੌਕੇ ਜਥੇਦਾਰ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਉਨ੍ਹਾਂ ਨਾਲ ਸਬੰਧਤ ਮਸਲਿਆਂ ਦੇ ਹੱਲ ਦੀ ਵੀ ਗੱਲ ਕੀਤੀ। ਉਨ੍ਹਾਂ ਸਰਕਾਰਾਂ ’ਤੇ ਸਿੱਖਾਂ ਨਾਲ ਕਥਿਤ ਵਿਤਕਰੇ ਦਾ ਦੋਸ਼ ਲਾਉਂਦਿਆਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਇਕਸਾਰ ਨੀਤੀ ਅਪਣਾਈ ਜਾਣੀ ਚਾਹੀਦੀ ਹੈ।
ਜਥੇਦਾਰ ਗੜਗੱਜ ਨੇ ਸਿੱਖ ਸੰਗਤ ਨੂੰ ਆਪਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਕੌਮ ਅਤੇ ਗੁਰੂ ਸਾਹਿਬ ਦੀ ਰਹਿਨੁਮਾਈ ਹੇਠ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿੱਚ ਹਮਲੇ ਅਤੇ ਆਪਸੀ ਟਕਰਾਅ ਸਿੱਖ ਪੰਥ ਦੇ ਹਿੱਤ ਵਿੱਚ ਨਹੀਂ ਹਨ। ਉਨ੍ਹਾਂ ਸਿੱਖੀ ਦੇ ਉੱਚੇ ਅਸੂਲਾਂ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਨੂੰ ਸਮੇਂ ਦੀ ਲੋੜ ਦੱਸਿਆ।
Get all latest content delivered to your email a few times a month.