ਤਾਜਾ ਖਬਰਾਂ
ਚੰਡੀਗੜ੍ਹ, 20 ਅਗਸਤ, 2026: ਪੰਜਾਬ ਦੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਰਵਜੋਤ ਸਿੰਘ ਅਤੇ ਯੂ.ਕੇ. ਦੇ ਸੰਸਦ ਮੈਂਬਰ ਤੇ ਬਰਤਾਨਵੀ ਸੰਸਦ ਦੀ ਰੱਖਿਆ ਕਮੇਟੀ ਦੇ ਚੇਅਰਮੈਨ ਤਨਮਨਜੀਤ ਸਿੰਘ ਢੇਸੀ ਨੇ ਬੀਤੇ ਦਿਨ ਚੰਡੀਗੜ੍ਹ ਵਿਖੇ ਮੁਲਾਕਾਤ ਕਰਕੇ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਅਹਿਮ ਮੁੱਦਿਆਂ, ਪੰਜਾਬ ਨਾਲ ਹਵਾਈ ਸੰਪਰਕ, ਨਿਵੇਸ਼ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਸੁਰੱਖਿਆ ਸਮੇਤ ਕਈ ਮਾਮਲਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਰਾਏਪੁਰ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਚੰਡੀਗੜ੍ਹ ਤੋਂ ਹੋਰ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਅਤੇ ਮੌਜੂਦਾ ਸਿੱਧੀਆਂ ਹਵਾਈ ਸੇਵਾਵਾਂ ਵਿੱਚ ਵਾਧਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਲੰਡਨ, ਬਰਮਿੰਘਮ ਅਤੇ ਯੂਰਪ ਦੇ ਹੋਰ ਪ੍ਰਮੁੱਖ ਸ਼ਹਿਰਾਂ ਨਾਲ ਪੰਜਾਬ ਦਾ ਸਿੱਧਾ ਹਵਾਈ ਸੰਪਰਕ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਦੋਵਾਂ ਹਵਾਈ ਅੱਡਿਆਂ ’ਤੇ ਹਵਾਈ ਮਾਲ ਦੀ ਢੋਆ-ਢੁਆਈ ਲਈ ਬਿਹਤਰ ਕਾਰਗੋ ਬੁਨਿਆਦੀ ਢਾਂਚਾ ਵਿਕਸਤ ਕਰਨ ਬਾਰੇ ਵੀ ਵਿਚਾਰ ਕੀਤਾ ਗਿਆ।
ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਪੰਜਾਬ ਅਤੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦਰਮਿਆਨ ਆਰਥਿਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਬਿਹਤਰ ਹਵਾਈ ਅਤੇ ਕਾਰਗੋ ਸੰਪਰਕ ਬਹੁਤ ਜ਼ਰੂਰੀ ਹੈ। ਇਸ ਨਾਲ ਹੋਰਨਾਂ ਸੂਬਿਆਂ ਸਮੇਤ ਪੰਜਾਬ ਦੇ ਉਦਯੋਗ, ਖੇਤੀਬਾੜੀ, ਵਪਾਰ, ਸੈਰ-ਸਪਾਟਾ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਵੱਡਾ ਹੁਲਾਰਾ ਮਿਲਣ ਦੇ ਨਾਲ-ਨਾਲ ਪ੍ਰਵਾਸੀ ਪੰਜਾਬੀਆਂ ਵੱਲੋਂ ਸੂਬੇ ਵਿੱਚ ਨਿਵੇਸ਼ ਨੂੰ ਵੀ ਉਤਸ਼ਾਹਿਤ ਕੀਤਾ ਜਾ ਸਕਦਾ ਹੈ।
ਮੀਟਿੰਗ ਦੌਰਾਨ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਜ਼ਮੀਨ ਅਤੇ ਜਾਇਦਾਦ ਦੇ ਵਿਵਾਦਾਂ ਦਾ ਮੁੱਦਾ ਵੀ ਵਿਸ਼ੇਸ਼ ਤੌਰ ’ਤੇ ਉਠਾਇਆ ਗਿਆ। ਸ੍ਰੀ ਢੇਸੀ ਨੇ ਅਜਿਹੇ ਮਾਮਲਿਆਂ ਦਾ ਮਿਥੇ ਸਮੇਂ ਅੰਦਰ ਨਿਪਟਾਰਾ ਕਰਨ ਅਤੇ ਐਨ.ਆਰ.ਆਈਜ਼ ਨੂੰ ਵਾਰ-ਵਾਰ ਪੰਜਾਬ ਆਉਣ ਜਾਂ ਲੰਬੇ ਸਮੇਂ ਤੱਕ ਅਦਾਲਤੀ ਅਤੇ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਵਿੱਚ ਉਲਝਣ ਤੋਂ ਬਚਾਉਣ ਲਈ ਪ੍ਰਭਾਵਸ਼ਾਲੀ ਪ੍ਰਬੰਧ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨਾਲ ਹੋ ਰਹੀਆਂ ਜਾਇਦਾਦੀ ਧੋਖਾਧੜੀਆਂ, ਸਾਈਬਰ ਅਪਰਾਧਾਂ ਅਤੇ ਹੋਰ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਦੀ ਲੋੜ ਵੀ ਉਜਾਗਰ ਕੀਤੀ।
ਇਸ ਮੌਕੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਕਾਰੋਬਾਰੀਆਂ, ਉਦਯੋਗਪਤੀਆਂ ਅਤੇ ਖੇਡ ਪ੍ਰਮੋਟਰਾਂ ਨੂੰ ਮਿਲ ਰਹੀਆਂ ਧਮਕੀਆਂ ਅਤੇ ਫਿਰੌਤੀ ਦੀਆਂ ਮੰਗਾਂ ’ਤੇ ਵੀ ਚਿੰਤਾ ਪ੍ਰਗਟ ਕੀਤੀ ਗਈ। ਸ੍ਰੀ ਢੇਸੀ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਕਾਰੋਬਾਰੀ ਹਿੱਤਾਂ ਦੀ ਰੱਖਿਆ ਨਾਲ ਜੁੜੇ ਮਾਮਲਿਆਂ ਨੂੰ ਕੇਂਦਰ ਸਰਕਾਰ ਅਤੇ ਸਬੰਧਤ ਸੁਰੱਖਿਆ ਏਜੰਸੀਆਂ ਦੇ ਧਿਆਨ ਵਿੱਚ ਲਿਆਉਣਾ ਜ਼ਰੂਰੀ ਹੈ।
ਇਸ ਤੋਂ ਇਲਾਵਾ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਰਾਹੀਂ ਸ਼ਰਧਾਲੂਆਂ ਦੀ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਦੋਵਾਂ ਆਗੂਆਂ ਨੇ ਇਸ ਗੱਲ ’ਤੇ ਸਹਿਮਤੀ ਪ੍ਰਗਟਾਈ ਕਿ ਪੰਜਾਬ ਅਤੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਵਿਚਕਾਰ ਆਰਥਿਕ, ਸਮਾਜਿਕ ਅਤੇ ਸੱਭਿਆਚਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਅਜਿਹੇ ਮਸਲਿਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਜਾਣਾ ਜ਼ਰੂਰੀ ਹੈ।
ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨੇ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮੁੱਦਿਆਂ ਨੂੰ ਪੰਜਾਬ ਸਰਕਾਰ ਵੱਲੋਂ ਗੰਭੀਰਤਾ ਨਾਲ ਲੈਣ ਅਤੇ ਸਬੰਧਤ ਮਾਮਲਿਆਂ ਨੂੰ ਢੁਕਵੇਂ ਪੱਧਰ ’ਤੇ ਉਠਾਉਣ ਦਾ ਭਰੋਸਾ ਦਿੱਤਾ।
Get all latest content delivered to your email a few times a month.