ਤਾਜਾ ਖਬਰਾਂ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਫ਼ੀਸਾਂ 'ਚ ਕੀਤੇ ਗਏ ਵਾਧੇ ਦੇ ਵਿਰੋਧ 'ਚ ਵਿਦਿਆਰਥੀ ਸੰਘਰਸ਼ ਹੋਰ ਵੀ ਤਿੱਖਾ ਹੋ ਗਿਆ ਹੈ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਯੂਨੀਵਰਸਿਟੀ ਦੇ ਦੋਵੇਂ ਮੁੱਖ ਗੇਟ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਹਨ, ਜਿਸ ਕਾਰਨ ਕੈੰਪਸ ਵਿੱਚ ਆਉਣ-ਜਾਣ ਵਾਲਾ ਸਾਰਾ ਰਸਤਾ ਠੱਪ ਹੋ ਗਿਆ ਹੈ।
ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦਾ ਦੋਸ਼ ਹੈ ਕਿ ਫ਼ੀਸਾਂ ਵਿੱਚ ਕੀਤਾ ਵਾਧਾ ਆਮ ਪਰਿਵਾਰਾਂ ਦੇ ਬੱਚਿਆਂ 'ਤੇ ਆਰਥਿਕ ਬੋਝ ਪਾ ਰਿਹਾ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਸਰਕਾਰੀ ਯੂਨੀਵਰਸਿਟੀਆਂ ਵਿੱਚ ਫ਼ੀਸਾਂ ਵਧਾ ਕੇ ਅਸਲ ਵਿੱਚ ਨਿੱਜੀ ਯੂਨੀਵਰਸਿਟੀਆਂ ਨੂੰ ਲਾਭ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਵਿਦਿਆਰਥੀ ਆਗੂਆਂ ਨੇ ਦੱਸਿਆ ਕਿ ਉਹ ਲੰਮੇ ਸਮੇਂ ਤੋਂ ਸ਼ਾਂਤੀਪੂਰਵਕ ਢੰਗ ਨਾਲ ਆਵਾਜ਼ ਉਠਾ ਰਹੇ ਸਨ, ਪਰ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਕੋਈ ਧਿਆਨ ਨਾ ਦਿੱਤੇ ਜਾਣ ਕਰਕੇ ਉਨ੍ਹਾਂ ਨੂੰ ਗੇਟ ਬੰਦ ਕਰਨ ਵਰਗਾ ਸਖ਼ਤ ਕਦਮ ਚੁੱਕਣਾ ਪਿਆ।
ਮੁੱਖ ਦਰਵਾਜ਼ੇ ਬੰਦ ਹੋਣ ਕਾਰਨ ਯੂਨੀਵਰਸਿਟੀ ਦੇ ਸਟਾਫ਼, ਅਧਿਆਪਕਾਂ ਅਤੇ ਆਮ ਵਿਦਿਆਰਥੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਦਿਆਰਥੀਆਂ ਨੇ ਸਾਫ਼ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਵਧਾਈਆਂ ਫ਼ੀਸਾਂ ਦਾ ਫ਼ੈਸਲਾ ਵਾਪਸ ਨਹੀਂ ਲਿਆ ਜਾਂਦਾ, ਧਰਨਾ ਜਾਰੀ ਰਹੇਗਾ। ਉਨ੍ਹਾਂ ਆਖਿਆ ਕਿ ਜੇਕਰ ਮਸਲਾ ਜਲਦ ਨਾ ਸੁਲਝਾਇਆ ਗਿਆ ਤਾਂ ਉਹ ਸ਼ਹਿਰ ਦੀਆਂ ਮੁੱਖ ਸੜਕਾਂ 'ਤੇ ਉੱਤਰ ਕੇ ਚੱਕਾ ਜਾਮ ਕਰਨ ਤੋਂ ਵੀ ਪਰਹੇਜ਼ ਨਹੀਂ ਕਰਨਗੇ।
Get all latest content delivered to your email a few times a month.