IMG-LOGO
ਹੋਮ ਪੰਜਾਬ: ਬਹਿਬਲ ਕਲਾਂ ਗੋਲੀ ਕਾਂਡ: ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੂੰ...

ਬਹਿਬਲ ਕਲਾਂ ਗੋਲੀ ਕਾਂਡ: ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੂੰ SIT ਦੇ 5ਵੇਂ ਸੰਮਨ, 27 ਅਗਸਤ ਦੀ ਪੇਸ਼ੀ ਤੋਂ ਜਤਾਈ ਅਸਮਰੱਥਾ

Admin User - Aug 25, 2026 02:03 PM
IMG

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੂੰ ਇੱਕ ਵਾਰ ਫਿਰ ਸੰਮਨ ਜਾਰੀ ਕੀਤਾ ਹੈ। ਥਾਣਾ ਮਾਡਲ ਟਾਊਨ ਦੀ ਪੁਲਿਸ ਮੰਗਲਵਾਰ ਨੂੰ ਸਾਂਪਲਾ ਦੇ ਘਰ ਐੱਸ.ਆਈ.ਟੀ. ਦਾ ਸੰਮਨ ਲੈ ਕੇ ਪਹੁੰਚੀ, ਜਿਸ ਵਿੱਚ ਉਨ੍ਹਾਂ ਨੂੰ 27 ਅਗਸਤ ਨੂੰ ਚੰਡੀਗੜ੍ਹ ਵਿਖੇ ਜਾਂਚ ਟੀਮ ਸਾਹਮਣੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਇਹ ਪੰਜਵੀਂ ਵਾਰ ਹੈ ਜਦੋਂ SIT ਨੇ ਸਾਂਪਲਾ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ।


ਸੰਮਨ ਪ੍ਰਾਪਤ ਕਰਨ ਤੋਂ ਬਾਅਦ ਵਿਜੇ ਸਾਂਪਲਾ ਨੇ 27 ਅਗਸਤ ਨੂੰ ਪੇਸ਼ ਹੋਣ ਤੋਂ ਅਸਮਰੱਥਾ ਪ੍ਰਗਟਾਈ ਹੈ। ਉਨ੍ਹਾਂ ਨੇ SIT ਨੂੰ ਲਿਖਤੀ ਪੱਤਰ ਭੇਜ ਕੇ ਦੱਸਿਆ ਕਿ ਉਸ ਦਿਨ ਉਨ੍ਹਾਂ ਦੀਆਂ ਪਾਰਟੀ ਨਾਲ ਸਬੰਧਤ ਪਹਿਲਾਂ ਤੋਂ ਹੀ ਅਹਿਮ ਮੀਟਿੰਗਾਂ ਅਤੇ ਪ੍ਰੋਗਰਾਮ ਨਿਰਧਾਰਤ ਹਨ। ਸਾਂਪਲਾ ਨੇ ਜਾਂਚ ਟੀਮ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਸਤੰਬਰ ਮਹੀਨੇ ਦੀ ਕੋਈ ਹੋਰ ਤਾਰੀਖ਼ ਦਿੱਤੀ ਜਾਵੇ ਤਾਂ ਜੋ ਉਹ ਆ ਕੇ ਆਪਣਾ ਪੱਖ ਰੱਖ ਸਕਣ।


ਵਿਜੇ ਸਾਂਪਲਾ ਨੇ ਪੰਜਾਬ ਸਰਕਾਰ 'ਤੇ ਸਿਆਸੀ ਬਦਲਾਖੋਰੀ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਸੂਬੇ ਵਿੱਚ ਭਾਜਪਾ ਆਗੂਆਂ ਨੂੰ ਲਗਾਤਾਰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮਾਮਲੇ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਸਾਂਪਲਾ ਅਨੁਸਾਰ, ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਪੇਸ਼ੀ ਦੌਰਾਨ ਕੇਸ ਨਾਲ ਸਬੰਧਤ ਦਸਤਾਵੇਜ਼ਾਂ ਦੀਆਂ ਕਾਪੀਆਂ ਮੰਗੀਆਂ ਸਨ, ਜੋ ਅਜੇ ਤੱਕ ਉਪਲਬਧ ਨਹੀਂ ਕਰਵਾਈਆਂ ਗਈਆਂ। ਉਨ੍ਹਾਂ ਮੰਗ ਕੀਤੀ ਕਿ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਪਹਿਲਾਂ ਉਨ੍ਹਾਂ ਨੂੰ ਲੋੜੀਂਦੇ ਦਸਤਾਵੇਜ਼ ਦਿੱਤੇ ਜਾਣ।


ਥਾਣਾ ਮਾਡਲ ਟਾਊਨ ਦੇ ਇੰਚਾਰਜ ਬਲਜਿੰਦਰ ਸਿੰਘ ਨੇ ਦੱਸਿਆ ਕਿ SIT ਵੱਲੋਂ ਪ੍ਰਾਪਤ ਹੋਏ ਆਦੇਸ਼ਾਂ ਦੀ ਤਾਮੀਲ ਕਰਵਾਉਂਦਿਆਂ ਸੰਮਨ ਵਿਜੇ ਸਾਂਪਲਾ ਦੇ ਘਰ ਪਹੁੰਚਾਏ ਗਏ ਹਨ। ਇਹ ਕਾਰਵਾਈ ਥਾਣਾ ਬਾਜਾਖਾਨਾ ਵਿਖੇ ਦਰਜ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਸਾਂਪਲਾ ਦੇ ਪੱਤਰ ਅਤੇ ਪੇਸ਼ ਨਾ ਹੋਣ ਦੇ ਕਾਰਨਾਂ ਸੰਬੰਧੀ ਉੱਚ ਅਧਿਕਾਰੀਆਂ ਅਤੇ SIT ਨੂੰ ਜਾਣੂ ਕਰਵਾ ਦਿੱਤਾ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.