ਤਾਜਾ ਖਬਰਾਂ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੰਭੀਰ ਅਪਰਾਧਾਂ ਵਿੱਚ ਸਜ਼ਾਵਾਂ ਕੱਟ ਰਹੇ ਕੁਝ ਕੈਦੀਆਂ ਨੂੰ ਵਾਰ-ਵਾਰ ਪੈਰੋਲ ਜਾਂ ਫਰਲੋ ਦਿੱਤੀ ਜਾ ਰਹੀ ਹੈ। ਦੂਜੇ ਪਾਸੇ, ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਉਨ੍ਹਾਂ ਬੰਦੀ ਸਿੰਘਾਂ ਦੇ ਮਾਮਲੇ ਲਟਕ ਰਹੇ ਹਨ, ਜਿਨ੍ਹਾਂ ਬਾਰੇ ਸਿੱਖ ਜਥੇਬੰਦੀਆਂ ਵੱਲੋਂ ਲਗਾਤਾਰ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਜੇਕਰ ਕਾਨੂੰਨ ਅਤੇ ਮਨੁੱਖੀ ਅਧਿਕਾਰਾਂ ਦੇ ਆਧਾਰ ’ਤੇ ਕੈਦੀਆਂ ਨੂੰ ਰਾਹਤ ਦਿੱਤੀ ਜਾ ਸਕਦੀ ਹੈ ਤਾਂ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਵੀ ਇਕਸਾਰ ਨੀਤੀ ਅਪਣਾਈ ਜਾਣੀ ਚਾਹੀਦੀ ਹੈ।
ਜਥੇਦਾਰ ਨੇ ਭਾਈ ਜਗਤਾਰ ਸਿੰਘ ਹਵਾਰਾ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਾਤਾ ਦੀ ਸਿਹਤ ਖ਼ਰਾਬ ਹੈ। ਉਨ੍ਹਾਂ ਕਿਹਾ ਕਿ ਭਾਈ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨਾਲ ਮੁਲਾਕਾਤ ਕਰਨ ਲਈ ਮਨੁੱਖੀ ਆਧਾਰ ’ਤੇ ਤੁਰੰਤ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਇੱਕ ਮਾਂ ਨੂੰ ਆਪਣੇ ਪੁੱਤਰ ਨੂੰ ਮਿਲਣ ਦਾ ਮੌਕਾ ਦੇਣਾ ਮਨੁੱਖੀ ਸੰਵੇਦਨਾ ਨਾਲ ਜੁੜਿਆ ਮਾਮਲਾ ਹੈ। ਜਥੇਦਾਰ ਨੇ ਸਿੱਖ ਭਾਈਚਾਰੇ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਸੰਸਥਾਵਾਂ ਵੱਲੋਂ ਭਾਈ ਹਵਾਰਾ ਲਈ ਪੈਰੋਲ ਦੀ ਕੀਤੀ ਜਾ ਰਹੀ ਮੰਗ ਦਾ ਵੀ ਹਵਾਲਾ ਦਿੱਤਾ।
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਪਰਮਜੀਤ ਸਿੰਘ ਭਿਓਰਾ ਅਤੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਸਮੇਤ ਹੋਰ ਬੰਦੀ ਸਿੰਘਾਂ ਦੇ ਮਾਮਲਿਆਂ ’ਤੇ ਵੀ ਸਵਾਲ ਉਠਾਏ।
ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਮਾਮਲੇ ਲੰਬੇ ਸਮੇਂ ਤੋਂ ਵਿਚਾਰ ਅਧੀਨ ਹਨ। ਖ਼ਾਸ ਤੌਰ ’ਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦਾ ਮਾਮਲਾ ਵੀ ਲੰਬੇ ਸਮੇਂ ਤੋਂ ਲਟਕਿਆ ਹੋਇਆ ਹੈ।
ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਜਥੇਦਾਰ ਗੜਗੱਜ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਰਿਹਾਈ ਨਾਲ ਸਬੰਧਤ ਪ੍ਰਕਿਰਿਆ ਵਿੱਚ ਲੋੜੀਂਦੀ ਕਾਰਵਾਈ ਨਾ ਹੋਣ ਕਾਰਨ ਮਾਮਲਾ ਲੰਮਾ ਖਿੱਚ ਰਿਹਾ ਹੈ। ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੇ ਮਾਮਲਿਆਂ ਨੂੰ ਸਿਆਸੀ ਜਾਂ ਹੋਰ ਮਤਭੇਦਾਂ ਦੀ ਬਜਾਏ ਮਨੁੱਖੀ ਅਤੇ ਕਾਨੂੰਨੀ ਪੱਖ ਤੋਂ ਦੇਖਿਆ ਜਾਵੇ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੰਗ ਕੀਤੀ ਕਿ ਸਰਕਾਰ ਅਤੇ ਪ੍ਰਸ਼ਾਸਨ ਕੈਦੀਆਂ ਨੂੰ ਪੈਰੋਲ ਜਾਂ ਫਰਲੋ ਦੇਣ ਦੇ ਮਾਮਲੇ ਵਿੱਚ ਇਕਸਾਰ ਮਾਪਦੰਡ ਅਪਣਾਉਣ। ਉਨ੍ਹਾਂ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਦੀ ਸਥਾਈ ਰਿਹਾਈ ਬਾਰੇ ਵੀ ਤੁਰੰਤ ਫ਼ੈਸਲਾ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਖ਼ਾਸ ਤੌਰ ’ਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਉਨ੍ਹਾਂ ਦੀ ਬਿਮਾਰ ਮਾਤਾ ਨਾਲ ਮਿਲਣ ਲਈ ਤੁਰੰਤ ਪੈਰੋਲ ਦੇਣ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਉਣ ਦੀ ਮੰਗ ਕੀਤੀ।
Get all latest content delivered to your email a few times a month.