ਤਾਜਾ ਖਬਰਾਂ
ਮਾਰਚ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਰਵਾਨਗੀ ਮੌਕੇ ਸਜੇ ਧਾਰਮਿਕ ਦੀਵਾਨ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਵਿੱਚ ਵਧ ਰਹੀ ਨਸ਼ਿਆਂ ਦੀ ਸਮੱਸਿਆ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ਵਿੱਚ ਨੌਜਵਾਨਾਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਬੇਹੱਦ ਚਿੰਤਾਜਨਕ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਜੰਗ ਦੀ ਗੱਲ ਕੀਤੀ ਜਾਂਦੀ ਹੈ, ਪਰ ਜ਼ਮੀਨੀ ਪੱਧਰ ’ਤੇ ਨਸ਼ਿਆਂ ਦੀ ਰੋਕਥਾਮ ਲਈ ਲੋੜੀਂਦੀ ਕਾਰਵਾਈ ਨਜ਼ਰ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਚਿੱਟੇ ਸਮੇਤ ਹੋਰ ਨਸ਼ਿਆਂ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਸ਼ਾਇਦ ਹੀ ਕੋਈ ਅਜਿਹਾ ਪਿੰਡ ਹੋਵੇ ਜਿੱਥੇ ਨਸ਼ਿਆਂ ਕਾਰਨ ਕਿਸੇ ਪਰਿਵਾਰ ਨੇ ਆਪਣਾ ਜੀਅ ਨਾ ਗੁਆਇਆ ਹੋਵੇ।
ਜਥੇਦਾਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਮੁੱਦੇ ’ਤੇ ਸਿਰਫ਼ ਸਰਕਾਰਾਂ ਤੋਂ ਆਸ ਰੱਖਣ ਦੀ ਬਜਾਏ ਸਮਾਜ ਨੂੰ ਖ਼ੁਦ ਇਕਜੁੱਟ ਹੋ ਕੇ ਇਸ ਸਮੱਸਿਆ ਦਾ ਮੁਕਾਬਲਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਗੁਰਬਾਣੀ ਅਤੇ ਗੁਰਮਤਿ ਨਾਲ ਜੋੜਨਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਵਿੱਚ ਬੇਅੰਤ ਸਮਰੱਥਾ ਹੈ ਅਤੇ ਜੇਕਰ ਨੌਜਵਾਨ ਨਸ਼ਿਆਂ ਤੋਂ ਬਚ ਕੇ ਮਿਹਨਤ ਅਤੇ ਸਹੀ ਦਿਸ਼ਾ ਵੱਲ ਵਧਣ ਤਾਂ ਉਹ ਪੰਜਾਬ ਦੇ ਭਵਿੱਖ ਨੂੰ ਬਦਲ ਸਕਦੇ ਹਨ।
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੌਜੂਦਾ ਸਮੇਂ ਪੰਥ ਨੂੰ ਚੁਣੌਤੀ ਦੇਣ ਵਾਲੀਆਂ ਕਈ ਤਾਕਤਾਂ ਸਰਗਰਮ ਹਨ। ਉਨ੍ਹਾਂ ਸੰਗਤਾਂ ਨੂੰ ਗੁਰੂ ਦੋਖੀ ਅਤੇ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਕੁਝ ਤਾਕਤਾਂ ਗੁਰੂ ਘਰ ਦੀਆਂ ਰਵਾਇਤਾਂ ਅਤੇ ਸਿੱਖ ਸੰਸਥਾਵਾਂ ਸਬੰਧੀ ਭੰਬਲਭੂਸਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਗੋਲਕ ਸਿੱਖ ਸੰਗਤ ਦੀ ਸ਼ਰਧਾ ਅਤੇ ਭਾਵਨਾ ਦਾ ਪ੍ਰਤੀਕ ਹੈ ਅਤੇ ਗੁਰੂ ਚਰਨਾਂ ਵਿੱਚ ਭੇਟਾ ਰੱਖਣ ਦੀ ਪੁਰਾਤਨ ਰਵਾਇਤ ਹੈ। ਇਸ ਲਈ ਸੰਗਤਾਂ ਨੂੰ ਧਰਮ ਅਤੇ ਗੁਰੂ ਘਰ ਦੇ ਮਾਮਲਿਆਂ ਵਿੱਚ ਦਖ਼ਲ ਦੇਣ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਦੋਂ ਸਰਕਾਰਾਂ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਤੋਂ ਪਿੱਛੇ ਹਟਦੀਆਂ ਹਨ ਤਾਂ ਧਾਰਮਿਕ ਸੰਸਥਾਵਾਂ ਆਪਣਾ ਫ਼ਰਜ਼ ਸਮਝਦਿਆਂ ਸਮਾਜਿਕ ਬੁਰਾਈਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਗੇ ਆਉਂਦੀਆਂ ਹਨ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਵਿੱਚ ਨਸ਼ਿਆਂ ਸਮੇਤ ਸਮਾਜਿਕ ਬੁਰਾਈਆਂ ਦੀ ਗੰਭੀਰਤਾ ਨੂੰ ਮਹਿਸੂਸ ਕਰਦਿਆਂ ਸੰਗਤਾਂ ਨੂੰ ਸਿੱਖ ਸਿਧਾਂਤਾਂ ਨਾਲ ਜੋੜਨ ਅਤੇ ਬੁਰਾਈਆਂ ਖ਼ਿਲਾਫ਼ ਲਾਮਬੰਦ ਕਰਨ ਲਈ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਖ਼ਾਲਸਾ ਮਾਰਚ ਸ਼ੁਰੂ ਕੀਤਾ ਹੈ।
ਧਾਮੀ ਨੇ ਇਹ ਵੀ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਥਾਪਿਤ ਪੰਥਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਕਈ ਤਾਕਤਾਂ ਯਤਨ ਕਰ ਰਹੀਆਂ ਹਨ। ਉਨ੍ਹਾਂ ਸੰਗਤਾਂ ਨੂੰ ਅਜਿਹੀਆਂ ਕੋਸ਼ਿਸ਼ਾਂ ਤੋਂ ਸੁਚੇਤ ਰਹਿਣ ਅਤੇ ਪੰਥ ਵਿਰੋਧੀ ਤਾਕਤਾਂ ਨੂੰ ਢੁੱਕਵਾਂ ਜਵਾਬ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨਿਹੰਗ ਸਿੰਘ ਦਲਾਂ, ਨਿਰਮਲੇ, ਉਦਾਸੀ ਸੰਪ੍ਰਦਾਵਾਂ ਅਤੇ ਹੋਰ ਧਾਰਮਿਕ ਜਥੇਬੰਦੀਆਂ ਵੱਲੋਂ ਖ਼ਾਲਸਾ ਮਾਰਚ ਨੂੰ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕੀਤਾ।
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਮਾਪਿਆਂ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਾੜੀ ਸੰਗਤ ਅਤੇ ਨਸ਼ਿਆਂ ਦੇ ਪ੍ਰਭਾਵ ਤੋਂ ਬਚਾਉਣ ਲਈ ਪਰਿਵਾਰਾਂ ਨੂੰ ਵਧੇਰੇ ਸੁਚੇਤ ਰਹਿਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਬੱਚਿਆਂ ਨੂੰ ਗੁਰਬਾਣੀ ਅਤੇ ਗੁਰ-ਇਤਿਹਾਸ ਨਾਲ ਜੋੜਿਆ ਜਾਵੇ ਤਾਂ ਆਉਣ ਵਾਲੀ ਪੀੜ੍ਹੀ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਖ਼ਾਲਸਾ ਮਾਰਚ ਵਿੱਚ ਸ਼ਾਮਲ ਸਾਰੀਆਂ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਵੱਲੋਂ ਕਥਾ-ਵਿਚਾਰ ਵੀ ਕੀਤੇ ਗਏ।
ਮੀਰੀ-ਪੀਰੀ ਖ਼ਾਲਸਾ ਮਾਰਚ ਅੱਜ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਜੀ, ਬਰਨਾਲਾ ਤੋਂ ਰਵਾਨਾ ਹੋ ਕੇ ਵੱਖ-ਵੱਖ ਪੜਾਵਾਂ ਵਿੱਚੋਂ ਲੰਘਦਾ ਹੋਇਆ ਗੁਰਦੁਆਰਾ ਟਾਹਲੀਆਣਾ ਸਾਹਿਬ, ਰਾਏਕੋਟ ਵਿਖੇ ਪਹੁੰਚੇਗਾ। ਇੱਥੋਂ ਮਾਰਚ ਭਲਕੇ ਆਪਣੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ।
ਮਾਰਚ ਰਾਹੀਂ ਸਿੱਖ ਜਥੇਬੰਦੀਆਂ ਵੱਲੋਂ ਖਾਸ ਤੌਰ ’ਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ, ਗੁਰਬਾਣੀ ਅਤੇ ਗੁਰਮਤਿ ਨਾਲ ਜੁੜਨ ਅਤੇ ਸਮਾਜਿਕ ਬੁਰਾਈਆਂ ਖ਼ਿਲਾਫ਼ ਸਾਂਝੀ ਆਵਾਜ਼ ਬੁਲੰਦ ਕਰਨ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ।
Get all latest content delivered to your email a few times a month.