ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਆਮ ਜਨਤਾ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੇ ਮਕਸਦ ਨਾਲ ਅੱਜ, 26 ਅਗਸਤ 2026 ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਹਲਕੇ ਅਧੀਨ ਪੈਂਦੇ ਪਿੰਡ ਚਵਿੰਡਾ ਦੇਵੀ ਵਿਖੇ ਇੱਕ ਵਿਸ਼ੇਸ਼ 'ਲੋਕ ਮਿਲਣੀ' ਪ੍ਰੋਗਰਾਮ ਉਲੀਕਿਆ ਗਿਆ ਹੈ। ਗੋਇੰਦਵਾਲ ਸਾਹਿਬ ਵਿਖੇ ਚੱਲ ਰਹੇ ਸਮਾਗਮ ਨੂੰ ਨਿਪਟਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿੱਧੇ ਚਵਿੰਡਾ ਦੇਵੀ ਪਹੁੰਚਣਗੇ, ਜਿੱਥੇ ਉਹ ਇਲਾਕਾ ਨਿਵਾਸੀਆਂ ਦੇ ਰੂ-ਬਰੂ ਹੋ ਕੇ ਉਨ੍ਹਾਂ ਦੀਆਂ ਦਰਪੇਸ਼ ਮੁਸ਼ਕਲਾਂ ਨੂੰ ਸੁਣਨਗੇ।
ਇਸ ਪ੍ਰੋਗਰਾਮ ਦੌਰਾਨ ਆਮ ਲੋਕ ਆਪਣੇ ਖੇਤਰ ਦੇ ਵਿਕਾਸ ਕਾਰਜਾਂ, ਸਥਾਨਕ ਮੁੱਦਿਆਂ ਅਤੇ ਹੋਰ ਪ੍ਰਸ਼ਾਸਨਿਕ ਸਮੱਸਿਆਵਾਂ ਬਾਰੇ ਮੁੱਖ ਮੰਤਰੀ ਨਾਲ ਸਿੱਧੀ ਗੱਲਬਾਤ ਕਰ ਸਕਣਗੇ। ਸਰਕਾਰੀ ਦਫ਼ਤਰਾਂ ਦੇ ਚੱਕਰਾਂ ਤੋਂ ਨਿਜਾਤ ਦਿਵਾਉਣ ਲਈ ਸੀਐੱਮ ਮਾਨ ਵੱਲੋਂ ਮੌਕੇ 'ਤੇ ਮੌਜੂਦ ਉੱਚ ਅਧਿਕਾਰੀਆਂ ਨੂੰ ਇਨ੍ਹਾਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਸਰਕਾਰ ਦੀਆਂ ਜਨ-ਕੱਲਿਆਣਕਾਰੀ ਯੋਜਨਾਵਾਂ ਅਤੇ ਵਿਕਾਸਮੁਖੀ ਨੀਤੀਆਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।
ਸਾਲ 2027 ਵਿੱਚ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਲਹਾਜ਼ ਨਾਲ ਮੁੱਖ ਮੰਤਰੀ ਦੀ ਇਸ ਜਨ-ਸੰਪਰਕ ਮੁਹਿੰਮ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਜ਼ਮੀਨੀ ਪੱਧਰ 'ਤੇ ਲੋਕਾਂ ਦਾ ਫੀਡਬੈਕ ਲੈਣ ਅਤੇ ਸਰਕਾਰ ਦੇ ਕੰਮਕਾਜ ਨੂੰ ਸਿੱਧਾ ਜਨਤਾ ਤੱਕ ਪਹੁੰਚਾਉਣ ਲਈ ਸੀਐੱਮ ਮਾਨ ਲਗਾਤਾਰ ਵੱਖ-ਵੱਖ ਹਲਕਿਆਂ ਦੇ ਦੌਰੇ ਕਰ ਰਹੇ ਹਨ। ਪ੍ਰਸ਼ਾਸਨ ਵੱਲੋਂ ਇਸ ਪ੍ਰੋਗਰਾਮ ਨੂੰ ਲੈ ਕੇ ਸੁਰੱਖਿਆ ਅਤੇ ਹੋਰ ਜ਼ਰੂਰੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
Get all latest content delivered to your email a few times a month.