ਤਾਜਾ ਖਬਰਾਂ
ਚੰਡੀਗੜ੍ਹ: ਸੂਬੇ ਨੂੰ ਅਪਰਾਧ ਮੁਕਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਵੱਲੋਂ 20 ਜਨਵਰੀ 2026 ਨੂੰ ਸ਼ੁਰੂ ਕੀਤੀ ਗਈ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਪੁਲਿਸ ਨੂੰ ਵੱਡੀ ਸਫ਼ਲਤਾ ਮਿਲ ਰਹੀ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਅਤੇ ਜ਼ਿਲ੍ਹਾ ਪੁਲਿਸ ਟੀਮਾਂ ਦੀ ਸਾਂਝੀ ਕਾਰਵਾਈ ਦੇ 218ਵੇਂ ਦਿਨ ਸੂਬੇ ਭਰ ਵਿੱਚ 604 ਟਿਕਾਣਿਆਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ 358 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਕਾਰਵਾਈ ਦੌਰਾਨ ਪੁਲਿਸ ਨੇ ਚਾਰ ਅਪਰਾਧੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ, ਜਦਕਿ 8 ਭਗੌੜੇ (PO) ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਤੋਂ ਇਲਾਵਾ 215 ਵਿਅਕਤੀਆਂ ਵਿਰੁੱਧ ਅਹਿਤਿਆਤੀ ਕਦਮਾਂ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਪੁਲਿਸ ਅੰਕੜਿਆਂ ਅਨੁਸਾਰ ਇਸ ਵਿਸ਼ੇਸ਼ ਅਭਿਆਨ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 64,930 ਸ਼ੱਕੀ ਅਤੇ ਅਪਰਾਧਿਕ ਅਨਸਰਾਂ ਨੂੰ ਹਿਰਾਸਤ 'ਚ ਲਿਆ ਜਾ ਚੁੱਕਾ ਹੈ।
ਪੁਲਿਸ ਪ੍ਰਸ਼ਾਸਨ ਨੇ ਆਮ ਜਨਤਾ ਨੂੰ ਅਪਰਾਧ ਮੁਕਤ ਪੰਜਾਬ ਬਣਾਉਣ 'ਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਨਾਗਰਿਕ ਗੈਂਗਸਟਰਾਂ ਅਤੇ ਕਿਸੇ ਵੀ ਅਪਰਾਧਿਕ ਗਤੀਵਿਧੀ ਦੀ ਗੁਪਤ ਜਾਣਕਾਰੀ AGTF ਦੇ ਵਿਸ਼ੇਸ਼ ਹੈਲਪਲਾਈਨ ਨੰਬਰ 93946-93946 'ਤੇ ਸਾਂਝੀ ਕਰ ਸਕਦੇ ਹਨ, ਜਿੱਥੇ ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
Get all latest content delivered to your email a few times a month.