ਤਾਜਾ ਖਬਰਾਂ
SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਨੂੰ ਸਿੱਖ ਵਿਰਾਸਤ ਨਾਲ ਜੁੜਿਆ ਬੇਹੱਦ ਗੰਭੀਰ ਮਸਲਾ ਕਰਾਰ ਦਿੰਦਿਆਂ ਕਿਹਾ ਕਿ ਪਾਕਿਸਤਾਨ ਵਿੱਚ ਸਿੱਖ ਗੁਰੂ ਸਾਹਿਬਾਨ ਦੇ ਇਤਿਹਾਸ ਨਾਲ ਜੁੜੇ ਅਨੇਕਾਂ ਗੁਰਦੁਆਰੇ ਅਤੇ ਹੋਰ ਇਤਿਹਾਸਕ ਸਥਾਨ ਮੌਜੂਦ ਹਨ। ਇਹ ਅਸਥਾਨ ਸਿਰਫ਼ ਧਾਰਮਿਕ ਇਮਾਰਤਾਂ ਨਹੀਂ, ਬਲਕਿ ਸਿੱਖ ਕੌਮ ਦੀ ਇਤਿਹਾਸਕ ਪਛਾਣ ਅਤੇ ਵਿਰਾਸਤ ਦੇ ਮਹੱਤਵਪੂਰਨ ਚਿੰਨ੍ਹ ਹਨ।
ਉਨ੍ਹਾਂ ਕਿਹਾ ਕਿ ਕਿਸੇ ਇਤਿਹਾਸਕ ਗੁਰਦੁਆਰੇ ਦੀ ਇਮਾਰਤ ਨੂੰ ਢਾਹ ਕੇ ਉਸ ਥਾਂ ’ਤੇ ਵਪਾਰਕ ਇਮਾਰਤ ਉਸਾਰਨਾ ਸਿੱਖ ਭਾਵਨਾਵਾਂ ਨਾਲ ਸਿੱਧਾ ਜੁੜਿਆ ਮਾਮਲਾ ਹੈ। ਅਜਿਹੇ ਵਿਰਾਸਤੀ ਸਥਾਨਾਂ ਦੀ ਸੰਭਾਲ ਕਰਨ ਦੀ ਬਜਾਏ ਉਨ੍ਹਾਂ ਨੂੰ ਵਪਾਰਕ ਉਦੇਸ਼ਾਂ ਲਈ ਖ਼ਤਮ ਕਰਨਾ ਚਿੰਤਾ ਦਾ ਵਿਸ਼ਾ ਹੈ।
ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਅਤੇ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਤੁਰੰਤ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਗੁਰਦੁਆਰਾ ਸਾਹਿਬ ਦੀ ਥਾਂ ’ਤੇ ਚੱਲ ਰਹੀ ਉਸਾਰੀ ਨੂੰ ਤੁਰੰਤ ਰੋਕਿਆ ਜਾਵੇ ਅਤੇ ਇਸ ਇਤਿਹਾਸਕ ਜਾਇਦਾਦ ਨੂੰ ਸਿੱਖ ਭਾਈਚਾਰੇ ਦੇ ਹਵਾਲੇ ਕੀਤਾ ਜਾਵੇ।
SGPC ਪ੍ਰਧਾਨ ਨੇ ਕਿਹਾ ਕਿ ਕਿਸੇ ਵੀ ਦੇਸ਼ ਵਿੱਚ ਘੱਟ-ਗਿਣਤੀ ਭਾਈਚਾਰਿਆਂ ਦੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਤੋਂ ਵੀ ਸਿੱਖ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ।
ਇਸ ਦੇ ਨਾਲ ਹੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਕੂਟਨੀਤਕ ਪੱਧਰ ’ਤੇ ਪਾਕਿਸਤਾਨ ਸਰਕਾਰ ਕੋਲ ਉਠਾਏ ਅਤੇ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦਾ ਦਖ਼ਲ ਕਰੇ।
SGPC ਵੱਲੋਂ ਇਸ ਮਾਮਲੇ ਨੂੰ ਸਿੱਖ ਵਿਰਾਸਤ ਅਤੇ ਧਾਰਮਿਕ ਅਸਥਾਨਾਂ ਦੀ ਸੰਭਾਲ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਹੁਣ ਨਜ਼ਰ ਇਸ ਗੱਲ ’ਤੇ ਹੈ ਕਿ ਪਾਕਿਸਤਾਨ ਸਰਕਾਰ ਅਤੇ ਸਬੰਧਤ ਅਧਿਕਾਰੀ ਇਸ ਮਾਮਲੇ ਵਿੱਚ ਕੀ ਕਾਰਵਾਈ ਕਰਦੇ ਹਨ।
Get all latest content delivered to your email a few times a month.