ਤਾਜਾ ਖਬਰਾਂ
ਸਮਾਗਮ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ।
ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਤਿੰਨ ਦਿਨਾਂ ਤੋਂ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸਰਬੱਤ ਦੇ ਭਲੇ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਅਰਦਾਸ ਦੀ ਸੇਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਨਿਭਾਈ ਗਈ।
ਇਸ ਉਪਰੰਤ ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ ਦੇ ਜਥੇ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੇ ਆਤਮਿਕ ਆਨੰਦ ਮਾਣਿਆ ਅਤੇ ਗੁਰੂ ਚਰਨਾਂ ਨਾਲ ਜੁੜਨ ਦਾ ਅਨੁਭਵ ਕੀਤਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਅਧੀਨ ਚੱਲ ਰਹੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਵੀ ਮਨੋਹਰ ਕੀਰਤਨ ਗਾਇਨ ਕੀਤਾ ਗਿਆ। ਭਾਈ ਆਲਮ ਸਿੰਘ ਜੀ ਨੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ, ਜਦਕਿ ਵਧੀਕ ਮੁੱਖ ਗ੍ਰੰਥੀ ਭਾਈ ਗੁਰਜੰਟ ਸਿੰਘ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੇ ਇਤਿਹਾਸਕ ਪਿਛੋਕੜ ਅਤੇ ਮਹੱਤਤਾ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ।
ਸਮਾਗਮ ਨੂੰ ਸੰਬੋਧਨ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਦੀ ਸਭ ਤੋਂ ਵੱਡੀ ਲੋੜ ਆਪਣੀ ਨੌਜਵਾਨ ਪੀੜ੍ਹੀ ਅਤੇ ਬੱਚਿਆਂ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ, ਸਿੱਖ ਇਤਿਹਾਸ ਅਤੇ ਅਮੀਰ ਵਿਰਸੇ ਨਾਲ ਜੋੜਨਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਗੁਰਬਾਣੀ ਅਤੇ ਗੁਰਮਤਿ ਦੀ ਸਿੱਖਿਆ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰਨ।
ਸਮਾਗਮ ਦੀ ਸਮਾਪਤੀ ਮੌਕੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਸ਼ਰਧਾ ਨਾਲ ਲੰਗਰ ਦੀ ਸੇਵਾ ਨਿਭਾਈ ਅਤੇ ਸਿਮਰਨ ਵਿੱਚ ਹਿੱਸਾ ਲਿਆ। ਪੂਰਾ ਤਖ਼ਤ ਸਾਹਿਬ ਪਰਿਸਰ ਗੁਰਬਾਣੀ ਕੀਰਤਨ ਅਤੇ ਸੰਗਤਾਂ ਦੀ ਆਮਦ ਨਾਲ ਅਧਿਆਤਮਿਕ ਮਾਹੌਲ ਵਿੱਚ ਰੰਗਿਆ ਰਿਹਾ।
Get all latest content delivered to your email a few times a month.