ਤਾਜਾ ਖਬਰਾਂ
ਬਰਨਾਲਾ ਜ਼ਿਲ੍ਹੇ ਦੀ ਮੀਟਿੰਗ ਉਪਰੰਤ ਮੋਰਚੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਸਤਨਾਮ ਸਿੰਘ ਬਰਨਾਲਾ, ਬਾਬੂ ਸਿੰਘ ਖੁੱਡੀਕਲਾਂ, ਗੁਰਮੀਤ ਸੁਖਪੁਰਾ, ਵਾਹਿਗੁਰੂ ਸਿੰਘ, ਗੁਰਮੀਤ ਸਿੰਘ ਬਿੱਟੂ ਅਤੇ ਗੋਰਾ ਰਾਏਸਰ ਸਮੇਤ ਹੋਰ ਆਗੂ ਮੌਜੂਦ ਸਨ।
ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਮੋਰਚੇ ਦੌਰਾਨ ਪੰਜਾਬ ਦੇ ਪਾਣੀਆਂ ਦਾ ਮਸਲਾ ਰਿਪੇਰੀਅਨ ਅਤੇ ਬੇਸਿਨ ਸਿਧਾਂਤ ਅਨੁਸਾਰ ਹੱਲ ਕਰਨ, ਧਾਰਾ 78, 79 ਅਤੇ 80 ਰੱਦ ਕਰਨ ਅਤੇ ਹਰ ਖੇਤ ਤੇ ਹਰ ਘਰ ਲਈ ਪਾਣੀ ਦਾ ਪ੍ਰਬੰਧ ਕਰਨ ਦੀ ਮੰਗ ਪ੍ਰਮੁੱਖਤਾ ਨਾਲ ਉਠਾਈ ਜਾਵੇਗੀ। ਇਸ ਤੋਂ ਇਲਾਵਾ ਭਾਰਤ-ਅਮਰੀਕਾ ਵਪਾਰ ਵਾਰਤਾ ਬੰਦ ਕਰਨ, ਕਿਸਾਨਾਂ ਅਤੇ ਮਜ਼ਦੂਰਾਂ ਸਿਰ ਚੜ੍ਹੇ ਕਰਜ਼ੇ ਖ਼ਤਮ ਕਰਨ ਅਤੇ ਸਾਰੀਆਂ ਫ਼ਸਲਾਂ ’ਤੇ ਐੱਮਐੱਸਪੀ ਦੇਣ ਦੇ ਨਾਲ-ਨਾਲ ਖਰੀਦ ਦੀ ਕਾਨੂੰਨੀ ਗਰੰਟੀ ਦੀ ਮੰਗ ਵੀ ਕੀਤੀ ਜਾਵੇਗੀ।
ਇਸੇ ਤਰ੍ਹਾਂ ਬਿਜਲੀ ਸੋਧ ਬਿੱਲ-2025 ਅਤੇ ਬੀਜ ਬਿੱਲ ਰੱਦ ਕਰਨ ਸਮੇਤ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਤ ਹੋਰ ਮੰਗਾਂ ਵੀ ਮੋਰਚੇ ਵਿੱਚ ਜ਼ੋਰਦਾਰ ਢੰਗ ਨਾਲ ਉਭਾਰੀਆਂ ਜਾਣਗੀਆਂ। ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਸੰਘਰਸ਼ ਕਰ ਰਹੇ ਵੱਖ-ਵੱਖ ਵਰਗਾਂ ’ਤੇ ਕੀਤੇ ਜਾ ਰਹੇ ਕਥਿਤ ਜਾਬਰ ਹੱਲਿਆਂ ਦਾ ਮੁੱਦਾ ਵੀ ਮੋਰਚੇ ਦੌਰਾਨ ਪ੍ਰਮੁੱਖਤਾ ਨਾਲ ਚੁੱਕਿਆ ਜਾਵੇਗਾ।
ਜਥੇਬੰਦੀ ਅਨੁਸਾਰ ਸਾਰੇ ਜ਼ਿਲ੍ਹਿਆਂ ਤੋਂ ਕਿਸਾਨਾਂ ਦੇ ਕਾਫ਼ਲੇ 31 ਅਗਸਤ ਨੂੰ ਸਵੇਰੇ 11 ਵਜੇ ਆਪਣੇ-ਆਪਣੇ ਟਰੈਕਟਰ-ਟਰਾਲੀਆਂ ਰਾਹੀਂ ਚੰਡੀਗੜ੍ਹ ਲਈ ਰਵਾਨਾ ਹੋਣਗੇ ਅਤੇ ਸ਼ਾਮ ਤੱਕ ਮੋਰਚੇ ਵਾਲੀ ਥਾਂ ’ਤੇ ਪਹੁੰਚ ਜਾਣਗੇ। ਆਗੂਆਂ ਨੇ ਕਿਹਾ ਕਿ ਕਿਸਾਨਾਂ ਵਿੱਚ ਚੰਡੀਗੜ੍ਹ ਮੋਰਚੇ ਨੂੰ ਲੈ ਕੇ ਭਾਰੀ ਉਤਸ਼ਾਹ ਹੈ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਇਸ ਵਿੱਚ ਸ਼ਾਮਲ ਹੋਣ ਦੀ ਤਿਆਰੀ ਕਰ ਰਹੇ ਹਨ।
Get all latest content delivered to your email a few times a month.