ਤਾਜਾ ਖਬਰਾਂ
ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਰਾਹੁਲ ਗਾਂਧੀ ਵਿਰੋਧੀ ਧਿਰ ਦੀ ਆਵਾਜ਼ ਨੂੰ ਬੁਲੰਦ ਕਰਨ ਦੇ ਨਾਲ-ਨਾਲ ਆਮ ਲੋਕਾਂ ਨਾਲ ਜੁੜੇ ਮੁੱਦੇ ਲਗਾਤਾਰ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤਾ ਗਿਆ ਮਾਮਲਾ ਸਿਆਸੀ ਬਦਲਾਖੋਰੀ ਦੀ ਭਾਵਨਾ ਤਹਿਤ ਕੀਤੀ ਗਈ ਕਾਰਵਾਈ ਹੈ। ਆਗੂਆਂ ਨੇ ਕਿਹਾ ਕਿ ਲੋਕਤੰਤਰ ਵਿੱਚ ਵਿਰੋਧੀ ਧਿਰ ਨੂੰ ਸਰਕਾਰ ਤੋਂ ਸਵਾਲ ਪੁੱਛਣ ਅਤੇ ਲੋਕਾਂ ਦੇ ਮੁੱਦੇ ਉਠਾਉਣ ਦਾ ਪੂਰਾ ਹੱਕ ਹੈ।
ਇਸ ਮੌਕੇ ਚੰਡੀਗੜ੍ਹ ਕਾਂਗਰਸ ਪ੍ਰਧਾਨ ਐਚ.ਐਸ. ਲੱਕੀ ਨੇ ਵਧਦੀ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੀਆਂ ਕੀਮਤਾਂ ਵਧਣ ਕਾਰਨ ਆਮ ਪਰਿਵਾਰਾਂ ਦਾ ਘਰੇਲੂ ਬਜਟ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਮੁਤਾਬਕ ਲੋਕਾਂ ਦੀ ਆਮਦਨ ਦੇ ਮੁਕਾਬਲੇ ਖ਼ਰਚੇ ਵਧਦੇ ਜਾ ਰਹੇ ਹਨ, ਜਿਸ ਕਾਰਨ ਮਹਿੰਗਾਈ ਆਮ ਜਨਤਾ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।
ਲੱਕੀ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਲੋਕ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਆਵਾਜ਼ ਉਠਾਉਂਦੀ ਰਹੀ ਹੈ ਅਤੇ ਅੱਗੇ ਵੀ ਜਨਤਾ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖੇਗੀ।
ਕਾਂਗਰਸੀ ਵਰਕਰਾਂ ਨੇ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ.ਆਈ.ਆਰ. ਨੂੰ ਲੈ ਕੇ ਭਾਰੀ ਰੋਸ ਜਤਾਇਆ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਧਿਰ ਦੇ ਆਗੂ ਨੂੰ ਨਿਸ਼ਾਨਾ ਬਣਾਉਣਾ ਲੋਕਤੰਤਰਿਕ ਪ੍ਰਣਾਲੀ ਲਈ ਠੀਕ ਨਹੀਂ ਹੈ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇ ਲਗਾਏ ਅਤੇ ਰਾਹੁਲ ਗਾਂਧੀ ਖ਼ਿਲਾਫ਼ ਦਰਜ ਮਾਮਲਾ ਤੁਰੰਤ ਰੱਦ ਕਰਨ ਦੀ ਮੰਗ ਕੀਤੀ।
ਪ੍ਰਦਰਸ਼ਨ ਵਿੱਚ ਚੰਡੀਗੜ੍ਹ ਕਾਂਗਰਸ ਦੇ ਅਹੁਦੇਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ।
Get all latest content delivered to your email a few times a month.