ਤਾਜਾ ਖਬਰਾਂ
ਪ੍ਰੈੱਸ ਕਾਨਫਰੰਸ ਵਿੱਚ ਰਾਜਿੰਦਰ ਬੇਰੀ, ਸੁਖਵਿੰਦਰ ਕੋਟਲੀ, ਲਾਡੀ ਸ਼ੇਰੋਵਾਲੀਆ, ਬਾਵਾ ਹੈਨਰੀ, ਸੁਰਿੰਦਰ ਚੌਧਰੀ ਅਤੇ ਸੁਰਿੰਦਰ ਕੌਰ ਸਮੇਤ ਕਈ ਕਾਂਗਰਸੀ ਆਗੂ ਮੌਜੂਦ ਰਹੇ।
ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਕੋਟਲੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਹਲਦਵਾਨੀ ਦੇ ਰਾਮਲੀਲਾ ਮੈਦਾਨ ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਰੈਲੀ ਹੋਈ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਰੈਲੀ ਤੋਂ ਬਾਅਦ ਭਾਜਪਾ ਵੱਲੋਂ ਮੈਦਾਨ ਦਾ ‘ਸ਼ੁੱਧੀਕਰਨ’ ਕੀਤਾ ਗਿਆ, ਜਿਸ ਕਾਰਨ ਕਾਂਗਰਸ ਵਿੱਚ ਰੋਸ ਪੈਦਾ ਹੋਇਆ ਹੈ।
ਕੋਟਲੀ ਨੇ ਕਿਹਾ ਕਿ ਭਾਰਤ ਦੀ ਧਰਤੀ ਗੁਰੂਆਂ, ਪੀਰਾਂ ਅਤੇ ਮਹਾਨ ਸ਼ਖ਼ਸੀਅਤਾਂ ਦੀ ਕੁਰਬਾਨੀ ਨਾਲ ਸਿੰਜੀ ਹੋਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਦੀ ਇਹ ਕਾਰਵਾਈ ਦੇਸ਼ ਦੇ ਗਰੀਬ ਅਤੇ ਦਲਿਤ ਵਰਗ ਦਾ ਅਪਮਾਨ ਹੈ।
ਸੁਖਵਿੰਦਰ ਕੋਟਲੀ ਮੁਤਾਬਕ, ਇਸ ਘਟਨਾ ਤੋਂ ਬਾਅਦ ਰਾਹੁਲ ਗਾਂਧੀ ਨੇ ਭਾਜਪਾ ਦੀ ਕਥਿਤ ਜਾਤੀਵਾਦੀ ਰਾਜਨੀਤੀ ਵਿਰੁੱਧ ਆਵਾਜ਼ ਉਠਾਈ, ਜਿਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ FIR ਦਰਜ ਕੀਤੀ ਗਈ। ਕਾਂਗਰਸ ਨੇ ਇਸ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ।
ਕੋਟਲੀ ਨੇ ਕਿਹਾ ਕਿ ਜੇ ਭਾਜਪਾ ਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਨੇ ਕੋਈ ਗਲਤ ਕੰਮ ਕੀਤਾ ਹੈ ਤਾਂ ਉਹ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਦਿਖਾਏ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਮਾਮਲੇ ’ਤੇ ਪਿੱਛੇ ਹਟਣ ਵਾਲੀ ਨਹੀਂ ਹੈ।
ਕਾਂਗਰਸ ਨੇ ਐਲਾਨ ਕੀਤਾ ਕਿ ਇਸ ਮਾਮਲੇ ਨੂੰ ਲੈ ਕੇ ਜਲੰਧਰ ਤੋਂ ਪੰਜਾਬ ਪੱਧਰੀ ਅੰਦੋਲਨ ਦੀ ਸ਼ੁਰੂਆਤ ਕੀਤੀ ਜਾਵੇਗੀ। ਪਾਰਟੀ ਆਗੂਆਂ ਮੁਤਾਬਕ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਭਾਜਪਾ ਦਫ਼ਤਰਾਂ ਦਾ ਘਿਰਾਓ ਵੀ ਕੀਤਾ ਜਾਵੇਗਾ।
ਕਾਂਗਰਸ ਨੇ ਦੋਸ਼ ਲਗਾਇਆ ਕਿ ਭਾਜਪਾ ਆਗੂ ਮੁੱਖ ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਾਰਟੀ ਨੇ ਕਿਹਾ ਕਿ ਪੰਜਾਬ ਦੇ ਦਲਿਤ ਅਤੇ ਗਰੀਬ ਵਰਗ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਉਹ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ ਅਤੇ ਰਾਹੁਲ ਗਾਂਧੀ ਖ਼ਿਲਾਫ਼ ਦਰਜ FIR ਦੇ ਵਿਰੋਧ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
Get all latest content delivered to your email a few times a month.