IMG-LOGO
ਹੋਮ ਪੰਜਾਬ: ਸ੍ਰੀ ਦਰਬਾਰ ਸਾਹਿਬ ’ਚ ਗੁਟਕਾ ਸਾਹਿਬ ਦੇ ਪਾਵਨ ਅੰਗਾਂ ਨਾਲ...

ਸ੍ਰੀ ਦਰਬਾਰ ਸਾਹਿਬ ’ਚ ਗੁਟਕਾ ਸਾਹਿਬ ਦੇ ਪਾਵਨ ਅੰਗਾਂ ਨਾਲ ਛੇੜਛਾੜ, ਮਨਦੀਪ ਸਿੰਘ ਗ੍ਰਿਫ਼ਤਾਰ; ਪੁਲਿਸ ਵੱਲੋਂ ਜਾਂਚ ਜਾਰੀ

Admin User - Sep 03, 2026 07:24 PM
IMG

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਟਕਾ ਸਾਹਿਬ ਦੇ ਪਾਵਨ ਅੰਗਾਂ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਨਾਲ ਸੰਗਤ ਵਿੱਚ ਰੋਸ ਪੈਦਾ ਹੋ ਗਿਆ। ਘਟਨਾ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਸ਼ਿਕਾਇਤ ’ਤੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਈ-ਡਿਵੀਜ਼ਨ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਮਨਦੀਪ ਸਿੰਘ ਵਾਸੀ ਸ਼ਹੀਦ ਊਧਮ ਸਿੰਘ ਨਗਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਏਸੀਪੀ ਸੈਂਟਰਲ ਅੰਮ੍ਰਿਤਸਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਐਸਜੀਪੀਸੀ ਵੱਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ। ਸ਼ਿਕਾਇਤ ਮੁਤਾਬਕ ਇੱਕ ਵਿਅਕਤੀ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਗੁਟਕਾ ਸਾਹਿਬ ਦੇ ਅਰਦਾਸ ਨਾਲ ਸਬੰਧਤ ਪਾਵਨ ਅੰਗਾਂ ਨੂੰ ਪਾੜ ਦਿੱਤਾ ਅਤੇ ਉਨ੍ਹਾਂ ਨੂੰ ਮੱਥਾ ਟੇਕਣ ਆਈ ਇੱਕ ਮਹਿਲਾ ਦੀ ਚੁੰਨੀ ਦੇ ਪੱਲੂ ਨਾਲ ਬੰਨ੍ਹ ਦਿੱਤਾ।

ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ। ਸ੍ਰੀ ਦਰਬਾਰ ਸਾਹਿਬ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਗਈ, ਜਿਸ ਦੇ ਆਧਾਰ ’ਤੇ ਪੁਲਿਸ ਨੇ ਮੁਲਜ਼ਮ ਦੀ ਪਛਾਣ ਕਰਕੇ ਉਸ ਨੂੰ ਕਾਬੂ ਕਰ ਲਿਆ।

ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਜਾਂਚ ਅਧਿਕਾਰੀ ਇਹ ਪਤਾ ਲਗਾਉਣ ਵਿੱਚ ਜੁਟੇ ਹੋਏ ਹਨ ਕਿ ਘਟਨਾ ਪਿੱਛੇ ਮੁਲਜ਼ਮ ਦਾ ਅਸਲ ਮਕਸਦ ਕੀ ਸੀ ਅਤੇ ਕੀ ਇਸ ਮਾਮਲੇ ਵਿੱਚ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਹੈ।

ਘਟਨਾ ’ਤੇ ਐਸਜੀਪੀਸੀ ਦੇ ਲੀਗਲ ਐਡਵਾਈਜ਼ਰ ਅਮਨਬੀਰ ਸਿੰਘ ਸਿਆਲੀ ਨੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਰਗੇ ਪਵਿੱਤਰ ਅਸਥਾਨ ’ਤੇ ਅਜਿਹੀ ਘਟਨਾ ਵਾਪਰਨਾ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਜਾਂ ਗੁਰੂ ਸਾਹਿਬਾਨ ਨਾਲ ਸਬੰਧਤ ਪਾਵਨ ਅੰਗਾਂ ਦੀ ਬੇਅਦਬੀ ਨਾਲ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਦੀ ਹੈ।

ਸਿਆਲੀ ਨੇ ਕਿਹਾ ਕਿ ਸਿਰਫ਼ ਮੁਲਜ਼ਮ ਦੀ ਗ੍ਰਿਫ਼ਤਾਰੀ ਤੱਕ ਕਾਰਵਾਈ ਸੀਮਤ ਨਹੀਂ ਰਹਿਣੀ ਚਾਹੀਦੀ। ਪੁਲਿਸ ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨੀ ਚਾਹੀਦੀ ਹੈ ਅਤੇ ਇਹ ਵੀ ਪਤਾ ਲਗਾਉਣਾ ਚਾਹੀਦਾ ਹੈ ਕਿ ਕੀ ਇਸ ਘਟਨਾ ਪਿੱਛੇ ਕੋਈ ਸਾਜ਼ਿਸ਼ ਜਾਂ ਹੋਰ ਵਿਅਕਤੀਆਂ ਦੀ ਭੂਮਿਕਾ ਹੈ।

ਐਸਜੀਪੀਸੀ ਵੱਲੋਂ ਮੰਗ ਕੀਤੀ ਗਈ ਹੈ ਕਿ ਜੇਕਰ ਲੋੜ ਮਹਿਸੂਸ ਹੋਵੇ ਤਾਂ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਜਾਵੇ। ਸਿਆਲੀ ਨੇ ਕਿਹਾ ਕਿ ਘਟਨਾ ਦੀ ਪੂਰੀ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ ਅਤੇ ਜੇਕਰ ਜਾਂਚ ਦੌਰਾਨ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਫਿਲਹਾਲ ਪੁਲਿਸ ਵੱਲੋਂ ਮਨਦੀਪ ਸਿੰਘ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਘਟਨਾ ਨਾਲ ਜੁੜੇ ਹੋਰ ਤੱਥ ਸਪੱਸ਼ਟ ਹੋ ਸਕਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.