ਤਾਜਾ ਖਬਰਾਂ
ਸੰਗਰੂਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦੌਰੇ ਦੌਰਾਨ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਗੁਰਸਿੱਖ ਨੌਜਵਾਨ ਮੋਹਨਜੀਤ ਸਿੰਘ ਸ਼ੇਰੋਂ 'ਤੇ ਪੁਲਿਸ ਵੱਲੋਂ ਕੀਤੇ ਗਏ ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸਖ਼ਤ ਸੰਗਿਆਨ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਇਸ ਕਾਰਵਾਈ ਨੂੰ ਅਤਿ-ਨਿੰਦਣਯੋਗ, ਤਾਨਾਸ਼ਾਹੀ ਅਤੇ ਧਾਰਮਿਕ ਕਦਰਾਂ-ਕੀਮਤਾਂ 'ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ, ਪਰ ਸਰਕਾਰ ਇਸ ਨੂੰ ਰੋਕਣ ਦੀ ਬਜਾਏ ਆਵਾਜ਼ ਚੁੱਕਣ ਵਾਲੇ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਕਾਰ ਸਿੱਖ ਦੀ ਰਹਿਤ ਅਤੇ ਧਾਰਮਿਕ ਆਸਥਾ ਦਾ ਪ੍ਰਤੀਕ ਹਨ, ਜਿਸ ਦਾ ਅਪਮਾਨ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਨੂੰ ਤਾੜਨਾ ਕਰਦਿਆਂ ਕਿਹਾ ਕਿ ਜਮਹੂਰੀਅਤ ਵਿੱਚ ਸਰਕਾਰ ਤੋਂ ਸਵਾਲ ਪੁੱਛਣਾ ਹਰ ਨਾਗਰਿਕ ਦਾ ਅਧਿਕਾਰ ਹੈ, ਅਤੇ ਪੁਲਿਸ ਦੀ ਤਾਕਤ ਨਾਲ ਜਨਤਾ ਦਾ ਮੂੰਹ ਬੰਦ ਕਰਵਾਉਣਾ ਨਾਦਰਸ਼ਾਹੀ ਰੱਵਈਏ ਦਾ ਪ੍ਰਗਟਾਵਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੁਲਿਸ ਦੀ ਵਰਦੀ ਲੋਕਾਂ ਦੀ ਸੁਰੱਖਿਆ ਲਈ ਹੈ, ਨਾ ਕਿ ਉਨ੍ਹਾਂ ਨੂੰ ਡਰਾਉਣ-ਧਮਕਾਉਣ ਲਈ। ਉਨ੍ਹਾਂ ਮੰਗ ਕੀਤੀ ਕਿ ਕਾਨੂੰਨ ਤੋਂ ਬਾਹਰ ਜਾ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਪੁਲਿਸ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਦਿਆਂ ਉਨ੍ਹਾਂ 'ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਪੀੜਤ ਨੌਜਵਾਨ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ। ਮਾਮਲੇ ਦੀ ਜਾਂਚ ਅਤੇ ਪੀੜਤ ਪਰਿਵਾਰ ਨੂੰ ਹਰ ਸੰਭਵ ਮਦਦ ਦੇਣ ਲਈ SGPC ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ 'ਤੇ ਆਧਾਰਿਤ ਵਫ਼ਦ ਸੰਗਰੂਰ ਭੇਜਿਆ ਗਿਆ ਹੈ।
Get all latest content delivered to your email a few times a month.