ਤਾਜਾ ਖਬਰਾਂ
ਮੁੱਖ ਮੰਤਰੀ ਦਫ਼ਤਰ (CMO) ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਅਤੇ ਸੰਗੀਨ ਦੋਸ਼ਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਧਮਾਕੇਦਾਰ ਮੋੜ ਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਇਕਾਈ 'ਇਸਤਰੀ ਅਕਾਲੀ ਦਲ' ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਕੋਠੀ ਦਾ ਘੇਰਾਓ ਕਰਨ ਲਈ ਮਾਰਚ ਕੱਢਿਆ ਗਿਆ। ਪ੍ਰਦਰਸ਼ਨ ਦੌਰਾਨ ਮਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ ਜਦੋਂ ਚੰਡੀਗੜ੍ਹ ਪੁਲਿਸ ਨੇ ਭਾਰੀ ਬੈਰੀਕੈਡਿੰਗ ਕਰਕੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਵਿਧਾਇਕਾ ਗਨੀਵ ਕੌਰ ਸਮੇਤ ਕਈ ਮੋਹਰੀ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ।
ਇਹ ਵਿਰੋਧ ਪ੍ਰਦਰਸ਼ਨ ਸੂਬੇ 'ਚ ਚੱਲ ਰਹੇ ਦੋ ਵੱਡੇ ਵਿਵਾਦਾਂ ਦੇ ਵਿਰੋਧ 'ਚ ਕੀਤਾ ਜਾ ਰਿਹਾ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਮੁੱਖ ਮੰਤਰੀ ਦੇ ਓਐੱਸਡੀ (OSD) ਰਾਜਬੀਰ ਸਿੰਘ ਘੁੰਮਣ 'ਤੇ ਗੁਪਤ ਸਰਕਾਰੀ ਫ਼ਾਈਲਾਂ ਲੀਕ ਕਰਨ, ਪੈਸੇ ਲੈ ਕੇ ਤਬਾਦਲੇ ਕਰਨ ਅਤੇ ਹਥਿਆਰਾਂ ਦੇ ਲਾਇਸੈਂਸ ਵੰਡਣ 'ਚ ਵਿਚੋਲਗੀ ਕਰਨ ਦੇ ਦੋਸ਼ ਲਾਏ ਗਏ ਹਨ। ਦੂਜੇ ਪਾਸੇ, ਹਾਈ ਕੋਰਟ ਦੇ ਸੇਵਾਮੁਕਤ ਜੱਜ ਰਣਜੀਤ ਸਿੰਘ ਵੱਲੋਂ ਮੁੱਖ ਮੰਤਰੀ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ 'ਤੇ ਇੱਕ ਜ਼ਬਰਦਸਤੀ ਜਨਾਹ ਦੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਬਦਲੇ ₹5 ਕਰੋੜ ਮੰਗਣ ਦੇ ਲਾਏ ਦੋਸ਼ਾਂ ਨੇ ਸਰਕਾਰ ਨੂੰ ਘੇਰੇ 'ਚ ਲਿਆ ਦਿੱਤਾ ਹੈ।
ਮਾਰਚ ਤੋਂ ਪਹਿਲਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਦਫ਼ਤਰ ਅਪਰਾਧੀਆਂ ਅਤੇ ਭ੍ਰਿਸ਼ਟਾਂ ਨੂੰ ਸ਼ਰਨ ਦੇਣ ਦਾ ਅੱਡਾ ਬਣ ਚੁੱਕਾ ਹੈ। ਅਕਾਲੀ ਦਲ ਨੇ ਰਾਜਪਾਲ ਤੋਂ ਪੂਰੇ ਮਾਮਲੇ ਦੀ ਸੀਬੀਆਈ (CBI) ਜਾਂਚ ਕਰਵਾਉਣ, ਮੁੱਖ ਮੰਤਰੀ ਭਗਵੰਤ ਮਾਨ ਦੇ ਤੁਰੰਤ ਅਸਤੀਫ਼ੇ ਅਤੇ ਰਾਜਬੀਰ ਘੁੰਮਣ ਸਮੇਤ ਡਾ. ਗੁਰਪ੍ਰੀਤ ਕੌਰ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।
Get all latest content delivered to your email a few times a month.