ਤਾਜਾ ਖਬਰਾਂ
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਇਸ ਨੂੰ ਕਿਸਾਨਾਂ ਦੀ ਵੱਡੀ ਜਿੱਤ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਨਾਲ ਲੰਬੀ ਗੱਲਬਾਤ ਤੋਂ ਬਾਅਦ ਹੁਣ ਮੰਗਾਂ ਸਬੰਧੀ ਲਿਖਤੀ ਭਰੋਸਾ ਮਿਲ ਗਿਆ ਹੈ। ਉਨ੍ਹਾਂ ਦੱਸਿਆ ਕਿ ਬਿਜਲੀ ਦੇ ਚਿੱਪ ਵਾਲੇ ਮੀਟਰਾਂ ਅਤੇ ਬਿਜਲੀ ਸੋਧ ਬਿੱਲ ਦੇ ਵਿਰੋਧ ਵਿੱਚ ਵਿਧਾਨ ਸਭਾ ਵਿੱਚ ਮਤਾ ਲਿਆਂਦਾ ਜਾਵੇਗਾ। ਇਸ ਦੇ ਨਾਲ ਹੀ ਕਿਸਾਨਾਂ ਦੇ ਕਰਜ਼ਿਆਂ ਲਈ ਵਨ ਟਾਈਮ ਸੈਟਲਮੈਂਟ (OTS) ਸਬੰਧੀ ਵੀ ਕਾਰਵਾਈ ਕੀਤੀ ਜਾਵੇਗੀ।
ਰਾਜੇਵਾਲ ਮੁਤਾਬਕ ਪੰਜਾਬ ਵਿੱਚ ਗੰਨੇ ਦਾ ਭਾਅ ਦੇਸ਼ ਵਿੱਚ ਸਭ ਤੋਂ ਵੱਧ ਕਰਨ ਦਾ ਵੀ ਸਰਕਾਰ ਵੱਲੋਂ ਭਰੋਸਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਗੰਨਾ ਮਿੱਲਾਂ ਵੱਲੋਂ ਕਿਸਾਨਾਂ ਦਾ ਬਕਾਇਆ ਰੱਖਣ ਦੇ ਮਾਮਲੇ ’ਤੇ ਵੀ ਸਰਕਾਰ ਨੇ ਮੰਗ ਮੰਨ ਲਈ ਹੈ।
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਖੁਦ ਧਰਨੇ ਵਾਲੀ ਥਾਂ ’ਤੇ ਪਹੁੰਚੇ ਅਤੇ ਕਿਸਾਨ ਆਗੂਆਂ ਨੂੰ ਸਰਕਾਰ ਵੱਲੋਂ ਮੰਗਾਂ ਸਬੰਧੀ ਲਿਖਤੀ ਪੱਤਰ ਸੌਂਪਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ’ਤੇ ਕਾਰਵਾਈ ਲਈ ਇੱਕ ਮਹੀਨੇ ਦੇ ਅੰਦਰ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਜਾਵੇਗਾ।
ਮੰਤਰੀ ਨੇ ਧਰਨਾ ਖ਼ਤਮ ਹੋਣ ਤੋਂ ਬਾਅਦ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਹੁਣ ਸ਼ਾਂਤੀਪੂਰਵਕ ਆਪਣੇ ਘਰਾਂ ਨੂੰ ਵਾਪਸ ਜਾਣ।
ਇਹ ਸਹਿਮਤੀਆਂ ਐਤਵਾਰ ਦੇਰ ਰਾਤ ਪੰਜਾਬ ਭਵਨ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਕਿਸਾਨ ਆਗੂਆਂ ਦੀ ਹੋਈ ਮੀਟਿੰਗ ਦੌਰਾਨ ਬਣੀਆਂ। ਲਿਖਤੀ ਭਰੋਸਾ ਮਿਲਣ ਤੋਂ ਬਾਅਦ ਕਿਸਾਨਾਂ ਨੇ ਆਪਣੇ ਕਈ ਦਿਨਾਂ ਤੋਂ ਚੱਲ ਰਹੇ ਧਰਨੇ ਨੂੰ ਸਮਾਪਤ ਕਰ ਦਿੱਤਾ।
Get all latest content delivered to your email a few times a month.