ਤਾਜਾ ਖਬਰਾਂ
ਰਾਏਕੋਟ/ਸੁਧਾਰ: ਪੁਲਿਸ ਥਾਣਾ ਗੁਰੂਸਰ ਸੁਧਾਰ ਅਧੀਨ ਪੈਂਦੇ ਪਿੰਡ ਬੁਰਜ ਲਿੱਟਾਂ ਵਿਖੇ 25 ਸਾਲਾ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਮ੍ਰਿਤਕਾ ਦੀ ਪਛਾਣ ਹਰਪ੍ਰੀਤ ਕੌਰ ਵਜੋਂ ਹੋਈ ਹੈ, ਜੋ ਕਿ ਤਿੰਨ ਮਹੀਨੇ ਦੀ ਗਰਭਵਤੀ ਸੀ। ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਉਸ ਦੇ ਪਤੀ, ਸਹੁਰੇ ਅਤੇ ਦਾਦੇ-ਸਹੁਰੇ 'ਤੇ ਕੁੱਟਮਾਰ ਕਰਨ ਅਤੇ ਗਲਾ ਘੁੱਟ ਕੇ ਕਤਲ ਕਰਨ ਦੇ ਗੰਭੀਰ ਦੋਸ਼ ਲਗਾਏ ਹਨ, ਜਿਸ ਨਾਲ ਅਣਜੰਮੇ ਬੱਚੇ ਦੀ ਵੀ ਜਾਨ ਚਲੀ ਗਈ।
ਪੇਕੇ ਪਰਿਵਾਰ ਅਨੁਸਾਰ ਹਰਪ੍ਰੀਤ ਕੌਰ ਸਹੁਰੇ ਘਰ ਲਗਾਤਾਰ ਹੁੰਦੇ ਝਗੜਿਆਂ ਤੋਂ ਪਰੇਸ਼ਾਨ ਹੋ ਕੇ ਆਪਣੇ ਪੇਕੇ ਚਲੀ ਗਈ ਸੀ। ਐਤਵਾਰ ਨੂੰ ਉਸ ਦਾ ਪਤੀ ਜਸਪ੍ਰੀਤ ਸਿੰਘ ਉਰਫ਼ ਜੱਸਾ ਨਸ਼ਾ ਛੱਡਣ ਦਾ ਭਰੋਸਾ ਦੇ ਕੇ ਉਸ ਨੂੰ ਵਾਪਸ ਲੈ ਕੇ ਆਇਆ ਸੀ। ਦੋਸ਼ ਹੈ ਕਿ ਸੋਮਵਾਰ ਰਾਤ ਜਸਪ੍ਰੀਤ ਨੇ ਨਸ਼ੇ ਦੀ ਹਾਲਤ ਵਿੱਚ ਉਸ ਨਾਲ ਬੁਰੇ ਤਰੀਕੇ ਨਾਲ ਕੁੱਟਮਾਰ ਕੀਤੀ ਅਤੇ ਗਲਾ ਘੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪਰਿਵਾਰ ਨੇ ਇਹ ਵੀ ਇਲਜ਼ਾਮ ਲਾਇਆ ਕਿ ਘਟਨਾ ਨੂੰ ਖ਼ੁਦਕੁਸ਼ੀ ਦਾ ਰੂਪ ਦੇਣ ਦੀ ਅਸਫ਼ਲ ਕੋਸ਼ਿਸ਼ ਕੀਤੀ ਗਈ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸੁਧਾਰ ਦੇ ਮੁਖੀ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਸਬੂਤ ਇਕੱਠੇ ਕੀਤੇ। ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਪਤੀ ਜਸਪ੍ਰੀਤ ਸਿੰਘ ਅਤੇ ਦਾਦਾ ਜੋਗਿੰਦਰ ਸਿੰਘ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਲੁਧਿਆਣਾ ਦੇ ਸਿਵਲ ਹਸਪਤਾਲ ਭੇਜਿਆ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ, ਜਿਸ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Get all latest content delivered to your email a few times a month.