ਤਾਜਾ ਖਬਰਾਂ
ਪੰਜਾਬ ਵਿੱਚ ਕਾਨੂੰਨ-ਵਿਵਸਥਾ ਅਤੇ ਗੈਂਗਸਟਰਵਾਦ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖੇ ਹਮਲੇ ਕੀਤੇ ਹਨ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਸਮੇਤ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ।
ਕਾਂਗਰਸੀ ਆਗੂਆਂ ਨੇ ਗੁਲਜ਼ਾਰ ਸਿੰਘ ਮਾਮਲੇ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਵੀ ਐਫਆਈਆਰ ਵਿੱਚ ਨਾਮਜ਼ਦ ਕਰਨ ਦੀ ਮੰਗ ਕੀਤੀ। ਚਰਨਜੀਤ ਚੰਨੀ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਲੋਕਾਂ ਦੇ ਵਿਰੋਧ ਕਰਨ ਅਤੇ ਆਪਣੀ ਗੱਲ ਰੱਖਣ ਦੇ ਅਧਿਕਾਰ ਨੂੰ ਦਬਾਇਆ ਜਾ ਰਿਹਾ ਹੈ ਅਤੇ ਸੂਬੇ ਦੀ ਕਾਨੂੰਨ-ਵਿਵਸਥਾ ਲਗਾਤਾਰ ਵਿਗੜ ਰਹੀ ਹੈ।
ਚੰਨੀ ਨੇ ਦਾਅਵਾ ਕੀਤਾ ਕਿ ਗੁਲਜ਼ਾਰ ਸਿੰਘ ਨੇ ਆਪਣੇ ਬਿਆਨਾਂ ਵਿੱਚ ਸਰਪੰਚ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਜ਼ਿਕਰ ਕੀਤਾ ਸੀ, ਪਰ ਇਸ ਦੇ ਬਾਵਜੂਦ ਵਿੱਤ ਮੰਤਰੀ ਵਿਰੁੱਧ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਲਈ ਹਰਪਾਲ ਚੀਮਾ ਨੂੰ ਕੇਸ ਵਿੱਚ ਨਾਮਜ਼ਦ ਕਰਕੇ ਉਨ੍ਹਾਂ ਤੋਂ ਅਸਤੀਫ਼ਾ ਲਿਆ ਜਾਣਾ ਚਾਹੀਦਾ ਹੈ।
ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ 'ਆਪ' ਸਰਕਾਰ ’ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਸੂਬੇ ਵਿੱਚ ਗੈਂਗਸਟਰਾਂ ਦੀ ਦਖਲਅੰਦਾਜ਼ੀ ਵਧ ਰਹੀ ਹੈ। ਉਨ੍ਹਾਂ ਗੁਰਦਾਸਪੁਰ ਦੀਆਂ ਨਗਰ ਕੌਂਸਲ ਚੋਣਾਂ ਵਿੱਚ ਕਥਿਤ ਗੈਂਗਸਟਰ ਦਖਲ ਦਾ ਮਾਮਲਾ ਵੀ ਉਠਾਇਆ ਅਤੇ ਪੁਲਿਸ ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਕੀਤੀ।
ਰੰਧਾਵਾ ਨੇ ਕਿਹਾ ਕਿ ਕਾਂਗਰਸ ਵੱਲੋਂ ਰਾਜਪਾਲ ਦੇ ਸਾਹਮਣੇ ਸੂਬੇ ਦੀ ਮੌਜੂਦਾ ਸਥਿਤੀ, ਕਾਨੂੰਨ-ਵਿਵਸਥਾ ਅਤੇ ਸਰਕਾਰ ਦੀ ਕਾਰਗੁਜ਼ਾਰੀ ਨਾਲ ਜੁੜੇ ਕਈ ਮੁੱਦੇ ਰੱਖੇ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਸੂਬੇ ਨੂੰ ਅਰਾਜਕਤਾ ਵੱਲ ਧੱਕ ਰਹੀ ਹੈ ਅਤੇ ਜ਼ਿੰਮੇਵਾਰ ਮੰਤਰੀਆਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।
Get all latest content delivered to your email a few times a month.