IMG-LOGO
ਹੋਮ ਪੰਜਾਬ: ਸਿਹਤ ਮੰਤਰੀ ਦੀ ਰਿਹਾਇਸ਼ ਅੱਗੇ ਮੁਲਾਜ਼ਮਾਂ-ਪੈਨਸ਼ਨਰਾਂ ਦਾ ਰੋਸ ਪ੍ਰਦਰਸ਼ਨ, ਬੈਰੀਕੇਡ...

ਸਿਹਤ ਮੰਤਰੀ ਦੀ ਰਿਹਾਇਸ਼ ਅੱਗੇ ਮੁਲਾਜ਼ਮਾਂ-ਪੈਨਸ਼ਨਰਾਂ ਦਾ ਰੋਸ ਪ੍ਰਦਰਸ਼ਨ, ਬੈਰੀਕੇਡ ਤੋੜ ਕੇ ਗੇਟ ਤੱਕ ਪੁੱਜੇ

Admin User - Sep 12, 2026 05:25 PM
IMG

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਵੱਲੋਂ ਅੱਜ ਪੁੱਡਾ ਗ੍ਰਾਊਂਡ ਵਿਖੇ ਵਿਸ਼ਾਲ ਰੈਲੀ ਕੀਤੀ ਗਈ। ਰੈਲੀ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕੀਤਾ।

ਪੁਲਿਸ ਵੱਲੋਂ ਮੰਤਰੀ ਦੀ ਰਿਹਾਇਸ਼ ਤੋਂ ਪਹਿਲਾਂ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਪਰ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਬੈਰੀਕੇਡ ਪਾਰ ਕਰਦਿਆਂ ਮੰਤਰੀ ਦੀ ਕੋਠੀ ਦੇ ਗੇਟ ਤੱਕ ਪਹੁੰਚ ਕੇ ਆਪਣਾ ਰੋਸ ਜ਼ਾਹਰ ਕੀਤਾ।

ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਉਨ੍ਹਾਂ ਨੇ 18 ਫੀਸਦੀ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਪੈਨਸ਼ਨਰਾਂ ਅਤੇ ਅਣ-ਰਿਵਾਇਜ਼ਡ ਕੈਟਾਗਰੀਆਂ ਦੇ ਮੁਲਾਜ਼ਮਾਂ ਲਈ 2.59 ਦਾ ਗੁਣਾਂਕ ਲਾਗੂ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਕੱਚੇ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ।

ਇਸ ਤੋਂ ਇਲਾਵਾ ਮਿਡ-ਡੇ-ਮੀਲ, ਆਸ਼ਾ ਅਤੇ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ ਉਜ਼ਰਤਾਂ ਲਾਗੂ ਕਰਨ, ਬੰਦ ਕੀਤੇ ਗਏ ਵੱਖ-ਵੱਖ ਭੱਤੇ ਅਤੇ ਏਸੀਪੀ ਸਕੀਮ ਬਹਾਲ ਕਰਨ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ’ਤੇ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਨ ਅਤੇ ਪਰਖ ਕਾਲ ਦੌਰਾਨ ਪੂਰੀ ਤਨਖਾਹ ਦੇਣ ਸਮੇਤ ਹੋਰ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਗਈ।

ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਪ੍ਰੈੱਸ ਕਾਨਫਰੰਸਾਂ ਰਾਹੀਂ ਮੁਲਾਜ਼ਮਾਂ ਸਬੰਧੀ ਗੁੰਮਰਾਹਕੁੰਨ ਪ੍ਰਚਾਰ ਕਰ ਰਹੀ ਹੈ, ਜਦਕਿ ਸਾਂਝੀ ਤਾਲਮੇਲ ਕਮੇਟੀ ਨਾਲ ਮੀਟਿੰਗ ਕਰਨ ਤੋਂ ਵੀ ਟਾਲਾ ਵੱਟ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਸੰਘਰਸ਼ ਸਿਰਫ਼ ਡੀ.ਏ. ਦੀਆਂ ਕਿਸ਼ਤਾਂ ਤੱਕ ਸੀਮਤ ਨਹੀਂ ਹੈ, ਸਗੋਂ ਮੰਗ ਪੱਤਰ ਵਿੱਚ ਦਰਜ ਸਾਰੀਆਂ ਮੰਗਾਂ ਦੇ ਹੱਲ ਤੱਕ ਜਾਰੀ ਰਹੇਗਾ।

ਇਸ ਮੌਕੇ ਵੱਡੀ ਗਿਣਤੀ ਵਿੱਚ ਮੁਲਾਜ਼ਮ, ਪੈਨਸ਼ਨਰ ਅਤੇ ਮਾਣਭੱਤਾ ਵਰਕਰ ਮੌਜੂਦ ਰਹੇ। ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆਂ ਨੇ ਵੀ ਪ੍ਰਦਰਸ਼ਨ ਵਿੱਚ ਭਰਾਤਰੀ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਦੌਰਾਨ ਆਮ ਆਦਮੀ ਪਾਰਟੀ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਜੀਤ ਸਿੰਘ ਵੱਲੋਂ ਪਾਰਟੀ ਤੋਂ ਅਸਤੀਫ਼ਾ ਦੇ ਕੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੀ ਗੱਲ ਵੀ ਸਾਹਮਣੇ ਆਈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.