ਤਾਜਾ ਖਬਰਾਂ
ਚੰਡੀਗੜ੍ਹ; 15 ਸਤੰਬਰ 2026,-
ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਅਹਿਮ ਉਪਰਾਲਾ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਦੇ ਮੁਲਾਜ਼ਮਾਂ ਨੂੰ ਦਰਪੇਸ਼ ਮਸਲਿਆਂ ਨੂੰ ਹੱਲ ਕਰਨ ਲਈ ਇੱਕ ਸਾਂਝੀ ਕਮੇਟੀ ਗਠਿਤ ਕੀਤੀ ਜਾਵੇ। ਇਸ ਕਮੇਟੀ ਵਿੱਚ ਸਿਹਤ, ਵਿੱਤ ਅਤੇ ਸਮਾਜ ਭਲਾਈ ਵਿਭਾਗਾਂ ਦੇ ਅਧਿਕਾਰੀ, ਸਿੱਖਿਆ ਵਿਭਾਗ ਤੋਂ ਇੱਕ ਵਿਸ਼ੇਸ਼ ਇਨਵਾਈਟੀ ਅਤੇ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਦੇ ਦੋ ਮੈਂਬਰ ਸ਼ਾਮਲ ਹੋਣਗੇ। ਇਸ ਦੌਰਾਨ, ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਵੱਖ-ਵੱਖ ਅਧਿਆਪਕ ਯੂਨੀਅਨਾਂ ਦੀਆਂ ਤਨਖਾਹਾਂ ਅਤੇ ਬਦਲੀਆਂ ਦੀਆਂ ਅਹਿਮ ਚਿੰਤਾਵਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦੇ ਵੀ ਨਿਰਦੇਸ਼ ਦਿੱਤੇ।
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਹੋਈ ਮੀਟਿੰਗ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਅਧੀਨ ਆਉਂਦੀਆਂ ਹੋਰਨਾਂ ਯੂਨੀਅਨਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਇੱਕ ਵਿਆਪਕ ਏਜੰਡਾ ਤਿਆਰ ਕੀਤਾ ਜਾਵੇ, ਤਾਂ ਜੋ ਨਵੀਂ ਬਣੀ ਕਮੇਟੀ ਉਨ੍ਹਾਂ ਦੇ ਮਸਲਿਆਂ ਦਾ ਸੁਖਾਵਾਂ ਹੱਲ ਕੱਢ ਸਕੇ।
ਵਿੱਤ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ, "ਸਾਂਝੀ ਕਮੇਟੀ ਨੂੰ ਯੂਨੀਅਨਾਂ ਦੀਆਂ ਮੰਗਾਂ ਨਾਲ ਜੁੜੀਆਂ ਵਿੱਤੀ ਦੇਣਦਾਰੀਆਂ ਅਤੇ ਕਾਨੂੰਨੀ ਜ਼ਿੰਮੇਵਾਰੀਆਂ ਬਾਰੇ ਵਿਚਾਰ-ਵਟਾਂਦਰਾ ਕਰਕੇ ਇਸ ਮਸਲੇ ਨੂੰ ਹੱਲ ਕਰਨਾ ਚਾਹੀਦਾ ਹੈ।" ਉਨ੍ਹਾਂ ਸਿਹਤ ਵਿਭਾਗ ਨੂੰ ਅਗਲੇਰੀ ਕਰਵਾਈ ਲਈ ਅੰਤਿਮ ਤਜਵੀਜ਼ ਕੈਬਨਿਟ ਸਬ-ਕਮੇਟੀ ਅੱਗੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।
ਇਸ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 4161 ਮਾਸਟਰ ਕਾਡਰ ਅਧਿਆਪਕ ਯੂਨੀਅਨ, 3704 ਅਧਿਆਪਕ ਯੂਨੀਅਨ, ਕੰਪਿਊਟਰ ਟੀਚਰਜ਼ ਯੂਨੀਅਨ ਅਤੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ) ਸਮੇਤ ਅਧਿਆਪਕ ਯੂਨੀਅਨਾਂ ਦੀਆਂ ਚਿੰਤਾਵਾਂ ਵੀ ਸੁਣੀਆਂ। ਉਨ੍ਹਾਂ ਦੇ ਜ਼ਿਆਦਾਤਰ ਮਸਲੇ ਬਦਲੀਆਂ ਅਤੇ ਤਨਖਾਹਾਂ ਨਾਲ ਸਬੰਧਿਤ ਸਨ। ਉਨ੍ਹਾਂ ਸਿੱਖਿਆ ਵਿਭਾਗ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦੇ ਨਿਰਦੇਸ਼ ਦਿੱਤੇ, ਜਿਸ ਨਾਲ ਸੂਬੇ ਦਾ ਭਵਿੱਖ ਘੜਨ ਵਾਲੇ ਅਧਿਆਪਕਾਂ ਨੂੰ ਵੱਡੀ ਰਾਹਤ ਮਿਲ ਸਕੇ।
ਵਿੱਤ ਮੰਤਰੀ ਨੇ ਦੁਹਰਾਇਆ, "ਭਗਵੰਤ ਸਿੰਘ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਚਿੰਤਾਵਾਂ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ, ਜਿਸ ਨਾਲ ਸੂਬਾ ਸਰਕਾਰ ਅਤੇ ਇਸਦੇ ਕਰਮਚਾਰੀਆਂ ਵਿਚਕਾਰ ਵਿਸ਼ਵਾਸ ਹੋਰ ਮਜ਼ਬੂਤ ਹੋਵੇਗਾ।"
ਇਹਨਾਂ ਮੀਟਿੰਗਾਂ ਵਿੱਚ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਵੱਲੋਂ ਡਾ. ਵਾਹਿਦ ਮੁਹੰਮਦ, ਡਾ. ਅਮਨਦੀਪ ਕੌਰ, ਡਾ. ਜਤਿੰਦਰ ਸੰਧੂ ਅਤੇ ਰਣਜੀਤ ਕੌਰ; 4161 ਮਾਸਟਰ ਕਾਡਰ ਅਧਿਆਪਕ ਯੂਨੀਅਨ ਵੱਲੋਂ ਸੰਦੀਪ ਸਿੰਘ, ਬਲਕਾਰ ਸਿੰਘ ਅਤੇ ਕੁਲਦੀਪ ਸਿੰਘ; 3704 ਅਧਿਆਪਕ ਯੂਨੀਅਨ ਵੱਲੋਂ ਜਗਜੀਵਨਜੋਤ ਸਿੰਘ, ਰਾਜੇਸ਼ਵਰ ਰਾਏ, ਰਾਕੇਸ਼ ਕੁਮਾਰ ਅਤੇ ਸੁਮੀਤਪਾਲ ਸਿੰਘ; ਕੰਪਿਊਟਰ ਟੀਚਰਜ਼ ਯੂਨੀਅਨ ਵੱਲੋਂ ਗੁਰਵਿੰਦਰ ਸਿੰਘ, ਸੁਨੀਤ ਸਰੀਨ, ਗਗਨਦੀਪ ਸਿੰਘ ਅਤੇ ਸੀਤਲ ਸਿੰਘ; ਅਤੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ) ਵੱਲੋਂ ਕਮਲ ਠਾਕੁਰ, ਸੋਹਣ ਸਿੰਘ, ਗੁਰਮੁਖ ਸਿੰਘ, ਗੁਰਪ੍ਰੀਤ ਸਿੰਘ, ਗੌਰਵ ਕਾਂਤ ਅਤੇ ਪਰਸ਼ੋਤਮ ਸਮੇਤ ਨੁਮਾਇੰਦਿਆਂ ਨੇ ਸਰਗਰਮੀ ਨਾਲ ਹਿੱਸਾ ਲਿਆ।
Get all latest content delivered to your email a few times a month.