ਤਾਜਾ ਖਬਰਾਂ
ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਜ਼ਿਲ੍ਹਾ ਪਟਿਆਲਾ ਇਕਾਈ ਵੱਲੋਂ ਮਾਤਾ ਕੁਸ਼ਲਿਆ ਹਸਪਤਾਲ ਵਿਖੇ ਸਿਹਤ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ।
ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਦੌਰਾਨ ਸੂਬਾ ਜਥੇਬੰਦਕ ਸਕੱਤਰ ਹਰਪਾਲ ਸਿੰਘ ਟਿਵਾਣਾ ਨੇ ਕਿਹਾ ਕਿ ਯੂਨੀਅਨ ਵੱਲੋਂ ਸਿਹਤ ਵਿਭਾਗ ਦੇ ਸਮੂਹ ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਵਿਭਾਗ ਅਧੀਨ ਲਿਆ ਕੇ ਪੱਕਾ ਕਰਨ, ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਦੇਣ, ਤਨਖ਼ਾਹਾਂ ਵਿੱਚ ਵਾਧਾ ਕਰਨ ਅਤੇ ਬਿੱਲ 2026 ਵਿੱਚ ਸਾਰੀਆਂ ਕੈਟਾਗਰੀਆਂ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ 31 ਅਗਸਤ ਨੂੰ ਸਿਹਤ ਮੰਤਰੀ ਦੀ ਪਟਿਆਲਾ ਸਥਿਤ ਰਿਹਾਇਸ਼ ਅੱਗੇ ਪ੍ਰਦਰਸ਼ਨ ਤੋਂ ਬਾਅਦ 2 ਸਤੰਬਰ ਨੂੰ ਮੰਤਰੀ ਅਤੇ ਸਿਹਤ ਵਿਭਾਗ ਦੇ ਡਾਇਰੈਕਟਰਾਂ ਨਾਲ ਯੂਨੀਅਨ ਦੀ ਮੀਟਿੰਗ ਹੋਈ ਸੀ। ਯੂਨੀਅਨ ਆਗੂਆਂ ਮੁਤਾਬਕ ਮੰਗਾਂ ’ਤੇ ਸਹਿਮਤੀ ਨਾ ਬਣਨ ਕਾਰਨ ਮੀਟਿੰਗ ਬੇਨਤੀਜਾ ਰਹੀ, ਜਿਸ ਤੋਂ ਬਾਅਦ ਮੁਲਾਜ਼ਮਾਂ ਵਿੱਚ ਰੋਸ ਵਧਿਆ ਹੈ।
ਜਨਰਲ ਸਕੱਤਰ ਸਰਬਜੀਤ ਸਿੰਘ ਨੇ ਕਿਹਾ ਕਿ ਲੁਧਿਆਣਾ ਵਿਖੇ ਹੋਈ ਸੂਬਾ ਪੱਧਰੀ ਮੀਟਿੰਗ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਗਾਤਾਰ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਲਿਆ ਗਿਆ ਸੀ। ਇਸੇ ਤਹਿਤ ਪਟਿਆਲਾ ਵਿੱਚ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ।
ਜ਼ਿਲ੍ਹਾ ਪ੍ਰਧਾਨ ਰਾਜੇਸ਼ ਪਵਾਰ ਨੇ ਕਿਹਾ ਕਿ ਆਊਟਸੋਰਸ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ, ਪਰ ਉਨ੍ਹਾਂ ਨੂੰ ਨੌਕਰੀ ਦੀ ਸਥਿਰਤਾ ਅਤੇ ਉਚਿਤ ਤਨਖ਼ਾਹ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਸਾਰੇ ਕੱਚੇ ਮੁਲਾਜ਼ਮਾਂ ਨੂੰ ਵਿਭਾਗ ਅਧੀਨ ਲੈ ਕੇ ਪੱਕਾ ਕਰਨ ਅਤੇ ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਦੇਣ ਦੀ ਮੰਗ ਕੀਤੀ।
ਪ੍ਰੈਸ ਸਕੱਤਰ ਹਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਪ੍ਰਦਰਸ਼ਨ ਦੌਰਾਨ ਆਮ ਲੋਕਾਂ ਵਿੱਚ ਲੀਫ਼ਲੈਟ ਵੀ ਵੰਡੇ ਗਏ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਗੱਲਬਾਤ ਰਾਹੀਂ ਹੱਲ ਕੱਢਿਆ ਜਾਵੇ।
ਮਹਿਲਾ ਵਿੰਗ ਇੰਚਾਰਜ ਮੇਘਾ ਬਾਂਸਲ ਨੇ ਕਿਹਾ ਕਿ ਸਿਹਤ ਵਿਭਾਗ ਵਿੱਚ ਕੰਮ ਕਰ ਰਹੀਆਂ ਮਹਿਲਾ ਆਊਟਸੋਰਸ ਮੁਲਾਜ਼ਮਾਂ ਵੀ ਨੌਕਰੀ ਦੀ ਸਥਿਰਤਾ ਅਤੇ ਤਨਖ਼ਾਹ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਹਿਲਾ ਮੁਲਾਜ਼ਮ ਯੂਨੀਅਨ ਦੇ ਸੰਘਰਸ਼ ਵਿੱਚ ਪੂਰੀ ਤਰ੍ਹਾਂ ਸ਼ਾਮਲ ਹਨ।
ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਸਬੰਧੀ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਬਾਰੇ ਅਗਲਾ ਫੈਸਲਾ ਸੂਬਾ ਕਮੇਟੀ ਵੱਲੋਂ ਲਿਆ ਜਾਵੇਗਾ। ਇਸ ਮੌਕੇ ਯੂਨੀਅਨ ਦੇ ਵੱਖ-ਵੱਖ ਅਹੁਦੇਦਾਰਾਂ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਹਾਜ਼ਰ ਰਹੇ।
Get all latest content delivered to your email a few times a month.