ਤਾਜਾ ਖਬਰਾਂ
ਪੰਜਾਬ ਵਿੱਚ ਅੱਜ ਰੇਲ ਰਾਹੀਂ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਵੱਡੀ ਮੁਸ਼ਕਲ ਖੜ੍ਹੀ ਹੋ ਸਕਦੀ ਹੈ। ਆਪਣੀਆਂ ਲਮਕਦੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਰੋਸ ਜਤਾ ਰਹੇ ਕਿਸਾਨਾਂ ਨੇ ਅੱਜ ਪ੍ਰਦੇਸ਼ ਭਰ ਵਿੱਚ 'ਰੇਲ ਰੋਕੋ ਅੰਦੋਲਨ' ਦਾ ਆਗਾਜ਼ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਪ੍ਰਦਰਸ਼ਨ ਦੇ ਚੱਲਦਿਆਂ ਗੁਰਦਾਸਪੁਰ, ਅੰਮ੍ਰਿਤਸਰ, ਮੋਗਾ, ਫਿਰੋਜ਼ਪੁਰ ਅਤੇ ਸੰਗਰੂਰ ਵਰਗੇ ਮੁੱਖ ਜ਼ਿਲ੍ਹਿਆਂ ਵਿੱਚ ਰੇਲਵੇ ਟਰੈਕ ਪੂਰੀ ਤਰ੍ਹਾਂ ਪ੍ਰਭਾਵਿਤ ਰਹਿਣ ਦੀ ਸੰਭਾਵਨਾ ਹੈ।
ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੇਲਾਂ ਰੋਕਣ ਦਾ ਪ੍ਰੋਗਰਾਮ ਦੋਪਹਿਰ 12 ਵਜੇ ਤੋਂ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਨੂੰ ਮੰਗਾਂ 'ਤੇ ਗੱਲਬਾਤ ਲਈ ਦੋਪਹਿਰ 12 ਵਜੇ ਤੱਕ ਦਾ ਅੰਤਿਮ ਸਮਾਂ ਦਿੱਤਾ ਗਿਆ ਹੈ, ਪਰ ਜੇਕਰ ਕੋਈ ਹੁੰਗਾਰਾ ਨਾ ਮਿਲਿਆ ਤਾਂ ਰੇਲਾਂ ਦਾ ਚੱਕਾ ਮੁਕੰਮਲ ਤੌਰ 'ਤੇ ਜਾਮ ਕਰ ਦਿੱਤਾ ਜਾਵੇਗਾ।
ਸਰਕਾਰ ਦੀ ਖਾਮੋਸ਼ੀ ਤੋਂ ਨਿਰਾਸ਼ ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਆਪਣੀਆਂ ਮੰਗਾਂ ਸਬੰਧੀ ਮੰਗ-ਪੱਤਰ ਪਹਿਲਾਂ ਹੀ ਮੁੱਖ ਮੰਤਰੀ ਨੂੰ ਭੇਜਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ 31 ਅਗਸਤ ਤੋਂ ਸਰਕਾਰ ਦੇ ਮੰਤਰੀਆਂ ਦੀਆਂ ਰਿਹਾਇਸ਼ਾਂ ਅੱਗੇ ਨੌਂ ਵੱਖ-ਵੱਖ ਥਾਵਾਂ 'ਤੇ ਲਗਾਤਾਰ ਧਰਨੇ ਜਾਰੀ ਹਨ, ਪਰ ਇਸ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।
ਆਮ ਜਨਤਾ ਨੂੰ ਹੋਣ ਵਾਲੀ ਪਰੇਸ਼ਾਨੀ ਬਾਰੇ ਗੱਲ ਕਰਦਿਆਂ ਪੰਧੇਰ ਨੇ ਕਿਹਾ ਕਿ ਰੇਲਾਂ ਰੋਕਣਾ ਕਿਸਾਨਾਂ ਦੀ ਕੋਈ ਜ਼ਿੱਦ ਨਹੀਂ ਬਲਕਿ ਮਜਬੂਰੀ ਹੈ, ਕਿਉਂਕਿ ਇਹ ਸੰਘਰਸ਼ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਲੜਿਆ ਜਾ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਅਣਸੁਖਾਵੀਂ ਸਥਿਤੀ ਬਣਦੀ ਹੈ ਤਾਂ ਉਸ ਦੀ ਪੂਰੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ। ਇਸ ਦੌਰਾਨ 17 ਸਤੰਬਰ ਦੇ ਇਸ ਵਿਰੋਧ ਤੋਂ ਬਾਅਦ, ਸੰਘਰਸ਼ ਦੀ ਅਗਲੀ ਰਣਨੀਤੀ ਉਲੀਕਣ ਲਈ 18 ਸਤੰਬਰ ਨੂੰ ਅਹਿਮ ਮੀਟਿੰਗ ਬੁਲਾਈ ਗਈ ਹੈ।
Get all latest content delivered to your email a few times a month.