ਤਾਜਾ ਖਬਰਾਂ
ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਆਪਣੀ ਜ਼ਮੀਨੀ ਪੱਧਰ ਦੀਆਂ ਸਰਗਰਮੀਆਂ ਵਧਾ ਦਿੱਤੀਆਂ ਹਨ। ਪਾਰਟੀ ਵੱਲੋਂ 20 ਸਤੰਬਰ ਤੋਂ ਸੂਬੇ ਭਰ ਵਿੱਚ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੀ ਪਹਿਲੀ ਕੜੀ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਤੋਂ ਸ਼ੁਰੂ ਹੋਈ।
ਮੁਹਿੰਮ ਦੇ ਪਹਿਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਦੇ ਪਿੰਡ ਧੂਰਾ ਵਿੱਚ ਪਾਰਟੀ ਵਰਕਰਾਂ ਨਾਲ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਵੱਲੋਂ ਕੀਤੇ ਕੰਮਾਂ ਅਤੇ ਲੋਕ-ਭਲਾਈ ਨਾਲ ਜੁੜੀਆਂ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਪੰਜਾਬ AAP ਇੰਚਾਰਜ ਮਨੀਸ਼ ਸਿਸੋਦੀਆ ਦੇ ਅਨੁਸਾਰ, ਮੁਹਿੰਮ ਵਿੱਚ ਲਗਭਗ 2.68 ਲੱਖ ਬੂਥ ਕਮੇਟੀ ਮੈਂਬਰ ਸ਼ਾਮਲ ਹੋਣਗੇ। ਪਾਰਟੀ ਮੁਤਾਬਕ ਸੂਬੇ ਵਿੱਚ 25,332 ਬੂਥ ਹਨ, ਜਿੱਥੇ ਬੂਥ ਪੱਧਰ ਦੇ ਵਰਕਰਾਂ ਰਾਹੀਂ ਇਹ ਅਭਿਆਨ ਚਲਾਇਆ ਜਾਵੇਗਾ।
ਇਸ ਦੌਰਾਨ ਪਾਰਟੀ ਵਰਕਰ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਸਰਕਾਰ ਦੀਆਂ ਨੀਤੀਆਂ, ਲੋਕ-ਭਲਾਈ ਦੇ ਫ਼ੈਸਲਿਆਂ ਅਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦੇਣਗੇ। ਇਸ ਦੇ ਨਾਲ ਹੀ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਤ ਕਰਨ ਅਤੇ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਨੂੰ ਅੱਗੇ ਵਧਾਉਣ ’ਤੇ ਵੀ ਧਿਆਨ ਦਿੱਤਾ ਜਾਵੇਗਾ।
ਪਾਰਟੀ ਵੱਲੋਂ ਇਹ ਵਿਸ਼ੇਸ਼ ਲੋਕ ਸੰਪਰਕ ਮੁਹਿੰਮ ਇੱਕ ਮਹੀਨੇ ਤੱਕ ਚਲਾਉਣ ਦੀ ਗੱਲ ਕਹੀ ਗਈ ਹੈ। ਇਸ ਦੌਰਾਨ ਬਿਜਲੀ, ਪਾਣੀ, ਰੁਜ਼ਗਾਰ, ਸਿੱਖਿਆ ਅਤੇ ਕਿਸਾਨਾਂ ਨਾਲ ਸਬੰਧਤ ਸਰਕਾਰੀ ਕੰਮਾਂ ਨੂੰ ਲੋਕਾਂ ਸਾਹਮਣੇ ਰੱਖਿਆ ਜਾਵੇਗਾ।
AAP ਆਗੂਆਂ ਅਨੁਸਾਰ, ਮੁਹਿੰਮ ਦਾ ਉਦੇਸ਼ ਸਰਕਾਰ ਦੇ ਕੰਮਕਾਜ ਦੀ ਜਾਣਕਾਰੀ ਘਰ-ਘਰ ਤੱਕ ਪਹੁੰਚਾਉਣਾ ਅਤੇ ਪਾਰਟੀ ਦਾ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਮਜ਼ਬੂਤ ਕਰਨਾ ਹੈ।
ਇਸ ਤੋਂ ਇੱਕ ਦਿਨ ਪਹਿਲਾਂ, 19 ਸਤੰਬਰ ਨੂੰ ਲੁਧਿਆਣਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦਾ ਚੋਣ ਪ੍ਰਚਾਰ ਪੈਂਫਲੈਟ ਜਾਰੀ ਕੀਤਾ ਸੀ। ਹੁਣ ਇਸੇ ਕੜੀ ਤਹਿਤ ਬੂਥ ਪੱਧਰ ’ਤੇ ਡੋਰ-ਟੂ-ਡੋਰ ਮੁਹਿੰਮ ਨੂੰ ਅੱਗੇ ਵਧਾਇਆ ਜਾ ਰਿਹਾ ਹੈ।
Get all latest content delivered to your email a few times a month.