ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਸ਼ਰਧਾਲੂਆਂ ਦੀ ਬੱਸ ਖਾਟੂਸ਼ਾਮ ਲਈ ਰਵਾਨਾ ਕੀਤੀ ਗਈ। ਆਮ ਆਦਮੀ ਪਾਰਟੀ ਦੇ ਸੈਕਟਰ-79 ਸਥਿਤ ਦਫ਼ਤਰ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਸੀਨੀਅਰ ਸਿਟੀਜ਼ਨਾਂ ਦੀ ਧਾਰਮਿਕ ਆਸਥਾ ਅਤੇ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਯਾਤਰਾ ਕਰਵਾਈ ਜਾ ਰਹੀ ਹੈ। ਯਾਤਰਾ ਦੌਰਾਨ ਸ਼ਰਧਾਲੂ ਖਾਟੂਸ਼ਾਮ, ਵਰਿੰਦਾਵਨ, ਹਰਿਦੁਆਰ ਅਤੇ ਸਾਲਾਸਰ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨਗੇ। ਯਾਤਰੀਆਂ ਦੀ ਸਹਾਇਤਾ ਲਈ ਬੱਸ ਦੇ ਨਾਲ ਗਾਈਡ ਅਤੇ ਡਾਕਟਰ ਵੀ ਮੌਜੂਦ ਰਹੇਗਾ।
ਵਿਧਾਇਕ ਨੇ ਕਿਹਾ ਕਿ ਯੋਜਨਾ ਤਹਿਤ ਸੀਨੀਅਰ ਨਾਗਰਿਕਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਧਾਰਮਿਕ ਸਥਾਨਾਂ ਸਮੇਤ ਹੋਰ ਇਤਿਹਾਸਕ ਥਾਵਾਂ ਦੇ ਦਰਸ਼ਨ ਵੀ ਕਰਵਾਏ ਜਾ ਰਹੇ ਹਨ। ਯਾਤਰਾ ਦੌਰਾਨ ਆਉਣ-ਜਾਣ, ਰਿਹਾਇਸ਼ ਅਤੇ ਹੋਰ ਜ਼ਰੂਰੀ ਪ੍ਰਬੰਧ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਧਾਰਮਿਕ ਯਾਤਰਾਵਾਂ ਨਾਲ ਲੋਕਾਂ ਵਿੱਚ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਮਿਲਵਰਤਣ ਨੂੰ ਉਤਸ਼ਾਹ ਮਿਲਦਾ ਹੈ। ਇਸ ਮੌਕੇ ਉਨ੍ਹਾਂ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀਆਂ ਮਨੋਕਾਮਨਾਵਾਂ ਪੂਰੀਆਂ ਹੋਣ ਦੀ ਅਰਦਾਸ ਕੀਤੀ।
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਮੋਹਾਲੀ ਕੋਆਰਡੀਨੇਟਰ ਫੂਲਰਾਜ ਸਿੰਘ ਨੇ ਕਿਹਾ ਕਿ ਇਸ ਯੋਜਨਾ ਨੂੰ ਲੈ ਕੇ ਲੋਕਾਂ ਵਿੱਚ ਉਤਸ਼ਾਹ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਲਈ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਲੋਕਾਂ ਦੀ ਦਿਲਚਸਪੀ ਲਗਾਤਾਰ ਬਣੀ ਹੋਈ ਹੈ ਅਤੇ ਯੋਜਨਾ ਨੂੰ ਅੱਗੇ ਵੀ ਜਾਰੀ ਰੱਖਣ ਲਈ ਤਾਲਮੇਲ ਕੀਤਾ ਜਾ ਰਿਹਾ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਕਈ ਆਗੂ ਅਤੇ ਸਥਾਨਕ ਨੁਮਾਇੰਦੇ ਵੀ ਮੌਜੂਦ ਰਹੇ।
Get all latest content delivered to your email a few times a month.