ਤਾਜਾ ਖਬਰਾਂ
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬਿਨਾਂ ਦੇਰੀ ਪੂਰੀ ਤਰ੍ਹਾਂ ਖੋਲ੍ਹਿਆ ਜਾਵੇ, ਤਾਂ ਜੋ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ-ਦੀਦਾਰ ਕਰ ਸਕਣ।
ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਸਿੱਖ ਸੰਗਤ ਦੀਆਂ ਲੰਬੇ ਸਮੇਂ ਤੋਂ ਜੁੜੀਆਂ ਧਾਰਮਿਕ ਭਾਵਨਾਵਾਂ ਅਤੇ ਗੁਰੂ ਸਾਹਿਬ ਪ੍ਰਤੀ ਅਥਾਹ ਸ਼ਰਧਾ ਦਾ ਪ੍ਰਤੀਕ ਹੈ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਾ ਹਰ ਗੁਰਸਿੱਖ ਦੀ ਅਰਦਾਸ ਨਾਲ ਜੁੜਿਆ ਹੋਇਆ ਹੈ, ਇਸ ਲਈ ਲਾਂਘੇ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਸੰਗਤਾਂ ਲਈ ਚਿੰਤਾ ਅਤੇ ਪੀੜ ਦਾ ਕਾਰਨ ਬਣਦੀ ਹੈ।
ਗਿਆਨੀ ਟੇਕ ਸਿੰਘ ਨੇ ਕਿਹਾ ਕਿ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਮਝਦੇ ਹੋਏ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਦੇ ਮੁਤਾਬਕ ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਧਾਰਮਿਕ ਸਾਂਝ ਨੂੰ ਮਜ਼ਬੂਤੀ ਮਿਲਣ ਦੇ ਨਾਲ ਭਾਰਤ ਅਤੇ ਪਾਕਿਸਤਾਨ ਵਿਚਾਲੇ ਸ਼ਾਂਤੀ ਅਤੇ ਆਪਸੀ ਸਦਭਾਵਨਾ ਲਈ ਵੀ ਮਾਹੌਲ ਬਣ ਸਕਦਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਸਰਹੱਦੀ ਇਲਾਕਿਆਂ ਦੇ ਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ ਲਈ ਵੀ ਆਪਸੀ ਸੰਪਰਕ ਦੇ ਨਵੇਂ ਮੌਕੇ ਪੈਦਾ ਹੋ ਸਕਦੇ ਹਨ। ਜਥੇਦਾਰ ਨੇ ਪ੍ਰਸ਼ਾਸਨ ਅਤੇ ਸਰਕਾਰ ਨੂੰ ਅਪੀਲ ਕੀਤੀ ਕਿ ਧਾਰਮਿਕ ਯਾਤਰਾ ਲਈ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ ਜਾਂ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦ ਤੋਂ ਜਲਦ ਖੋਲ੍ਹ ਕੇ ਦਰਸ਼ਨ-ਦੀਦਾਰ ਦੀ ਪੂਰਨ ਸਹੂਲਤ ਮੁਹੱਈਆ ਕਰਵਾਈ ਜਾਵੇ।
Get all latest content delivered to your email a few times a month.