ਤਾਜਾ ਖਬਰਾਂ
ਸ੍ਰੀ ਆਨੰਦਪੁਰ ਸਾਹਿਬ ਨਾਲ ਜੁੜੇ ਹਾਲੀਆ ਵਿਵਾਦ ਅਤੇ ਸੋਸ਼ਲ ਮੀਡੀਆ ’ਤੇ ਚੱਲ ਰਹੇ ਵੱਖ-ਵੱਖ ਦਾਅਵਿਆਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਂਚ ਦਾ ਦਾਇਰਾ ਵਧਾ ਦਿੱਤਾ ਹੈ। ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਮਾਮਲੇ ਦੀ ਨਿਰਪੱਖ ਜਾਂਚ ਲਈ 4 ਮੈਂਬਰੀ ਕਮੇਟੀ ਬਣਾਈ ਗਈ ਹੈ, ਜੋ 15 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ।
ਧਾਮੀ ਮੁਤਾਬਕ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪਹਿਲਾਂ ਵਿਭਾਗੀ ਪੱਧਰ ’ਤੇ ਜਾਂਚ ਸ਼ੁਰੂ ਕਰਵਾਈ ਗਈ ਸੀ, ਜਿਸ ਦੀ ਜ਼ਿੰਮੇਵਾਰੀ ਐਸਜੀਪੀਸੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੂੰ ਦਿੱਤੀ ਗਈ ਸੀ। ਹੁਣ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਬਲਦੇਵ ਸਿੰਘ ਕਾਇਮਪੁਰੀ, ਗੁਰਮੀਤ ਸਿੰਘ ਬੂਹ, ਬੀਬੀ ਗੁਰਿੰਦਰ ਕੌਰ ਭੋਲੂਵਾਲ ਅਤੇ ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਸ਼ਾਮਲ ਕਰਕੇ 4 ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ। ਕਮੇਟੀ ਦੇ ਤਾਲਮੇਲ ਦੀ ਜ਼ਿੰਮੇਵਾਰੀ ਬਲਵਿੰਦਰ ਸਿੰਘ ਕਾਹਲਵਾਂ ਨੂੰ ਸੌਂਪੀ ਗਈ ਹੈ।
ਐਸਜੀਪੀਸੀ ਪ੍ਰਧਾਨ ਨੇ ਆਪਣੇ ਉੱਤੇ ਲੱਗ ਰਹੇ ਦੋਸ਼ਾਂ ਨੂੰ ਵੀ ਖਾਰਜ ਕੀਤਾ। ਉਨ੍ਹਾਂ ਕਿਹਾ ਕਿ ਮਹਿਲਾ ਨੂੰ ਉੱਥੇ ਕੌਣ ਲੈ ਕੇ ਆਇਆ, ਉਹ ਕਿੱਥੋਂ ਅਤੇ ਕਿਵੇਂ ਆਈ, ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਉਸ ਦਾਅਵੇ ਨੂੰ ਵੀ ਗਲਤ ਕਰਾਰ ਦਿੱਤਾ ਕਿ ਮਹਿਲਾ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਕਿਸੇ ਘਟਨਾ ਜਾਂ ਜ਼ਬਰਦਸਤੀ ਸਬੰਧੀ ਸ਼ਿਕਾਇਤ ਕੀਤੀ ਸੀ।
ਧਾਮੀ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਅਜਿਹੀ ਕੋਈ ਸ਼ਿਕਾਇਤ ਲਿਆਂਦੀ ਜਾਂਦੀ ਤਾਂ ਉਹ ਇਸ ’ਤੇ ਚੁੱਪ ਨਾ ਰਹਿੰਦੇ। ਉਨ੍ਹਾਂ ਕਿਹਾ ਕਿ ਉਹ ਸੰਗਤ ਪ੍ਰਤੀ ਜਵਾਬਦੇਹ ਹਨ ਅਤੇ ਜਾਂਚ ਕਮੇਟੀ ਦੀ ਰਿਪੋਰਟ ਆਉਣ ਮਗਰੋਂ ਪ੍ਰੈੱਸ ਕਾਨਫਰੰਸ ਕਰਕੇ ਮਾਮਲੇ ਨਾਲ ਸਬੰਧਤ ਸਾਰੇ ਸਵਾਲਾਂ ਦੇ ਜਵਾਬ ਦੇਣਗੇ।
ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤਹਿਤ ਗਿਆਨੀ ਮਲਕੀਤ ਸਿੰਘ ਨੂੰ ਵਧੀਕ ਮੁੱਖ ਗ੍ਰੰਥੀ ਦੇ ਅਹੁਦੇ ਅਤੇ ਸੇਵਾਵਾਂ ਤੋਂ ਤੁਰੰਤ ਮੁਕਤ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਅਮਰਜੀਤ ਸਿੰਘ ਚਾਵਲਾ ਵੱਲੋਂ ਵੀਡੀਓ ਸੰਦੇਸ਼ ਰਾਹੀਂ ਭੇਜਿਆ ਅਸਤੀਫ਼ਾ ਵੀ ਮਨਜ਼ੂਰ ਕਰ ਲਿਆ ਗਿਆ ਹੈ।
ਧਾਮੀ ਨੇ ਮੀਡੀਆ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਅਪੀਲ ਕੀਤੀ ਕਿ ਧਾਰਮਿਕ ਅਤੇ ਸੰਵੇਦਨਸ਼ੀਲ ਮਾਮਲਿਆਂ ਵਿੱਚ ਤੱਥਾਂ ਦੀ ਪੁਸ਼ਟੀ ਤੋਂ ਬਿਨਾਂ ਕੋਈ ਜਾਣਕਾਰੀ ਨਾ ਫੈਲਾਈ ਜਾਵੇ। ਉਨ੍ਹਾਂ ਧਾਰਮਿਕ ਅਹੁਦਿਆਂ ’ਤੇ ਬਿਰਾਜਮਾਨ ਵਿਅਕਤੀਆਂ ਅਤੇ ਪ੍ਰਚਾਰਕਾਂ ਨੂੰ ਵੀ ਮਰਿਆਦਾ ਕਾਇਮ ਰੱਖਣ ਦੀ ਅਪੀਲ ਕੀਤੀ।
ਐਸਜੀਪੀਸੀ ਪ੍ਰਧਾਨ ਨੇ ਪੁਲਿਸ ਪ੍ਰਸ਼ਾਸਨ ਤੋਂ ਵੀ ਮਾਮਲੇ ਦੀ ਕਾਨੂੰਨੀ ਜਾਂਚ ਨਿਰਪੱਖ ਢੰਗ ਨਾਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਾਂਚ ਕਮੇਟੀ ਦੀ 15 ਦਿਨਾਂ ਬਾਅਦ ਆਉਣ ਵਾਲੀ ਰਿਪੋਰਟ ਦੇ ਆਧਾਰ ’ਤੇ ਅਗਲੀ ਸਥਿਤੀ ਜਨਤਕ ਕੀਤੀ ਜਾਵੇਗੀ।
Get all latest content delivered to your email a few times a month.