IMG-LOGO
ਹੋਮ ਪੰਜਾਬ: ਪੱਟੀ ‘ਚ 500 ਡਰੋਨਾਂ ਨਾਲ ਸਜਿਆ ਅਸਮਾਨ, ਗੁਰੂ ਰਵਿਦਾਸ ਜੀ...

ਪੱਟੀ ‘ਚ 500 ਡਰੋਨਾਂ ਨਾਲ ਸਜਿਆ ਅਸਮਾਨ, ਗੁਰੂ ਰਵਿਦਾਸ ਜੀ ਦੇ ਜੀਵਨ ਤੇ ਸੰਦੇਸ਼ਾਂ ਦੀ ਮਨਮੋਹਕ ਪੇਸ਼ਕਾਰੀ

Admin User - Sep 22, 2026 06:23 PM
IMG

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਤਹਿਤ ਪੱਟੀ ਵਿੱਚ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਗਿਆ। ਤਰਨਤਾਰਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿੱਚ ਆਯੋਜਿਤ ਇਸ ਪ੍ਰੋਗਰਾਮ ਦੌਰਾਨ 500 ਡਰੋਨਾਂ ਨੇ ਅਸਮਾਨ ਵਿੱਚ ਵੱਖ-ਵੱਖ ਰੰਗ-ਬਿਰੰਗੀਆਂ ਆਕ੍ਰਿਤੀਆਂ ਬਣਾਈਆਂ।

ਡਿਪਟੀ ਕਮਿਸ਼ਨਰ ਰਾਹੁਲ ਦੀ ਅਗਵਾਈ ਹੇਠ ਹੋਏ ਇਸ ਸ਼ੋਅ ਵਿੱਚ ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਵਿਚਾਰਧਾਰਾ ਅਤੇ ਮਹਾਨ ਸਿੱਖਿਆਵਾਂ ਨੂੰ ਤਕਨੀਕੀ ਢੰਗ ਨਾਲ ਦਰਸਾਇਆ ਗਿਆ। ਅਸਮਾਨ ਵਿੱਚ ਬਣਾਈਆਂ ਗਈਆਂ ਵੱਖ-ਵੱਖ ਤਸਵੀਰਾਂ ਅਤੇ ਆਕ੍ਰਿਤੀਆਂ ਰਾਹੀਂ ਸਮਾਜਿਕ ਬਰਾਬਰੀ, ਭਾਈਚਾਰੇ, ਦਇਆ, ਨਿਆਂ ਅਤੇ ਮਨੁੱਖੀ ਸਨਮਾਨ ਦਾ ਸੰਦੇਸ਼ ਦਿੱਤਾ ਗਿਆ। ਇਸ ਵਿਲੱਖਣ ਪੇਸ਼ਕਾਰੀ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਸਥਾਨਕ ਲੋਕ ਮੌਜੂਦ ਰਹੇ।

ਪੱਟੀ ਹਲਕੇ ਦੇ ਇੰਚਾਰਜ ਜਸਕੰਵਰ ਸਿੰਘ ਜੱਫਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਸਾਲ ਭਰ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਉਨ੍ਹਾਂ ਅਨੁਸਾਰ 650ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਤ ਸਮਾਗਮਾਂ ਲਈ ਸਰਕਾਰ ਨੇ 100 ਕਰੋੜ ਰੁਪਏ ਦਾ ਵਿਸ਼ੇਸ਼ ਬਜਟ ਰੱਖਿਆ ਹੈ।

ਜਸਕੰਵਰ ਸਿੰਘ ਜੱਫਾ ਨੇ ਦੱਸਿਆ ਕਿ ਵਿਸ਼ੇਸ਼ ਪ੍ਰਚਾਰ ਵੈਨਾਂ ਰਾਹੀਂ ਸੂਬੇ ਦੇ ਕਰੀਬ 13 ਹਜ਼ਾਰ ਪਿੰਡਾਂ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ ਨਾਲ ਸਬੰਧਤ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਸ ਤੋਂ ਇਲਾਵਾ ਵਿਦਿਅਕ ਸੰਸਥਾਵਾਂ ਵਿੱਚ ਸੈਮੀਨਾਰ ਕਰਵਾ ਕੇ ਨੌਜਵਾਨਾਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਭਰ ਵਿੱਚ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ।

ਸਮਾਗਮ ਵਿੱਚ ਐੱਸ.ਡੀ.ਐੱਮ. ਪੱਟੀ ਅਮਨਦੀਪ ਸਿੰਘ, ਲੈਕਚਰਾਰ ਕੁਲਵਿੰਦਰ ਸਿੰਘ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਹੋਰ ਪਤਵੰਤਿਆਂ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਭਾਈ ਜਸਬੀਰ ਸਿੰਘ ਜਲੰਧਰ ਵਾਲਿਆਂ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਕੀਤੇ ਗਏ ਗੁਰਬਾਣੀ ਕੀਰਤਨ ਨਾਲ ਹੋਈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.