ਤਾਜਾ ਖਬਰਾਂ
ਐਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ 'ਅਕਾਲੀ ਦਲ (ਵਾਰਿਸ ਪੰਜਾਬ ਦੇ)' ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਚੰਡੀਗੜ੍ਹ ਵਿਖੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਅਯਾਲੀ ਦੀ ਮੌਜੂਦਗੀ ਵਿੱਚ ਪਾਰਟੀ ਦੀ ਰਸਮੀ ਮੈਂਬਰਸ਼ਿਪ ਲਏ।
ਪਾਰਟੀ 'ਚ ਸ਼ਾਮਲ ਹੋਣ ਉਪਰੰਤ ਨਿਰੰਜਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸੇਵਾਮੁਕਤ ਹੋਏ 5-6 ਸਾਲ ਹੋ ਚੁੱਕੇ ਹਨ। ਰਾਜਨੀਤਿਕ ਪਾਰਟੀਆਂ ਨੇ ਨਸ਼ਾ ਖ਼ਤਮ ਕਰਨ ਦੇ ਦਾਅਵੇ ਕੀਤੇ ਸਨ, ਪਰ ਸਥਿਤੀ ਜਿਓਂ ਦੀ ਤਿਓਂ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੋਂ ਬਾਅਦ ਕੈਪਟਨ ਸਰਕਾਰ ਵੀ ਨਸ਼ਾ, ਭ੍ਰਿਸ਼ਟਾਚਾਰ ਅਤੇ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਫੇਲ੍ਹ ਸਾਬਤ ਹੋਈ ਹੈ। ਅੰਮ੍ਰਿਤਪਾਲ ਸਿੰਘ ਦੇ ਮਾਮਲੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੋਰਟ ਫੈਸਲਾ ਕਰੇਗਾ, ਪਰ ਉਨ੍ਹਾਂ ਦੀ ਪਾਰਟੀ ਦੀ ਵਿਚਾਰਧਾਰਾ ਕਾਨੂੰਨ ਦਾ ਸਤਿਕਾਰ ਕਰਨ ਵਾਲੀ ਹੈ।
ਨਿਰੰਜਨ ਸਿੰਘ ਆਪਣੇ ਕਾਰਜਕਾਲ ਦੌਰਾਨ ਕਰੀਬ 6 ਹਜ਼ਾਰ ਕਰੋੜ ਰੁਪਏ ਦੇ ਬਹੁਚਰਚਿਤ ਡਰੱਗ ਮਾਮਲੇ ਦੀ ਜਾਂਚ ਕਰਨ ਕਰਕੇ ਚਰਚਾ ਵਿੱਚ ਆਏ ਸਨ। ਇਸੇ ਜਾਂਚ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਵੀ ਪੁੱਛਗਿੱਛ ਕੀਤੀ ਸੀ। ਪੁੱਛਗਿੱਛ ਤੋਂ ਕੁਝ ਸਮੇਂ ਬਾਅਦ ਹੀ ਉਨ੍ਹਾਂ ਦੇ ਤਬਾਦਲੇ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ, ਜਿਸ ਨੂੰ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਉਹ ਜਲੰਧਰ ਈਡੀ ਦਫ਼ਤਰ ਤੋਂ ਹੀ ਸੇਵਾਮੁਕਤ ਹੋਏ ਸਨ।
ਈਡੀ ਦੀ ਨੌਕਰੀ ਤੋਂ ਬਾਅਦ ਰਾਜਨੀਤੀ ਵਿੱਚ ਆਉਣ ਵਾਲੇ ਨਿਰੰਜਨ ਸਿੰਘ ਤੀਜੇ ਅਧਿਕਾਰੀ ਹਨ। ਇਸ ਤੋਂ ਪਹਿਲਾਂ ਸਾਬਕਾ ਜੁਆਇੰਟ ਡਾਇਰੈਕਟਰ ਰਾਜੇਸ਼ਵਰ ਸਿੰਘ ਭਾਰਤੀ ਜਨਤਾ ਪਾਰਟੀ (BJP) ਅਤੇ ਡਾ. ਸ਼ਮਸੁੱਦੀਨ ਕਾਂਗਰਸ ਵਿੱਚ ਸ਼ਾਮਲ ਹੋ ਕੇ ਚੋਣ ਲੜ ਚੁੱਕੇ ਹਨ।
Get all latest content delivered to your email a few times a month.