ਤਾਜਾ ਖਬਰਾਂ
ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦੇ ਦਫ਼ਤਰਾਂ ‘ਤੇ ਈਡੀ (ਐਂਫੋਰਸਮੈਂਟ ਡਾਇਰੈਕਟੋਰੇਟ) ਵੱਲੋਂ ਪਿਛਲੇ ਦੋ ਦਿਨਾਂ ਤੋਂ ਕੀਤੀ ਜਾ ਰਹੀ ਛਾਪੇਮਾਰੀ ਨੇ ਪੰਜਾਬ ਦੀ ਰਾਜਨੀਤੀ ਵਿੱਚ ਉਬਾਲ ਲਿਆ ਦਿੱਤਾ ਹੈ। ਇਸ ਕਾਰਵਾਈ ਦੇ ਖਿਲਾਫ਼ ਆਮ ਆਦਮੀ ਪਾਰਟੀ (ਆਪ) ਨੇ ਮੋਹਾਲੀ ਸਥਿਤ 'ਪੁੱਡਾ ਭਵਨ' ਵਿਖੇ ਤਿੱਖਾ ਵਿਰੋਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ 'ਆਪ' ਵਰਕਰਾਂ ਅਤੇ ਸੁਰੱਖਿਆ ਬਲਾਂ ਵਿਚਾਲੇ ਤਣਾਅਪੂਰਨ ਸਥਿਤੀ ਬਣ ਗਈ, ਜਿੱਥੇ ਕੁਝ ਵਰਕਰ ਬੈਰੀਕੇਡ ਤੋੜ ਕੇ ਇਮਾਰਤ ਦੇ ਅੰਦਰ ਦਾਖਲ ਹੋ ਗਏ। ਹਾਲਾਂਕਿ, ਉੱਥੇ ਤਾਇਨਾਤ ਸੀਆਰਪੀਐਫ (CRPF) ਦੇ ਜਵਾਨਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ।
ਆਪ' ਨੇਤਾਵਾਂ ਦਾ ਦੋਸ਼ ਹੈ ਕਿ ਲੰਬੀ ਪੁੱਛਗਿੱਛ ਅਤੇ ਕਾਰਵਾਈ ਦੇ ਬਾਵਜੂਦ ਈਡੀ ਦੇ ਹੱਥ ਕੋਈ ਠੋਸ ਸਬੂਤ ਨਹੀਂ ਲੱਗਾ ਹੈ। ਪਾਰਟੀ ਨੇ ਦਾਅਵਾ ਕੀਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਕੇਂਦਰ ਸਰਕਾਰ ਰਾਜਨੀਤਿਕ ਦਬਾਅ ਬਣਾਉਣ ਲਈ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ।
'ਆਪ' ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ 'ਐਕਸ' (ਟਵਿੱਟਰ) 'ਤੇ ਕੇਂਦਰ ਸਰਕਾਰ 'ਤੇ ਸਿੱਧਾ ਹਮਲਾ ਬੋਲਦਿਆਂ ਕਿਹਾ ਕਿ ਈਡੀ ਦੇ ਅਧਿਕਾਰੀ ਬਿਨਾਂ ਕਿਸੇ ਕਾਨੂੰਨੀ ਆਧਾਰ ਦੇ ਲੋਕਾਂ ਦੇ ਘਰਾਂ ਦੇ ਤਾਲੇ ਤੋੜ ਕੇ ਦਾਖਲ ਹੋ ਰਹੇ ਹਨ ਅਤੇ ਹਰ ਜਗ੍ਹਾ ਤੋਂ ਖਾਲੀ ਹੱਥ ਪਰਤ ਰਹੇ ਹਨ। ਦੂਜੇ ਪਾਸੇ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚੋਣਾਂ ਨੇੜੇ ਆਉਂਦੇ ਹੀ ਅਜਿਹੀਆਂ ਕਾਰਵਾਈਆਂ ਵਿੱਚ ਤੇਜ਼ੀ ਲਿਆਂਦੀ ਗਈ ਹੈ ਤਾਂ ਜੋ ਪੰਜਾਬ ਦੇ ਆਗੂਆਂ ਅਤੇ ਅਧਿਕਾਰੀਆਂ ਨੂੰ ਡਰਾਇਆ ਜਾ ਸਕੇ। ਚੀਮਾ ਨੇ ਸਪੱਸ਼ਟ ਕੀਤਾ ਕਿ ਪੰਜਾਬ ਅਜਿਹੀ ਧੱਕੇਸ਼ਾਹੀ ਅੱਗੇ ਕਦੇ ਨਹੀਂ ਝੁਕੇਗਾ।
ਇਸ ਦੌਰਾਨ, ਈਡੀ ਦੀ ਰੇਡ ਵਿਰੁੱਧ ਪੰਜਾਬ ਸਰਕਾਰ ਨੇ ਬੁੱਧਵਾਰ ਦੇਰ ਰਾਤ ਹਾਈ ਕੋਰਟ ਦਾ ਰੁੱਖ ਕੀਤਾ ਅਤੇ ਮਾਮਲੇ ਦੀ ਤੁਰੰਤ ਸੁਣਵਾਈ ਦੀ ਮੰਗ ਕੀਤੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਹਾਈ ਕੋਰਟ ਨੇ ਛਾਪੇਮਾਰੀ ਦੀ ਨਿਗਰਾਨੀ ਲਈ ਇੱਕ ਵਾਰੰਟ ਅਫਸਰ ਨਿਯੁਕਤ ਕਰ ਦਿੱਤਾ ਹੈ। ਵਾਰੰਟ ਅਫਸਰ ਨੂੰ ਮੌਕੇ 'ਤੇ ਜਾ ਕੇ ਸਥਿਤੀ ਦੀ ਸਮੀਖਿਆ ਕਰਨ ਅਤੇ ਵੀਰਵਾਰ ਦੁਪਹਿਰ 2 ਵਜੇ ਤੱਕ ਅਦਾਲਤ ਵਿੱਚ ਸਟੇਟਸ ਰਿਪੋਰਟ ਦਾਖਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
Get all latest content delivered to your email a few times a month.