ਤਾਜਾ ਖਬਰਾਂ
ਨਡਾਲਾ-ਬੇਗੋਵਾਲ ਰੋਡ ’ਤੇ ਵੀਰਵਾਰ ਸ਼ਾਮ ਵਾਪਰੇ ਸੜਕ ਹਾਦਸੇ ਵਿੱਚ 26 ਸਾਲਾ ਨੌਜਵਾਨ ਦੀ ਜਾਨ ਚਲੀ ਗਈ। ਦਿਆਲ ਸਿੰਘ ਟਿੰਬਰ ਸਟੋਰ ਨੇੜੇ ਇੱਕ KTM ਮੋਟਰਸਾਈਕਲ ਦੀ ਝੋਨੇ ਦੀਆਂ ਬੋਰੀਆਂ ਨਾਲ ਲੱਦੇ ਟਰੱਕ ਨਾਲ ਟੱਕਰ ਹੋ ਗਈ। ਹਾਦਸਾ ਕਰੀਬ ਸ਼ਾਮ 6 ਵਜੇ ਵਾਪਰਿਆ।
ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਚੰਚਲ ਸਿੰਘ, ਵਾਸੀ ਤਲਵੰਡੀ ਕੂਕਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਟਰੱਕ ਸ਼ੈਲਰ ਤੋਂ ਝੋਨੇ ਦੀਆਂ ਬੋਰੀਆਂ ਲੈ ਕੇ ਜਾ ਰਿਹਾ ਸੀ, ਜਦਕਿ ਮਨਪ੍ਰੀਤ ਸਿੰਘ ਨਡਾਲਾ ਤੋਂ ਆਪਣੇ ਪਿੰਡ ਵੱਲ ਜਾ ਰਿਹਾ ਸੀ। ਇਸ ਦੌਰਾਨ ਦੋਵੇਂ ਵਾਹਨਾਂ ਦੀ ਟੱਕਰ ਹੋ ਗਈ।
ਟੱਕਰ ਤੋਂ ਬਾਅਦ ਮਨਪ੍ਰੀਤ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਵੱਧ ਖੂਨ ਵਹਿਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਨਡਾਲਾ ਚੌਕੀ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਟਰੱਕ ਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।
ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਦੱਸਿਆ ਜਾ ਰਿਹਾ ਹੈ ਕਿ ਮਨਪ੍ਰੀਤ ਸਿੰਘ ਕਰੀਬ ਦੋ ਮਹੀਨੇ ਪਹਿਲਾਂ ਹੀ ਅਮਰੀਕਾ ਤੋਂ ਵਾਪਸ ਆਇਆ ਸੀ। ਉਸ ਦੀ ਅਚਾਨਕ ਮੌਤ ਦੀ ਖ਼ਬਰ ਮਿਲਦਿਆਂ ਹੀ ਤਲਵੰਡੀ ਕੂਕਾ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਪਿੰਡ ਵਾਸੀਆਂ ਨੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
Get all latest content delivered to your email a few times a month.