ਤਾਜਾ ਖਬਰਾਂ
ਬਰਨਾਲਾ ਦੇ ਪਿੰਡ ਫਰਵਾਹੀ ਵਿੱਚ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਪੁਲਿਸ ਨੇ ਜਾਂਚ ਨੂੰ ਅੱਗੇ ਵਧਾਉਂਦਿਆਂ ਸ਼ਗਨਪ੍ਰੀਤ ਸਿੰਘ ਦੇ ਪਿਤਾ ਸੌਦਾਗਰ ਸਿੰਘ ਨੂੰ ਖੰਨਾ ਤੋਂ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ ਸਖ਼ਤ ਪੁਲਿਸ ਸੁਰੱਖਿਆ ਹੇਠ ਬਰਨਾਲਾ ਦੀ ਡਿਊਟੀ ਮੈਜਿਸਟ੍ਰੇਟ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਸੁਣਵਾਈ ਦੌਰਾਨ ਪੁਲਿਸ ਨੇ ਪੁੱਛਗਿੱਛ ਅਤੇ ਮਾਮਲੇ ਨਾਲ ਜੁੜੇ ਤੱਥਾਂ ਦੀ ਜਾਂਚ ਲਈ ਪੰਜ ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ। ਸੌਦਾਗਰ ਸਿੰਘ ਵੱਲੋਂ ਪੇਸ਼ ਹੋਏ ਵਕੀਲਾਂ ਨੇ ਵੀ ਆਪਣੀਆਂ ਦਲੀਲਾਂ ਅਦਾਲਤ ਸਾਹਮਣੇ ਰੱਖੀਆਂ। ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਸੌਦਾਗਰ ਸਿੰਘ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ।
ਦੱਸਿਆ ਜਾਂਦਾ ਹੈ ਕਿ ਇਸ ਮਾਮਲੇ ਵਿੱਚ ਬਰਨਾਲਾ ਪੁਲਿਸ ਵੱਲੋਂ ਪਹਿਲਾਂ ਹੀ ਨੌਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲਿਸ ਕਾਰਵਾਈ ਦੌਰਾਨ ਦੋ ਮੁਲਜ਼ਮਾਂ ਦੇ ਮੁਕਾਬਲੇ ਦੀ ਜਾਣਕਾਰੀ ਵੀ ਸਾਹਮਣੇ ਆ ਚੁੱਕੀ ਹੈ। ਸੌਦਾਗਰ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਸ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਗਿਣਤੀ ਦਸ ਹੋ ਗਈ ਹੈ।
ਹੁਣ ਪੁਲਿਸ ਰਿਮਾਂਡ ਦੌਰਾਨ ਸੌਦਾਗਰ ਸਿੰਘ ਤੋਂ ਪੁੱਛਗਿੱਛ ਕੀਤੀ ਜਾਵੇਗੀ। ਹਾਲਾਂਕਿ ਇਸ ਪੁੱਛਗਿੱਛ ਤੋਂ ਕੀ ਜਾਣਕਾਰੀ ਸਾਹਮਣੇ ਆਉਂਦੀ ਹੈ, ਇਸ ਬਾਰੇ ਫਿਲਹਾਲ ਪੁਲਿਸ ਜਾਂਚ ਪੂਰੀ ਹੋਣ ਤੱਕ ਕੁਝ ਵੀ ਸਪੱਸ਼ਟ ਨਹੀਂ ਹੈ।
Get all latest content delivered to your email a few times a month.