ਤਾਜਾ ਖਬਰਾਂ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਅਣਦੇਖੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਰੁਖ ਅਪਣਾਉਂਦੇ ਹੋਏ ਸਕੱਤਰੇਤ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਦੋ ਸੀਨੀਅਰ ਮੈਂਬਰਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਪੰਥਕ ਮਰਿਆਦਾ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਸ਼੍ਰੋਮਣੀ ਕਮੇਟੀ ਮੈਂਬਰ ਮਿੱਠੂ ਸਿੰਘ ਕਾਨੇਕੇ ਅਤੇ ਜਸਵੰਤ ਸਿੰਘ ਪੁੜੈਣ ਨੂੰ 'ਕਾਰਨ ਦੱਸੋ' ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਆਗੂਆਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਨ ਦੇ ਦੋਸ਼ ਹਨ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਹਿਲਾਂ ਹੀ 'ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ' ਐਲਾਨਿਆ ਜਾ ਚੁੱਕਾ ਹੈ। ਮਰਿਆਦਾ ਅਨੁਸਾਰ, ਇਸ ਐਲਾਨ ਤੋਂ ਬਾਅਦ ਕਿਸੇ ਵੀ ਸਿੱਖ ਸੰਸਥਾ ਦੇ ਚੁਣੇ ਹੋਏ ਨੁਮਾਇੰਦੇ ਜਾਂ ਜ਼ਿੰਮੇਵਾਰ ਵਿਅਕਤੀ ਦਾ ਮੁੱਖ ਮੰਤਰੀ ਨਾਲ ਕਿਸੇ ਵੀ ਤਰ੍ਹਾਂ ਦਾ ਮੇਲ-ਜੋਲ ਰੱਖਣਾ ਮਨ੍ਹਾ ਹੈ।
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਿਰਦੇਸ਼ਾਂ 'ਤੇ ਜਾਰੀ ਇਸ ਸਰਕਾਰੀ ਪੱਤਰ ਵਿੱਚ ਦੋਵਾਂ ਮੈਂਬਰਾਂ ਨੂੰ ਅਨੁਸ਼ਾਸਨਹੀਣਤਾ ਦੇ ਮੁੱਦੇ 'ਤੇ 10 ਦਿਨਾਂ ਦੇ ਅੰਦਰ ਸਕੱਤਰੇਤ ਵਿਖੇ ਨਿੱਜੀ ਤੌਰ 'ਤੇ ਹਾਜ਼ਰ ਹੋ ਕੇ ਲਿਖਤੀ ਸਪਸ਼ਟੀਕਰਨ ਦੇਣ ਦੇ ਹੁਕਮ ਦਿੱਤੇ ਗਏ ਹਨ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਕਾਲ ਤਖ਼ਤ ਸਾਹਿਬ ਨੇ ਦੋਵਾਂ ਮੈਂਬਰਾਂ ਵਿਰੁੱਧ ਤੁਰੰਤ ਅਨੁਸ਼ਾਸਨਾਤਮਕ ਕਾਰਵਾਈ ਕੀਤੀ ਹੈ। ਜਦੋਂ ਤੱਕ ਮਿੱਠੂ ਸਿੰਘ ਕਾਨੇਕੇ ਅਤੇ ਜਸਵੰਤ ਸਿੰਘ ਪੁੜੈਣ ਨਿੱਜੀ ਤੌਰ 'ਤੇ ਪੇਸ਼ ਹੋ ਕੇ ਆਪਣਾ ਪੱਖ ਨਹੀਂ ਰੱਖਦੇ ਅਤੇ ਅਕਾਲ ਤਖ਼ਤ ਸਾਹਿਬ ਵੱਲੋਂ ਅੰਤਿਮ ਫ਼ੈਸਲਾ ਨਹੀਂ ਸੁਣਾਇਆ ਜਾਂਦਾ, ਉਦੋਂ ਤੱਕ ਦੋਵਾਂ ਦੇ ਸ਼੍ਰੋਮਣੀ ਕਮੇਟੀ ਦੀ ਕਿਸੇ ਵੀ ਮੀਟਿੰਗ ਜਾਂ ਇਕੱਤਰਤਾ ਵਿੱਚ ਹਿੱਸਾ ਲੈਣ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ।
Get all latest content delivered to your email a few times a month.