IMG-LOGO
ਹੋਮ ਪੰਜਾਬ: ਚਾਵਲਾ ਮਾਮਲੇ ਦੀ CBI ਜਾਂਚ ਦੀ ਮੰਗ, ਧਾਮੀ ਬੋਲੇ- SGPC...

ਚਾਵਲਾ ਮਾਮਲੇ ਦੀ CBI ਜਾਂਚ ਦੀ ਮੰਗ, ਧਾਮੀ ਬੋਲੇ- SGPC ਹਰ ਨਿਰਪੱਖ ਜਾਂਚ ਲਈ ਤਿਆਰ

Admin User - Sep 30, 2026 04:45 PM
IMG

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚਾਵਲਾ ਵਿਵਾਦ ਸਮੇਤ ਸੰਸਥਾ ਨਾਲ ਜੁੜੇ ਵੱਖ-ਵੱਖ ਮਾਮਲਿਆਂ ਨੂੰ ਲੈ ਕੇ ਆਪਣਾ ਪੱਖ ਰੱਖਦਿਆਂ ਕਿਹਾ ਕਿ SGPC ਆਪਣੀ ਪਾਰਦਰਸ਼ਤਾ, ਮਰਿਆਦਾ ਅਤੇ ਭਰੋਸੇਯੋਗਤਾ ਨੂੰ ਕਾਇਮ ਰੱਖਣ ਲਈ ਕਿਸੇ ਵੀ ਪੱਧਰ ਦੀ ਨਿਰਪੱਖ ਜਾਂਚ ਲਈ ਤਿਆਰ ਹੈ।

ਪ੍ਰੈੱਸ ਕਾਨਫਰੰਸ ਦੌਰਾਨ ਧਾਮੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਲਈ SGPC ਵੱਲੋਂ ਬਣਾਈ ਗਈ 5 ਮੈਂਬਰੀ ਕਮੇਟੀ ’ਤੇ ਵੀ ਸਵਾਲ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬਾ ਸਰਕਾਰ ਦੇ ਅਧੀਨ ਹੈ, ਇਸ ਲਈ ਮਾਮਲੇ ਦੀ ਨਿਰਪੱਖਤਾ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੂੰ ਇਸ ਦੀ ਜਾਂਚ CBI ਦੇ ਹਵਾਲੇ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ CBI ਜਾਂਚ ਸ਼ੁਰੂ ਹੋਣ ’ਤੇ SGPC ਆਪਣੀ ਅੰਦਰੂਨੀ ਜਾਂਚ ਕਮੇਟੀ ਵਾਪਸ ਲੈਣ ਲਈ ਤਿਆਰ ਹੈ। ਧਾਮੀ ਨੇ ਇਹ ਵੀ ਕਿਹਾ ਕਿ ਜੇਕਰ ਤਿੰਨ ਦਿਨਾਂ ਅੰਦਰ ਮਾਮਲਾ CBI ਨੂੰ ਨਾ ਸੌਂਪਿਆ ਗਿਆ ਤਾਂ SGPC ਦਾ ਵਫ਼ਦ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਦਖ਼ਲ ਦੀ ਮੰਗ ਕਰੇਗਾ।

ਉਨ੍ਹਾਂ ਸੋਸ਼ਲ ਮੀਡੀਆ ’ਤੇ ਚੱਲ ਰਹੇ ਦੋਸ਼ਾਂ ਅਤੇ ਕਥਿਤ ਪ੍ਰਚਾਰ ’ਤੇ ਵੀ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਸੰਵੇਦਨਸ਼ੀਲ ਮਾਮਲਿਆਂ ਨੂੰ ਸੋਸ਼ਲ ਮੀਡੀਆ ਟ੍ਰਾਇਲ ਦਾ ਰੂਪ ਦੇਣ ਦੀ ਬਜਾਏ ਜਾਂਚ ਦੇ ਨਤੀਜਿਆਂ ਦੀ ਉਡੀਕ ਕੀਤੀ ਜਾਣੀ ਚਾਹੀਦੀ ਹੈ। ਸਰਾਵਾਂ ਅਤੇ ਫੰਡਾਂ ਸਬੰਧੀ ਉੱਠ ਰਹੇ ਸਵਾਲਾਂ ’ਤੇ ਉਨ੍ਹਾਂ ਕਿਹਾ ਕਿ SGPC ਵਿੱਚ ਖਰਚਿਆਂ ਦੀ ਮਨਜ਼ੂਰੀ ਨਿਯਮਾਂ ਅਨੁਸਾਰ ਐਗਜ਼ੈਕਟਿਵ ਕਮੇਟੀ ਵੱਲੋਂ ਦਿੱਤੀ ਜਾਂਦੀ ਹੈ।

ਸਿੱਖ ਗੁਰਦੁਆਰਾ ਐਕਟ 1925 ਦੇ ਮੁੱਦੇ ’ਤੇ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੇ ਦਖ਼ਲ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਇਹ ਕੇਂਦਰੀ ਐਕਟ ਹੈ ਅਤੇ ਸੂਬਾ ਸਰਕਾਰ ਨੂੰ ਇਸ ਵਿੱਚ ਆਪਣੀ ਮਰਜ਼ੀ ਨਾਲ ਤਬਦੀਲੀ ਕਰਨ ਦਾ ਅਧਿਕਾਰ ਨਹੀਂ ਹੈ। ਉਨ੍ਹਾਂ SGPC ਦੀਆਂ ਆਮ ਚੋਣਾਂ ਸਮੇਂ ਸਿਰ ਕਰਵਾਉਣ ਦੀ ਵੀ ਗੱਲ ਆਖੀ।

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਰਜ਼ੀ ਬਾਰੇ ਧਾਮੀ ਨੇ ਦੱਸਿਆ ਕਿ ਜੇਲ੍ਹ ਵਿੱਚ ਹੋਈ ਮੁਲਾਕਾਤ ਦੌਰਾਨ ਰਾਜੋਆਣਾ ਨੇ ਅਰਜ਼ੀ ਵਾਪਸ ਲੈਣ ਦੀ ਇੱਛਾ ਜ਼ਾਹਰ ਕੀਤੀ ਹੈ। ਧਾਮੀ ਅਨੁਸਾਰ ਇਸ ਮਾਮਲੇ ’ਤੇ SGPC ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਅਤੇ ਵਿਦਵਾਨਾਂ ਤੋਂ ਸਿੱਖ ਸਿਧਾਂਤਾਂ ਤੇ ਪੰਥਕ ਪਰੰਪਰਾਵਾਂ ਅਨੁਸਾਰ ਸਪੱਸ਼ਟ ਦਿਸ਼ਾ-ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਹੈ।

ਇਸ ਤੋਂ ਇਲਾਵਾ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਸਬੰਧੀ ਕੱਢੇ ਗਏ ਵਿਸ਼ਾਲ ਨਗਰ ਕੀਰਤਨ ਦੀ ਸਫਲਤਾ ਲਈ ਸੰਗਤ ਅਤੇ SGPC ਦੇ ਕਰਮਚਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਰੋਧ ਜਾਂ ਧਰਨਿਆਂ ਦੀ ਬਜਾਏ ਕਿਸੇ ਵੀ ਮਸਲੇ ਨੂੰ ਗੱਲਬਾਤ ਰਾਹੀਂ ਹੱਲ ਕਰਨ ਦੀ ਕੋਸ਼ਿਸ਼ ਹੋਣੀ ਚਾਹੀਦੀ ਹੈ ਅਤੇ SGPC ਸਵਾਲਾਂ ਦੇ ਜਵਾਬ ਦੇਣ ਅਤੇ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.